ਆਨਰੇਰੀ ਸਕੱਤਰ ਬਣਨ ਤੇ ਜਗਦੀਪ ਚੀਮਾ ਸਨਮਾਨ ਕਰਦੇ ਹੋਏ ਪ੍ਰਿੰਸੀਪਲ ਡਾ ਕਸ਼ਮੀਰ ਸਿੰਘ ਅਤੇ ਹੋਰ ਆਗੂ
ਦੀਦਾਰ ਗੁਰਨਾ
ਫ਼ਤਹਿਗੜ੍ਹ ਸਾਹਿਬ ਸਤੰਬਰ 22 ਸਤੰਬਰ : ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਜਗਦੀਪ ਸਿੰਘ ਚੀਮਾ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਉੱਤਰੀ ਭਾਰਤ ਦੇ ਪਹਿਲੇ ਖ਼ੁਦਮੁਖ਼ਤਿਆਰੀ ਮਾਤਾ ਗੁਜਰੀ ਕਾਲਜ ਦੀ ਗਵਰਨਿੰਗ ਕੌਂਸਲ ਦਾ ਬਤੌਰ ਆਨਰੇਰੀ ਸਕੱਤਰ ਨਿਯੁਕਤ ਕੀਤਾ ਹੈ , ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਜਾਰੀ ਦਫ਼ਤਰੀ ਪੱਤਰ ਮੁਤਾਬਕ ਮਾਤਾ ਗੁਜਰੀ ਕਾਲਜ ਦੀ ਗਵਰਨਿੰਗ ਕੌਂਸਲ ਦਾ ਪੁਨਰਗਠਨ ਕੀਤਾ ਗਿਆ ਹੈ, ਜਿਸ ਵਿੱਚ ਜਗਦੀਪ ਸਿੰਘ ਚੀਮਾ ਨੂੰ ਕਾਲਜ ਦੀ ਗਵਰਨਿੰਗ ਕੌਂਸਲ ਦਾ ਬਤੌਰ ਆਨਰੇਰੀ ਸਕੱਤਰ ਲਗਾਇਆ ਗਿਆ ਹੈ
ਇਸ ਮੌਕੇ ਨਵ ਨਿਯੁਕਤ ਕਾਲਜ ਦੀ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਜਗਦੀਪ ਸਿੰਘ ਚੀਮਾ ਨੇ ਕਿਹਾ ਕਿ ਉਹ ਇਸ ਨਿਯੁਕਤੀ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਧੰਨਵਾਦੀ ਹਨ ਜਿਨ੍ਹਾਂ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਿਰਮੌਰ ਸੰਸਥਾ ਮਾਤਾ ਗੁਜਰੀ ਕਾਲਜ ਦਾ ਆਨਰੇਰੀ ਸਕੱਤਰ ਨਿਯੁਕਤ ਕਰਕੇ ਮਾਣ ਬਖਸ਼ਿਆ ਹੈ । ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ. ਚੀਮਾ ਨੇ ਕਿਹਾ ਕਿ ਉਹ ਕਾਲਜ ਦੇ ਸਮੁੱਚੇ ਸਟਾਫ਼ ਦੇ ਸਹਿਯੋਗ ਨਾਲ ਕਾਲਜ ਨੂੰ ਹੋਰ ਬੁਲੰਦੀਆਂ ਤੇ ਲੈ ਕੇ ਜਾਣਗੇ , ਉਨ੍ਹਾਂ ਕਿਹਾ ਕਿ ਕਾਲਜ ਵਿੱਚ ਇਸ ਸਮੇਂ 28 ਗ੍ਰੈਜੂਏਟ, 24 ਦੇ ਲਗਭਗ ਅੰਡਰ ਗ੍ਰੈਜੂਏਟ ਤੋਂ ਇਲਾਵਾ ਕਈ ਕਿੱਤਾ ਮੁਖੀ ਅਤੇ ਵੋਕੇਸ਼ਨਲ ਕੋਰਸ ਚਲਾਏ ਜਾ ਰਹੇ ਹਨ ਤੇ ਆਉਣ ਵਾਲੇ ਸਮੇਂ ਵਿੱਚ ਹੋਰ ਵਿੱਦਿਅਕ ਖੇਤਰ ਵਿੱਚ ਇਲਾਕੇ ਨੂੰ ਸੁਵਿਧਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ
ਇਸ ਨਿਯੁਕਤੀ ਦਾ ਸਵਾਗਤ ਕਰਦਿਆਂ ਮਾਤਾ ਗੁਜਰੀ ਕਾਲਜ ਦੇ ਪ੍ਰਿੰਸੀਪਲ ਡਾ ਕਸ਼ਮੀਰ ਸਿੰਘ ਨੇ ਕਿਹਾ ਕਿ ਇਸ ਤੋਂ ਪਹਿਲਾਂ ਵੀ ਕਾਲਜ ਦੀ ਤਰੱਕੀ ਵਿੱਚ ਚੀਮਾ ਪਰਿਵਾਰ ਦਾ ਬਹੁਤ ਵੱਡਾ ਯੋਗਦਾਨ ਰਿਹਾ ਹੈ ਕਿਉਂਕਿ ਇਨ੍ਹਾਂ ਦੇ ਪਿਤਾ ਰਣਧੀਰ ਸਿੰਘ ਚੀਮਾਂ, ਸਾਬਕਾ ਮੰਤਰੀ ਅਤੇ ਮੌਜੂਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ (1965 ਤੋਂ 1980 ) ਤੱਕ ਕਾਲਜ ਦੇ ਸਕੱਤਰ ਵਜੋਂ ਸੇਵਾਵਾਂ ਨਿਭਾਉਂਦੇ ਰਹੇ ਹਨ ਅਤੇ ਕਾਲਜ ਦੇ ਸਹੀ ਮਾਰਗ ਦਰਸ਼ਕ ਬਣੇ ਰਹੇ ਹਨ
ਇਸ ਮੌਕੇ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਐਜੂਕੇਸ਼ਨ ਡਾਇਰੈਕਟਰ ਡਾ. ਤੇਜਿੰਦਰ ਕੌਰ ਧਾਲੀਵਾਲ, ਖ਼ਾਲਸਾ ਕਾਲਜ ਪਟਿਆਲਾ ਦੇ ਪ੍ਰਿੰਸੀਪਲ ਡਾ. ਧਰਮਿੰਦਰ ਸਿੰਘ ਉੱਭਾ, ਸ਼੍ਰੋਮਣੀ ਕਮੇਟੀ ਦੇ ਸਾਬਕਾ ਸਕੱਤਰ ਅਵਤਾਰ ਸਿੰਘ ਸੈਂਪਲਾਂ, ਸ਼੍ਰੋਮਣੀ ਕਮੇਟੀ ਮੈਂਬਰ ਅਵਤਾਰ ਸਿੰਘ ਰਿਆ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਵਿੰਦਰ ਸਿੰਘ ਖ਼ਾਲਸਾ, ਕਾਲਜ ਸਟਾਫ਼ ਵੱਲੋਂ ਡਾ. ਬਿਕਰਮਜੀਤ ਸਿੰਘ ਸੰਧੂ ਡੀਨ ਅਕਾਦਮਿਕ ਮਾਮਲੇ, ਡਾ. ਹਰਜੀਤ ਸਿੰਘ ਕੰਟਰੋਲਰ ਪ੍ਰੀਖਿਆਵਾਂ ਨੇ ਵੀ ਜਗਦੀਪ ਸਿੰਘ ਚੀਮਾ ਨੂੰ ਆਨਰੇਰੀ ਸਕੱਤਰ ਬਣਨ ਤੇ ਵਧਾਈ ਦਿੱਤੀ । ਇਸ ਮੌਕੇ ਹੋਰਨਾਂ ਤੋਂ ਇਲਾਵਾ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਮੈਨੇਜਰ ਕਰਮ ਸਿੰਘ, ਮੀਤ ਮੈਨੇਜਰ ਕਰਮਜੀਤ ਸਿੰਘ, ਪੰਥਕ ਕਵੀ ਹਰਨੇਕ ਸਿੰਘ ਬਡਾਲੀ, ਇੰਦਰਦੀਪ ਸਿੰਘ ਬੇਦੀ, ਹਰਪ੍ਰੀਤ ਕੌਰ ਟਿਵਾਣਾ, ਹਰਪ੍ਰੀਤ ਸਿੰਘ ਆਦਿ ਵੀ ਹਾਜ਼ਰ ਸਨ