ਫਿਰੋਜ਼ਪੁਰ 1 ਅਗਸਤ 2020 : ਟੈੱਟ ਪਾਸ ਬੇਰੁਜ਼ਗਾਰ ਬੀਐੱਡ ਅਧਿਆਪਕ ਯੂਨੀਅਨ, ਪੰਜਾਬ ਅਤੇ ਬੇਰੁਜ਼ਗਾਰ ਮਲਟੀਪਰਪਜ਼ ਹੈਲਥ ਵਰਕਜ਼ ਯੂਨੀਅਨ ਵੱਲੋਂ ਸਾਂਝੇ ਤੌਰ 'ਤੇ ਇਥੇ ਕੇਂਦਰ ਅਤੇ ਸੂਬਾ ਸਰਕਾਰਾਂ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਸਵਰਨ ਸਿੰਘ ਨੇ ਪੰਜਾਬ ਸਰਕਾਰ ਦੇ ਵਿੱਤ ਵਿਭਾਗ ਵੱਲੋਂ ਜਾਰੀ ਕੀਤੇ ਪੱਤਰ ਦੀ ਸਖ਼ਤ ਨਿਖੇਧੀ ਕਰਦਿਆਂ ਇਸ ਨੂੰ ਤੁਰੰਤ ਵਾਪਸ ਲੈਣ ਦੀ ਮੰਗ ਕੀਤੀ ਹੈ। ਯੂਨੀਅਨ ਸੂਬਾ ਆਗੂ ਸੁਖਦੇਵ ਸਿੰਘ ਜਲਾਲਾਬਾਦ ਨੇ ਕਿਹਾ ਕਿ ਪੰਜਾਬ ਦੀ ਕਾਂਗਰਸ ਸਰਕਾਰ ਵੱਲੋਂ ਪੰਜਾਬ ਦੇ ਮੁਲਾਜ਼ਮਾਂ, ਕੱਚੇ ਮੁਲਾਜ਼ਮਾਂ ਅਤੇ ਬੇਰੁਜ਼ਗਾਰਾਂ ਨਾਲ ਜਿਹੜੇ ਵਾਅਦੇ ਕਰਕੇ 2017 ਦੀ ਵਿਧਾਨ-ਸਭਾ ਚੋਣ ਜਿੱਤ ਕੇ ਸਰਕਾਰ ਦਾ ਗਠਨ ਕੀਤਾ ਗਿਆ ਸੀ, ਉਹ ਵਾਅਦੇ ਪਰ੍ਹਾਂ ਸੁੱਟਦਿਆਂ ਮੁਲਾਜ਼ਮਾਂ ਦੀ ਸੰਘੀ ਘੁੱਟੀ ਜਾ ਰਹੀ ਹੈ।
ਪੰਜਾਬ ਸਰਕਾਰ ਦੇ ਤਨਖਾਹ ਸਕੇਲਾਂ ਨੂੰ ਤਿਲਾਂਜਲੀ ਦੇ ਕੇ ਕੇਂਦਰ ਸਰਕਾਰ ਦੇ ਪੈਟਰਨ ਅਨੁਸਾਰ ਤਨਖਾਹ ਸਕੇਲ ਦੇਣ ਦਾ ਪੱਤਰ 17 ਜੁਲਾਈ ਨੂੰ ਵਿੱਤ ਵਿਭਾਗ ਵੱਲੋਂ ਜਾਰੀ ਕੀਤਾ ਗਿਆ ਹੈ, ਜੋ ਕਿ ਪੰਜਾਬ ਦੇ ਬੇਰੁਜ਼ਗਾਰ ਨੌਜਵਾਨਾਂ ਅਤੇ ਸਰਕਾਰੀ ਅਦਾਰਿਆਂ ਲਈ ਖਤਰੇ ਦੀ ਘੰਟੀ ਹੈ। ਖਾਸ ਤੌਰ 'ਤੇ ਨਵੀਆਂ ਭਰਤੀਆਂ ਇਸ ਫੈਸਲੇ ਨਾਲ ਪ੍ਰਭਾਵਿਤ ਹੋਣਗੀਆਂ।
ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਹੈ, ਜੋ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਵਿਚ ਨਾਕਾਮਯਾਬ ਰਹੀ ਹੈ। ਪੰਜਾਬ ਸਰਕਾਰ ਵੱਲੋਂ ਸਿਹਤ ਵਿਭਾਗ ਵਿੱਚ ਕੱਢੀਆਂ ਮਲਟੀਪਰਪਜ਼-ਹੈਲਥ ਵਰਕਰਾਂ ਦੀਆਂ 200 (ਮੇਲ), 600(ਫੀਮੇਲ) ਅਸਾਮੀਆਂ, ਸਿੱਖਿਆ ਵਿਭਾਗ ਵੱਲੋਂ ਕੱਢੀਆਂ ਮਾਸਟਰ ਕਾਡਰ ਦੀਆਂ ਕੁੱਲ 3282 ਅਸਾਮੀਆਂ, ਪਰ ਸਮਾਜਿਕ ਸਿੱਖਿਆ 54, ਪੰਜਾਬੀ 62 ਅਤੇ ਹਿੰਦੀ ਦੀਆਂ ਮਹਿਜ਼ 52 ਅਸਾਮੀਆਂ ਕੱਢੀਆਂ ਹਨ, ਇਨ੍ਹਾਂ ਅਸਾਮੀਆਂ ਵਿਚ ਉਮਰ-ਹੱਦ 37 ਤੋਂ 42 ਸਾਲ ਕਰਨ ਅਤੇ ਅਸਾਮੀਆਂ ਦੀ ਗਿਣਤੀ ਵਧਾਉਣ ਦੀ ਮੰਗ ਕਰਦਿਆਂ ਬੇਰੁਜ਼ਗਾਰ ਜਥੇਬੰਦੀਆਂ ਨੇ ਮੰਗਾਂ ਦਾ ਹੱਲ ਨਾ ਹੋਣ 'ਤੇ ਸੰਘਰਸ਼ ਤੇਜ਼ ਕਰਨ ਦੀ ਚਿਤਾਵਨੀ ਦਿੱਤੀ ਹੈ।
ਇਸੇ ਤਰ੍ਹਾਂ ਕੇਂਦਰ ਸਰਕਾਰ ਵੱਲੋਂ ਲਿਆਂਦੀ ਨਵੀਂ ਨੀਤੀ ਤਹਿਤ ਅਧਿਆਪਕਾਂ ਦੀ ਭਰਤੀ ਲਈ ਇੰਟਰਵਿਊ ਅਤੇ ਡੈਮੋ ਦਾ ਜ਼ਿਕਰ ਹੈ, ਜੋ ਸਰਾਸਰ ਗਲਤ ਤਰੀਕਾ ਹੈ। ਅਜਿਹੀ ਪ੍ਰਕਿਰਿਆ ਅਧਿਆਪਕ ਭਰਤੀ ਨੂੰ ਪੱਖਪਾਤ ਦਾ ਸ਼ਿਕਾਰ ਬਣਾ ਸਕਦੀ ਹੈ। ਅਧਿਆਪਕ ਭਰਤੀ ਸਿਰਫ਼ ਵਿਸ਼ੇ ਦੀ ਮੁਕਾਬਲਾ ਪ੍ਰੀਖਿਆ ਜਾਂ ਕੋਰਸ ਦੀ ਮੈਰਿਟ ਰਾਹੀਂ ਹੀ ਹੋਵੇ । ਇਸ ਮੌਕੇ 17 ਜੁਲਾਈ ਦੇ ਤਨਖਾਹ ਵਾਲੇ ਪੱਤਰ ਦੀਆਂ ਕਾਪੀਆਂ ਵੀ ਫੂਕੀਆਂ। ਇਸ ਮੌਕੇ ਗੁਰਪ੍ਰੀਤ ਸਿੰਘ, ਅਵਤਾਰ ਸਿੰਘ, ਸਰਬਜੀਤ ਸਿੰਘ, ਕਲਵੰਤ ਸਿੰਘ, ਅਤੇ ਨੀਰਜ ਸਿੰਘ ਆਦਿ ਹਾਜ਼ਰ ਸਨ।