ਪੁਲੀਸ ਵੱਲੋਂ ਵੱਖ ਵੱਖ ਥਾਈਂ ਚੈਕਿੰਗ ਕੀਤੇ ਜਾਣ ਦੇ ਦ੍ਰਿਸ਼
ਦੀਦਾਰ ਗੁਰਨਾ
ਫ਼ਤਹਿਗੜ੍ਹ ਸਾਹਿਬ, 02 ਅਗਸਤ : ਕਿਸੇ ਨੂੰ ਵੀ ਅਮਨ ਕਾਨੂੰਨ ਦੀ ਸਥਿਤੀ ਭੰਗ ਨਹੀਂ ਕਰਨ ਦਿੱਤੀ ਜਾਵੇਗੀ ਤੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਐਸ.ਪੀ.(ਡੀ) ਹਰਪਾਲ ਸਿੰਘ ਨੇ ਜਿ਼ਲ੍ਹਾ ਪੁਲੀਸ ਵੱਲੋਂ ਆਜ਼ਾਦੀ ਦਿਵਸ ਦੇ ਮੱਦੇਨਜ਼ਰ ਵੱਖ ਵੱਖ ਥਾਈਂ ਚਲਾਈ ਗਈ ਤਲਾਸ਼ੀ ਮੁਹਿੰਮ ਬਾਰੇ ਜਾਣਕਾਰੀ ਦਿੰਦਿਆਂ ਕੀਤਾ
ਸ. ਹਰਪਾਲ ਸਿੰਘ ਨੇ ਗੱਲਬਾਤ ਕਰਦਿਆਂ ਅੱਗੇ ਦੱਸਿਆ ਕਿ ਜਿ਼ਲ੍ਹਾ ਪੁਲੀਸ ਨੇ ਅੱਜ ਵੱਖ ਵੱਖ ਥਾਈਂ ਖਾਸ ਤੌਰ ’ਤੇ ਢਾਬਿਆਂ ਦੀ ਚੈਕਿੰਗ ਕੀਤੀ ਤਾਂ ਜੋ ਆਜ਼ਾਦੀ ਦਿਵਸ ਦੇ ਮੱਦੇਨਜ਼ਰ ਕੋਈ ਅਣਸੁਖਾਵੀਂ ਘਟਨਾ ਨਾ ਵਾਪਰੇ, ਇਸ ਦੇ ਨਾਲ ਨਾਲ ਇਸ ਚੈਕਿੰਗ ਦੌਰਾਨ ਇਹ ਵੀ ਯਕੀਨੀ ਬਣਾਇਆ ਗਿਆ ਕਿ ਢਾਬਾ ਪ੍ਰਬੰਧਕਾਂ ਵੱਲੋਂ ਕੋਰੋਨਾ ਸਬੰਧੀ ਹਦਾਇਤਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ। ਉਨ੍ਹਾਂ ਅੱਗੇ ਕਿਹਾ ਕਿ ਇਸ ਤਰ੍ਹਾਂ ਦੀ ਚੈਕਿੰਗ ਲਗਾਤਾਰ ਜਾਰੀ ਰਹੇਗੀ, ਇਨ੍ਹਾਂ ਚੈਕਿੰਗਾਂ ਦੌਰਾਨ ਜਿੱਥੇ ਆਜ਼ਾਦੀ ਦਿਵਸ ਸਬੰਧੀ ਸੁਰੱਖਿਆ ਪ੍ਰਬੰਧਾਂ ਨੂੰ ਯਕੀਨੀ ਬਣਾਇਆ ਜਾਵੇਗਾ, ਉਥੇ ਇਹ ਵੀ ਯਕੀਨੀ ਬਣਾਇਆ ਜਾਵੇਗਾ ਕਿ ਕੋਰੋਨਾ ਸਬੰਧੀ ਸਰਕਾਰ ਦੀਆਂ ਹਦਾਇਤਾਂ ਦੀ ਪੂਰੀ ਪਾਲਣਾ ਹੋਵੇ। ਉਨ੍ਹਾਂ ਕਿਹਾ ਕਿ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਨੂੰ ਬਖ਼ਸਿ਼ਆ ਨਹੀਂ ਜਾਵੇਗਾ ਤੇ ਅਜਿਹਾ ਕਰਨ ਵਾਲਿਆਂ ਖਿਲਾਫ ਕਾਨੂੰਨ ਮੁਤਾਬਕ ਕਾਰਵਾਈ ਕੀਤੀ ਜਾ ਰਹੀ ਹੈ