ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਸ਼੍ਰੀਮਤੀ ਅੰਮ੍ਰਿਤ ਕੌਰ ਗਿੱਲ
ਲੋਕ ਸਰਕਾਰੀ ਦਫ਼ਤਰਾਂ ਸਮੇਤ ਹੋਰ ਭੀੜ ਵਾਲੇ ਜਨਤਕ ਸਥਾਨਾਂ 'ਤੇ ਜਾਣ ਤੋਂ ਕਰਨ ਗੁਰੇਜ਼
ਦੀਦਾਰ ਗੁਰਨਾ
ਫ਼ਤਹਿਗੜ੍ਹ ਸਾਹਿਬ, 10 ਜੁਲਾਈ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਸ਼ੁਰੂ ਕੀਤੇ ਗਏ ਮਿਸ਼ਨ ਫ਼ਤਿਹ ਤਹਿਤ ਲੋਕਾਂ ਨੂੰ ਕੋਰੋਨਾ ਮਹਾਂਮਾਰੀ ਤੋਂ ਬਚਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਨੇ ਲੋਕਾਂ ਦੀ ਸੁਵਿਧਾ ਲਈ ਪੰਜ ਈ-ਮੇਲ ਜਾਰੀ ਕੀਤੇ ਹਨ, ਜਿਨ੍ਹਾਂ 'ਤੇ ਜ਼ਿਲ੍ਹੇ ਦਾ ਕੋਈ ਵੀ ਨਾਗਰਿਕ ਘਰ ਬੈਠੇ ਹੀ ਆਪਣੀਆਂ ਸ਼ਿਕਾਇਤਾਂ ਤੇ ਕੰਮਾਂ ਬਾਰੇ ਦੱਸ ਸਕਦਾ ਹੈ। ਡਿਪਟੀ ਕਮਿਸ਼ਨਰ ਸ਼੍ਰੀਮਤੀ ਅੰਮ੍ਰਿਤ ਕੌਰ ਗਿੱਲ ਨੇ ਦੱਸਿਆ ਕਿ ਕੋਰੋਨਾ ਦੇ ਮੱਦੇਨਜ਼ਰ ਲੋਕਾਂ ਨੂੰ ਆਪਣੇ ਕੰਮਾਂ ਲਈ ਸਰਕਾਰੀ ਦਫ਼ਤਰਾਂ ਵਿੱਚ ਆਉਣ ਦੀ ਲੋੜ ਨਹੀਂ। ਉਨ੍ਹਾਂ ਦੱਸਿਆ ਕਿ ਕੋਰੋਨਾ ਮਹਾਂਮਾਰੀ ਨੂੰ ਫੈਲਣ ਤੋਂ ਰੋਕਣ ਲਈ ਇਹ ਕਦਮ ਉਠਾਇਆ ਗਿਆ ਹੈ । ਸਰਕਾਰੀ ਕਰਮਚਾਰੀ ਤੇ ਅਧਿਕਾਰੀ ਕੋਰੋਨਾ ਮਹਾਂਮਾਰੀ ਨਾਲ ਨਿਪਟਣ ਵਿੱਚ ਲੱਗੇ ਹੋਏ ਹਨ ਤੇ ਇਹ ਬਿਮਾਰੀ ਅਧਿਕਾਰੀਆਂ ਤੇ ਕਰਮਚਾਰੀਆਂ ਵਿੱਚ ਵੀ ਫੈਲਣ ਲਗੀ ਹੈ। ਅਜਿਹੇ ਵਿੱਚ ਹੁਣ ਸਮਾਜਿਕ ਦੂਰੀ ਬਣਾਏ ਰੱਖਣਾ ਬੇਹੱਦ ਜ਼ਰੂਰੀ ਹੋ ਗਿਆ ਹੈ।
ਸ੍ਰੀਮਤੀ ਅੰਮ੍ਰਿਤ ਕੌਰ ਗਿੱਲ ਨੇ ਦੱਸਿਆ ਕਿ ਜ਼ਿਲ੍ਹੇ ਦੇ ਹਰ ਵਿਅਕਤੀ ਦਾ ਵੀ ਇਹ ਫਰਜ਼ ਬਣਦਾ ਹੈ ਕਿ ਉਹ ਸਰਕਾਰੀ ਦਫ਼ਤਰਾਂ ਸਮੇਤ ਹੋਰ ਭੀੜ ਵਾਲੇ ਜਨਤਕ ਸਥਾਨਾਂ ਤੇ ਜਾਣ ਤੋਂ ਗੁਰੇਜ ਕਰਨ। ਉਨ੍ਹਾਂ ਦੱਸਿਆ ਕਿ ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਅਧਿਕਾਰੀ ਤੇ ਕਰਮਚਾਰੀ ਵੀ ਕੋਰੋਨਾ ਮਹਾਂਮਾਰੀ ਤੋਂ ਪੀੜਤ ਹੋ ਗਏ ਹਨ। ਅਜਿਹੇ ਵਿੱਚ ਇਹ ਜਰੂਰੀ ਹੋ ਗਿਆ ਹੈ ਕਿ ਲੋਕ ਸਰਕਾਰੀ ਦਫ਼ਤਰਾਂ ਵਿੱਚ ਆਉਣ ਤੋਂ ਗੁਰੇਜ ਕਰਨ। ਉਨ੍ਹਾਂ ਇਹ ਵੀ ਕਿਹਾ ਕਿ ਆਮ ਲੋਕਾਂ ਦੇ ਕੰਮਾਂ ਲਈ ਜਾਰੀ ਕੀਤੇ ਇਨ੍ਹਾਂ ਈ-ਮੇਲ ਐਡਰੈਸਾਂ 'ਤੇ ਜੋ ਵੀ ਸ਼ਿਕਾਇਤ ਜਾਂ ਕੰਮ ਸਬੰਧੀ ਈ ਮੇਲ ਆਵੇਗੀ ਉਸ 'ਤੇ ਤੁਰੰਤ ਕਾਰਵਾਈ ਕੀਤੀ ਜਾਵੇਗੀ।
ਸ਼੍ਰੀਮਤੀ ਗਿੱਲ ਨੇ ਕਿਹਾ ਕਿ ਲੋਕਾਂ ਦੇ ਕੰਮ ਨਾ ਰੁਕਣ ਇਸ ਲਈ ਜ਼ਿਲ੍ਹਾ ਪ੍ਰਸ਼ਾਸਨ ਨੇ ਪੰਜ ਵੱਖ-ਵੱਖ ਈ-ਮੇਲ ਐਡਰੈਸ ਜਾਰੀ ਕੀਤੇ ਹਨ। ਉਨ੍ਹਾਂ ਹੁਕਮ ਜਾਰੀ ਕੀਤੇ ਹਨ ਕਿ ਦਿਨ ਵਿੱਚ ਹਰ ਦੋ ਘੰਟੇ ਬਾਅਦ ਈ ਮੇਲ ਰਾਹੀਂ ਪ੍ਰਾਪਤ ਸ਼ਿਕਾਇਤਾਂ ਦੀ ਜਾਂਚ ਕਰਕੇ ਉਨ੍ਹਾਂ ਤੇ ਕਾਰਵਾਈ ਕੀਤੀ ਜਾਵੇ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਲੋਕ ਆਪਣੀਆਂ ਸ਼ਿਕਾਇਤਾਂ ਸਦਰ ਦਫ਼ਤਰ ਦੇ ਸੁਪਰਡੈਂਟ ਗਰੇਡ 2 (ਜ) ਦੇ ਈ ਮੇਲ rajesh22fgs@gmail.com, ਸਦਰ ਦਫ਼ਤਰ ਦੇ ਸੁਪਰਡੈਂਟ ਗਰੇਡ 2 (ਮਾਲ) ਦੇ ਈ-ਮੇਲ seemac1397@gmail.com, ਅਮਲਾ ਸ਼ਾਖਾ ਨਾਲ ਸਬੰਧਤ ਕੰਮਾਂ ਜਾਂ ਸ਼ਿਕਾਇਤਾਂ ਲਈ ਈ-ਮੇਲ eabranchfgs@gmail.com, ਫੁਟਕਲ ਸ਼ਾਖਾ ਦੇ ਈ ਮੇਲ ਐਡਰਸ mabranch88@gmail.com ਅਤੇ ਅਸਲਾ ਸ਼ਾਖਾ ਨਾਲ ਸਬੰਧਤ ਕੰਮਾਂ ਜਾਂ ਸ਼ਿਕਾਇਤਾਂ ਲਈ ਈ-ਮੇਲ ਐਡਰੈਸ plabranchfgs@gmail.com 'ਤੇ ਆਪਣੇ ਕੰਮਾਂ ਜਾਂ ਸ਼ਿਕਾਇਤਾਂ ਲਈ ਸੰਪਰਕ ਕੀਤਾ ਜਾ ਸਕਦਾ ਹੈ। ਇਥੇ ਵਰਨਣਯੋਗ ਹੈ ਕਿ ਬੀਤੇ ਦਿਨੀਂ ਡਿਪਟੀ ਕਮਿਸ਼ਨਰ ਸ਼੍ਰੀਮਤੀ ਅੰਮ੍ਰਿਤ ਕੌਰ ਗਿੱਲ, ਵਧੀਕ ਡਿਪਟੀ ਕਮਿਸ਼ਨਰ ਅਨੁਪ੍ਰਿਤਾ ਜੌਹਲ, ਸਿਵਲ ਸਰਜਨ ਡਾ. ਐਨ.ਕੇ. ਅਗਰਵਾਲ ਸਮੇਤ ਪੰਜ ਅਧਿਕਾਰੀਆਂ ਦੇ ਕੋਰੋਨਾ ਸੈਂਪਲ ਲਏ ਗਏ ਸਨ, ਜੋ ਕਿ ਨੈਗੇਟਿਵ ਆਏ ਹਨ।