ਕੇਂਦਰ ਸਰਕਾਰ ਖਿਲਾਫ ਵੱਖ ਵੱਖ ਪਿੰਡਾਂ ਵਿੱਚ ਰੋਸ ਮੁਜ਼ਾਹਰੇ ਕਰਦੇ ਹੋਏ ਆਗੂ
ਦੀਦਾਰ ਗੁਰਨਾ
ਫਤਹਿਗੜ੍ਹ ਸਾਹਿਬ , 21ਸਤੰਬਰ : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸੱਦੇ ਤੇ ਵਿਧਾਇਕ ਸ.ਕੁਲਜੀਤ ਸਿੰਘ ਨਾਗਰਾ ਦੀ ਅਗਵਾਈ ਵਿੱਚ ਮੋਦੀ ਸਰਕਾਰ ਵੱਲੋਂ ਕਿਸਾਨਾਂ ਸਬੰਧੀ ਬਣਾਏ ਕਾਲੇ ਕਾਨੂੰਨਾਂ ਖਿਲਾਫ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਵੱਖ ਵੱਖ ਪਿੰਡਾਂ ਵਿੱਚ ਰੋਸ ਮੁਜਾਹਰੇ ਕਰਦਿਆਂ ਕਿਸਾਨ ਆਗੂਆਂ ਨੇ ਕਿਹਾ ਕਿ ਪੰਜਾਬ ਮਾਰੂ ਇਨ੍ਹਾਂ ਕਾਨੂੰਨਾਂ ਖਿਲਾਫ ਲੋਕ ਆਗੂ ਸ.ਨਾਗਰਾ ਦੀ ਅਗਵਾਈ ਵਿੱਚ ਸੰਘਰਸ ਲਗਾਤਾਰ ਜਾਰੀ ਰਹੇਗਾ ਅਤੇ ਕਿਸਾਨ਼ ਕੋਈ ਵੀ ਕੁਰਬਾਨੀ ਦੇਣ ਤੋਂ ਪਿੱਛੇ ਨਹੀ ਹਟਣਗੇ ਕਿਉਂਕਿ ਇਹ ਮੁੱਦਾ ਕੇਵਲ ਕਿਸਾਨਾਂ ਦੀ ਹੀ ਨਹੀ ਸਗੋਂ ਪੰਜਾਬ ਦੀ ਹੋਂਦ ਬਚਾਉਣ ਦਾ ਮੁੱਦਾ ਹੈ।
ਕਿਸਾਨ ਆਗੂਆਂ ਨੇ ਕਿਹਾ ਕਿ ਜਿਵੇਂ ਸ.ਕੁਲਜੀਤ ਸਿੰਘ ਨਾਗਰਾ ਨੇ ਵਿਧਾਇਕ ਦੇ ਅਹੁਦੇ ਤੋਂ ਅਸਤੀਫਾ ਦੇ ਕੇ ਆਪਣੀ ਕਿਸਾਨ ਪੱਖੀ ਸੋਚ ਦਾ ਸਬੂਤ ਦਿੱਤਾ ਹੈ ਉਸੇ ਤਰ੍ਹਾਂ ਕਿਸਾਨ ਵੀ ਇਨ੍ਹਾਂ ਕਾਲੇ ਕਾਨੂੰਨਾਂ ਦੇ ਖਾਤਮੇ ਲਈ ਦਿਨ ਰਾਤ ਇਕ ਕਰ ਦੇਣਗੇ। ਉਨ੍ਹਾਂ ਦੱਸਿਆ ਕਿ ਜਿੱਥੇ ਅੱਜ ਹਲਕਾ ਫਤਹਿਗੜ੍ਹ ਸਾਹਿਬ ਦੇ ਸਾਰੇ ਪਿੰਡਾਂ ਵਿੱਚ ਇਨ੍ਹਾਂ ਕਾਲੇ ਕਾਨੂੰਨਾਂ ਖਿਲਾਫ ਰੋਸ ਮੁਜਾਹਰੇ ਹੋਏ ਹਨ ਉਥੇ ਲੋਕਾਂ ਨੂੰ ਪੰਜਾਬ ਦੀ ਬਰਬਾਦੀ ਦਾ ਕਾਰਨ ਬਨਣ ਜਾ ਰਹੇ ਇਨ੍ਹਾਂ ਕਾਨੂੰਨਾਂ ਦੇ ਮਾਰੂ ਪ੍ਰਭਾਵਾਂ ਬਾਰੇ ਲੋਕਾਂ ਨੂੰ ਜਾਗਰੂਕ ਵੀ ਕੀਤਾ ਜਾ ਰਿਹਾ ਹੈ।
ਕਿਸਾਨ ਆਗੂਆਂ ਨੇ ਕਿਹਾ ਕਿ ਇਨ੍ਹਾਂ ਕਾਲੇ ਕਾਨੂੰਨਾਂ ਤਹਿਤ ਜਿੱਥੇ ਫ਼ਸਲਾਂ ਦੇ ਘੱਟੋ ਘੱਟ ਸਮੱਰਥਨ ਮੁੱਲ ਨੂੰ ਖ਼ਤਮ ਕੀਤਾ ਗਿਆ ਹੈ। ਉਥੇ ਕਿਸੇ ਵੀ ਕਿਸਾਨ ਨੂੰ ਕਿਸੇ ਵੀ ਵਿਅਕਤੀ ਨੂੰ ਮੰਡੀ ਤੋਂ ਬਾਹਰ ਵੀ ਫਸਲ ਵੇਚਣ ਦੀ ਇਜਾਜ਼ਤ ਦਿੱਤੀ ਗਈ ਹੈ ਤੇ ਸਰਕਾਰ ਬਹੁਤ ਥੋੜੀ ਫਸਲ ਹੀ ਖਰੀਦ ਸਕਿਆ ਕਰੇਗੀ। ਇਸ ਨਾਲ ਜਿੱਥੇ ਕਿਸਾਨ ਫਸਲਾਂ ਦੀਆਂ ਕੀਮਤਾਂ ਲਈ ਵਪਾਰੀਆਂ 'ਤੇ ਨਿਰਭਰ ਹੋ ਜਾਵੇਗਾ, ਉਥੇ ਆੜ੍ਹਤੀ, ਮਜ਼ਦੂਰ ਅਤੇ ਟਰਾਂਸਪੋਰਟਰ ਵੀ ਬਰਬਾਦ ਹੋ ਜਾਣਗੇ।
ਇਸ ਦੇ ਨਾਲ ਨਾਲ ਅਰਬਾਂ ਰੁਪਏ ਦੀ ਲਾਗਤ ਨਾਲ ਬਣਿਆ ਪੰਜਾਬ ਦਾ ਮੰਡੀਕਰਨ ਪ੍ਰਬੰਧ ਵੀ ਬਰਬਾਦ ਹੋ ਜਾਵੇਗਾ ਤੇ ਸਭ ਤੋਂ ਮਾੜਾ ਹਾਲ ਪੰਜਾਬ ਦੀਆਂ ਲਿੰਕ ਸੜਕਾਂ ਦਾ ਹੋਵੇਗਾ, ਜੋ ਕਿ ਪੰਜਾਬ ਮੰਡੀ ਬੋਰਡ ਵੱਲੋਂ ਬਣਾਈਆਂ ਜਾਂਦੀਆਂ ਹਨ। ਇਸ ਦੇ ਨਾਲ ਨਾਲ ਸੂਬਾ ਸਰਕਾਰ ਨੂੰ ਜੋ ਹੋਰ ਆਮਦਨ ਹੁੰਦੀ ਹੈ, ਉਹ ਵੀ ਬੰਦ ਹੋ ਜਾਵੇਗੀ ਤੇ ਸੂਬਾ ਸਰਕਾਰ ਦੀ ਕੇਂਦਰ ਉਤੇ ਨਿਰਭਰਤਾ ਹੋਰ ਵੱਧ ਜਾਵੇਗੀ। ਇਹ ਕਾਲੇ ਕਾਨੂੰਨ ਦੇਸ਼ ਦੇ ਸੰਘੀ ਢਾਂਚੇ ਨੂੰ ਵੀ ਬਰਬਾਦ ਕਰ ਦੇਣਗੇ।ਇਸ ਮੌਕੇ ਜਿਲਾ ਪ੍ਰੀਸ਼ਦ ਮੈਂਬਰ,ਬਲਾਕ ਸੰਮਤੀ ਮੈਂਬਰ,ਵੱਖ ਵੱਖ ਪਿੰਡਾਂ ਦੇ ਸਰਪੰਚ,ਪੰਚ,ਕਾਂਗਰਸੀ ਵਰਕਰ ਤੇ ਕਿਸਾਨ ਆਗੂ ਹਾਜ਼ਰ ਸਨ।