ਦੀਪਕ ਜੈਨ
ਜਗਰਾਓਂ, 6 ਅਗਸਤ 2020 - ਸ਼ਹਿਰ ਦੇ ਪ੍ਰਸਿੱਧ ਪ੍ਰਾਚੀਨ ਭਦਰਕਾਲੀ ਮੰਦਰ ਦੇ ਚੇਅਰਮੈਨ ਪਰਾਸ਼ਰ ਦੇਵ ਸ਼ਰਮਾ ਅਤੇ ਸਵੱਛ ਭਾਰਤ ਮੁਹਿੰਮ ਤਹਿਤ ਵਿਸ਼ੇਸ਼ ਕੰਮ ਕਰਨ ਵਾਲੇ ਨੌਜਵਾਨ ਸਮਾਜ ਸੇਵੀ ਜਹਾਨਵੀ ਬਹਿਲ ਨੇ ਭੱਦਰਕਾਲੀ ਮੰਦਰ ਦੇ ਨੇੜੇ ਵੱਡੇ ਕੂੜੇ ਦੇ ਡੰਪ ਨੂੰ ਚੁੱਕਣ ਲਈ ਲਗਾਤਾਰ ਮੁਹਿੰਮ ਚਲਾਈ। ਉਨ੍ਹਾਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਇੱਕ ਪਟੀਸ਼ਨ ਦਾਇਰ ਕੀਤੀ। ਪਰ ਜ਼ਿਲ੍ਹਾ ਪ੍ਰਸ਼ਾਸਨ ਅਤੇ ਨਗਰ ਕੌਂਸਲ ਨੇ ਮਾਨਯੋਗ ਚੀਫ਼ ਜਸਟਿਸ ਦੀਆਂ ਹਦਾਇਤਾਂ ਦੀ ਪਾਲਣਾ ਨਹੀਂ ਕੀਤੀ ਅਤੇ ਡੰਪ ਨੂੰ ਚੁੱਕਣ ਦੀ ਪ੍ਰਕਿਰਿਆ ਰੋਕ ਦਿੱਤੀ ਹੈ।
ਤਿਉਹਾਰਾਂ ਕਾਰਨ ਪ੍ਰਾਚੀਨ ਮੰਦਰ ਵਿੱਚ ਆਉਣ ਵਾਲੇ ਲੋਕਾਂ ਨੂੰ ਵੀ ਇਸ ਸਮੱਸਿਆ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪਰ ਨਗਰ ਕੌਂਸਲ ਦੇ ਅਧਿਕਾਰੀਆਂ ਵਲੋਂ ਇਸ ਮਾਮਲੇ ਨੂੰ ਅੱਖੋਂ ਓਹਲੇ ਕੀਤਾ ਗਿਆ ਹੈ ਅਤੇ ਉਹ ਸਥਾਨਕ ਨਿਵਾਸੀਆਂ ਦੀਆਂ ਮੁਸ਼ਕਿਲਾਂ ਨਾਲ ਚਿੰਤਤ ਨਹੀਂ ਹਨ। ਪਰਾਸ਼ਰ ਦੇਵ ਸ਼ਰਮਾ ਅਤੇ ਜਾਹਨਵੀ ਬਹਿਲ ਨੇ ਲੋਕਾਂ ਦੇ ਹਿੱਤਾਂ ਲਈ ਡੰਪ ਨੂੰ ਚੁੱਕਣ ਲਈ ਲਗਾਤਾਰ ਸੰਘਰਸ਼ ਕੀਤਾ ਅਤੇ ਲੋਕਾਂ ਨਾਲ ਇਸ ਸਮਸਿਆ ਤੋਂ ਛੁਟਕਾਰਾ ਪਾਉਣ ਦਾ ਵਾਅਦਾ ਕੀਤਾ। ਪਰ ਪ੍ਰਸ਼ਾਸਨ ਅਤੇ ਨਗਰ ਕੌਂਸਲ ਦੁਆਰਾ ਮਾਨਯੋਗ ਹਾਈ ਕੋਰਟ ਦੇ ਹੁਕਮਾਂ ਦੀ ਅਣਦੇਖੀ ਕੀਤੀ ਗਈ ਜਿਸ ਕਾਰਨ ਹੁਣ ਮੁੜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਰੁਖ ਕੀਤਾ ਗਿਆ ਹੈ।
ਅਗਲੇ 27 ਅਕਤੂਬਰ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਇਸ ਦਾ ਸਖਤ ਨੋਟਿਸ ਲੈਂਦਿਆਂ ਲੋਕਲ ਬੋਡੀ ਵਿਭਾਗ ਦੇ ਉੱਚ-ਅਧਿਕਾਰੀਆਂ ਨੂੰ ਨੋਟਿਸ ਜਾਰੀ ਕੀਤਾ ਗਿਆ ਹੈ ਅਤੇ ਮਾਨਯੋਗ ਹਾਈ ਕੋਰਟ ਦੇ ਆਦੇਸ਼ਾਂ ਦੀ ਉਲੰਘਣਾ ਕਰਨ ਅਤੇ ਡੰਪ ਨੂੰ ਨਾ ਚੁੱਕਣ ਲਈ ਜਵਾਬ ਮੰਗਿਆ ਹੈ। ਪਰਾਸ਼ਰ ਦੇਵ ਸ਼ਰਮਾ ਨੇ ਕਿਹਾ ਕਿ ਉਨ੍ਹਾਂ ਨੂੰ ਅਦਾਲਤ ਵਿੱਚ ਪੂਰਾ ਵਿਸ਼ਵਾਸ ਹੈ ਅਤੇ ਲੋਕ ਹਿੱਤ ਵਿੱਚ ਉਹ ਅਤੇ ਜਾਹਨਵੀ ਬਹਿਲ ਕੂੜੇ ਦੇ ਡੰਪ ਨੂੰ ਚੁਕਵਾਉਣ ਲਈ ਆਪਣਾ ਸੰਘਰਸ਼ ਜਾਰੀ ਰੱਖਣਗੇ।