• ਖਰੀਦ ਏਜੰਸੀਆਂ ਨੂੰ ਕੀਤੀਆਂ ਹਦਾਇਤਾਂ ਮੰਡੀਆਂ ਵਿੱਚ ਕਿਸਾਨਾਂ ਨੂੰ ਨਾ ਆਵੇ ਪ੍ਰੇਸ਼ਾਨੀ
• ਮੰਡੀਆਂ ਵਿੱਚ ਬਾਰਦਾਨਾ,ਸਾਧਨਾਂ ਦੀ ਆਵਾਜਾਈ ਦੇ ਪ੍ਰਬੰਧ ਅਤੇ ਲਿਫਟਿੰਗ ਚ ਤੇਜ਼ੀ ਕਰਨ ਦੀਆਂ ਕੀਤੀਆਂ ਹਦਾਇਤਾਂ
• ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 01ਲੱਖ 32 ਹਜ਼ਾਰ137ਮੀਟਰਕ ਟਨ ਝੋਨੇ ਦੀ ਹੋਈ ਖਰੀਦ
• ਖਰੀਦੇ ਗਏ ਝੋਨੇ ਦੀ ਅਦਾਇਗੀ ਵਜੋਂ ਕਿਸਾਨਾਂ ਨੂੰ ਜਾਰੀ ਕੀਤੇ 181 ਕਰੋੜ 56 ਲੱਖ ਰੁਪਏ
ਐਸ.ਏ.ਐਸ ਨਗਰ, 19 ਅਕਤੂਬਰ 2020 : ਡਿਪਟੀ ਕਮਿਸ਼ਨਰ ਸ੍ਰੀ ਗਿਰੀਸ਼ ਦਿਆਲਨ ਨੇ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਝੋਨੇ ਦੀ ਚਲ ਰਹੀ ਖਰੀਦ ਦਾ ਜ਼ਾਇਜ਼ਾ ਲਿਆ ਅਤੇ ਖਰੀਦ ਏਜੰਸੀਆਂ ਨੂੰ ਹਦਾਇਤਾਂ ਕੀਤੀਆਂ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਮੰਡੀਆਂ ਵਿੱਚ ਝੋਨਾ ਵੇਚਣ ਲਈ ਆਏ ਕਿਸਾਨਾਂ ਨੂੰ ਕੋਈ ਵੀ ਪਰੇਸ਼ਾਨੀ ਨਹੀਂ ਆਵੇਗੀ । ਉਨ੍ਹਾਂ ਕਮਿਸ਼ਨ ਏਜੰਟਾਂ ਨੂੰ ਵੀ ਹਦਾਇਤ ਕੀਤੀ ਕਿ ਉਹ ਖਰੀਦ ਕੀਤੇ ਝੋਨੇ ਦੀ ਨਿਰਵਿਘਨ ਲਿਫਟਿੰਗ ਨੂੰ ਯਕੀਨੀ ਬਣਾਉਣ ਲਈ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਪੂਰਨ ਸਹਿਯੋਗ ਦੇਣ ਅਤੇ ਲਿਫਟਿੰਗ ਦੇ ਕੰਮ ਵਿੱਚ ਹੋਰ ਤੇਜ਼ੀ ਲਿਆਂਦੀ ਜਾਵੇ । ਸ੍ਰੀ ਦਿਆਲਨ ਨੇ ਮਾਰਕੀਟ ਕਮੇਟੀਆਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਇਹ ਯਕੀਨੀ ਬਣਾਉਣ ਕਿ ਝੋਨੇ ਦੀ ਖਰੀਦ ਸਬੰਧੀ ਹਰ ਤਰ੍ਹਾਂ ਦੇ ਕੰਮ ਨੂੰ ਸਮੇਂ ਸਿਰ ਮੁਕਮੰਲ ਕੀਤਾ ਜਾਵੇਗਾ, ਇਸ ਵਿੱਚ ਕੋਈ ਦੇਰੀ ਨਹੀਂ ਹੋਵੇਗੀ । ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਮੰਡੀਆਂ ਵਿੱਚ ਬਾਰਦਾਨਾ, ਸਾਧਾਨਾ ਦੀ ਆਵਾਜਾਈ ਅਤੇ ਲੇਬਰ ਆਦਿ ਦਾ ਯੋਗ ਪ੍ਰਬੰਧ ਯਕੀਨੀ ਰੱਖਿਆ ਜਾਵੇ ਤਾਂ ਜੋ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਕਿਸਮ ਦੀ ਪ੍ਰੇਸ਼ਾਨੀ ਨਾ ਹੋਵੇ।
ਸ੍ਰੀ ਗਿਰੀਸ਼ ਦਿਆਲਨ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਹੁਣ ਤੱਕ 01 ਲੱਖ 32 ਹਜ਼ਾਰ 207 ਮੀਟਰਕ ਟਨ ਝੋਨੇ ਦੀ ਆਮਦ ਹੋਈ ਹੈ ਜਿਸ ਵਿੱਚੋਂ ਵੱਖ-ਵੱਖ ਖਰੀਦ ਏਜੰਸੀਆਂ ਤੇ ਵਪਾਰੀਆਂ ਵੱਲੋਂ 01 ਲੱਖ 32 ਹਜ਼ਾਰ 137 ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਗਿਰੀਸ਼ ਦਿਆਲਨ ਨੇ ਦੱਸਿਆ ਕਿ ਮੰਡੀਆਂ ਵਿੱਚੋਂ 01 ਲੱਖ 08 ਹਜ਼ਾਰ 850 ਮੀਟਰਕ ਟਨ ਝੋਨੇ ਦੀ ਲਿਫਟਿੰਗ ਕਰਵਾਈ ਗਈ ਹੈ ਅਤੇ ਖਰੀਦੇ ਗਏ ਝੋਨੇ ਦੀ ਅਦਾਇਗੀ ਵਜੋਂ ਕਿਸਾਨਾਂ ਨੂੰ 181 ਕਰੋੜ 56 ਲੱਖ ਰੁਪਏ ਜਾਰੀ ਕੀਤੇ ਗਏ ਹਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਖਰੀਦ ਏਜੰਸੀ ਪਨਗਰੇਨ ਵੱਲੋਂ 32 ਹਜ਼ਾਰ 385 ਮੀਟਰਕ ਟਨ, ਮਾਰਕਫੈੱਡ ਵੱਲੋਂ 51 ਹਜ਼ਾਰ 157 ਮੀਟਰਕ ਟਨ, ਪਨਸਪ ਵੱਲੋਂ 22 ਹਜ਼ਾਰ 759 ਮੀਟਰਕ ਟਨ ,ਪੰਜਾਬ ਸਟੇਟ ਵੇਅਰ ਹਾਊਸ ਕਾਰਪੋਰੇਸ਼ਨ ਵੱਲੋਂ 16 ਹਜ਼ਾਰ 227 ਮੀਟਰਕ ਟਨ, ਐਫ.ਸੀ.ਆਈ ਵੱਲੋਂ 09 ਹਜ਼ਾਰ 441 ਮੀਟਰਕ ਟਨ ਅਤੇ ਵਾਪਰੀਆਂ ਵੱਲੋਂ 168 ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ। ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੀ ਥਾਂ ਉਸ ਨੂੰ ਖੇਤ ਵਿੱਚ ਹੀ ਵਾਹੁਣ ਨੂੰ ਤਰਜ਼ੀਹ ਦੇਣ ਕਿਉਂਕਿ ਇਸ ਤਰ੍ਹਾਂ ਕਰਨ ਨਾਲ ਜਿਥੇ ਜ਼ਮੀਨ ਦੀ ਉਪਜਾਊ ਸ਼ਕਤੀ ਵਿੱਚ ਵਾਧਾ ਹੁੰਦਾ ਹੈ ਉਥੇ ਹੀ ਫਸਲ ਦਾ ਝਾੜ ਵੀ ਵੱਧਦਾ ਹੈ। ਜਦੋਂ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਵਾਤਾਵਰਣ ਪ੍ਰਦੂਸ਼ਣ ਹੋਣ ਦੇ ਨਾਲ-ਨਾਲ ਮਨੁੱਖੀ ਸਿਹਤ ਨੂੰ ਵੀ ਕਈ ਤਰ੍ਹਾਂ ਦੀਆਂ ਬਿਮਾਰੀਆਂ ਲੱਗਣ ਦਾ ਖਤਰਾ ਬਣਿਆਂ ਰਹਿੰਦਾ ਹੈ।