ਡਿਪਟੀ ਕਮਿਸ਼ਨਰ ਸ੍ਰੀਮਤੀ ਅੰਮ੍ਰਿਤ ਕੌਰ ਗਿੱਲ ਰਾਸ਼ਨ ਦੀ ਵੰਡ ਬਾਰੇ ਜਾਣਕਾਰੀ ਦਿੰਦੇ ਹੋਏ
ਦੀਦਾਰ ਗੁਰਨਾ
ਫ਼ਤਹਿਗੜ੍ਹ ਸਾਹਿਬ, 09 ਜੁਲਾਈ : ਕੋਰੋਨਾ ਵਾਇਰਸ ਕਾਰਨ ਲੱਗੇ ਕਰਫਿਊ ਤੇ ਲੌਕਡਾਊਨ ਦੌਰਾਨ ਜਿ਼ਲ੍ਹਾ ਪ੍ਰਸ਼ਾਸਨ ਵੱਲੋਂ ਲੋਕਾਂ ਦੀਆਂ ਮੁਸ਼ਕਿਲਾਂ ਦੇ ਹੱਲ ਲਈ ਉਚੇਚੇ ਕਦਮ ਚੁੱਕੇ ਗਏ ਤੇ ਸਾਰੀਆਂ ਲੋੜੀਂਦੀਆਂ ਚੀਜ਼ਾਂ ਲੋਕਾਂ ਤੱਕ ਪੁੱਜਦੀਆਂ ਕੀਤੀਆਂ ਗਈਆਂ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼੍ਰੀਮਤੀ ਅੰਮ੍ਰਿਤ ਕੌਰ ਗਿੱਲ ਨੇ ਦੱਸਿਆ ਕਿ ਫ਼ਤਹਿਗੜ੍ਹ ਸਾਹਿਬ ਜਿ਼ਲ੍ਹੇ ਵਿੱਚ ਲੋੜਵੰਦਾਂ ਨੂੰ ਰਾਸ਼ਨ ਦੇ 30 ਹਜ਼ਾਰ ਪੈਕੇਟ ਮੁਹੱਈਆ ਕਰਵਾਏ ਗਏ। ਇਸ ਤੋਂ ਇਲਾਵਾ ਵੱਖ-ਵੱਖ ਸਮਾਜ ਸੇਵੀ ਸੰਸਥਾਵਾਂ ਤੇ ਪਿੰਡਾਂ ਦੀਆਂ ਪੰਚਾਇਤਾਂ ਦੇ ਸਹਿਯੋਗ ਨਾਲ ਲੋਕਾਂ ਤੱਕ ਤਿਆਰ ਖਾਣਾ ਵੀ ਲਗਾਤਾਰ ਪੁਜਦਾ ਕੀਤਾ ਗਿਆ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹੁਣ ਆਤਮ ਨਿਰਭਰ ਭਾਰਤ ਸਕੀਮ ਅਧੀਨ ਲੋੜਵੰਦਾਂ ਨੂੰ 37 ਹਜ਼ਾਰ 339 ਰਾਸ਼ਨ ਦੇ ਪੈਕੇਟ ਵੰਡੇ ਜਾ ਰਹੇ ਹਨ ਤੇ ਸਾਰੇ ਪੈਕੇਟ ਛੇਤੀ ਹੀ ਵੰਡ ਦਿੱਤੇ ਜਾਣਗੇ । ਸ਼੍ਰੀਮਤੀ ਗਿੱਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕੋਰੋਨਾ ਵਾਇਰਸ ਤੋਂ ਬਚਾਅ ਲਈ ਸਿਹਤ ਵਿਭਾਗ ਵੱਲੋਂ ਦੱਸੀਆਂ ਸਾਵਧਾਨੀਆਂ ਦੀ ਪਾਲਣਾ ਕਰਨੀ ਯਕੀਨੀ ਬਣਾਉਣ ਅਤੇ ਆਪਣੇ ਘਰਾਂ ਤੋਂ ਬਾਹਰ ਨਿਕਲਦੇ ਸਮੇਂ ਆਪਣਾ ਨੱਕ ਤੇ ਮੂੰਹ ਰੁਮਾਲ ਜਾਂ ਮਾਸਕ ਨਾਲ ਢੱਕ ਕੇ ਰੱਖਿਆ ਜਾਵੇ ਅਤੇ ਆਪਣੇ ਹੱਥਾਂ ਨੂੰ ਵਾਰ-ਵਾਰ ਸਾਬਣ ਪਾਣੀ ਜਾਂ ਸੈਨੀਟਾਈਜ਼ਰ ਨਾਲ ਸਾਫ ਕੀਤਾ ਜਾਵੇ ਅਤੇ ਸਮਾਜਕ ਵਿੱਥ ਕਾਇਮ ਰੱਖੀ ਜਾਵੇ। ਉਨ੍ਹਾਂ ਕਿਹਾ ਕਿ ਜਿ਼ਲ੍ਹਾ ਪ੍ਰਸ਼ਾਸਨ ਲੋਕਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਵਚਨਬੱਧ ਹੈ ਤੇ ਲੋਕਾਂ ਨੂੰ ਮੁਸ਼ਕਲ ਨਹੀਂ ਆਉਣ ਦਿੱਤੀਆਂ ਜਾਣਗੀਆਂ।