ਫਿਰੋਜ਼ਪਰ 15 ਫਰਵਰੀ (ਗੁਰਿੰਦਰ ਸਿੰਘ):- ਸਥਾਨਕ ਸ਼ਹੀਦ ਭਗਤ ਸਿੰਘ ਸਟੇਟ ਟੈਕਨੀਕਲ ਕੈਂਪਸ ਵਿਖੇ 20ਵੀਂ ਦੋ-ਰੋਜ਼ਾ ਸਾਲਾਨਾ ਅਥਲੈਟਿਕ ਮੀਟ ਦੇ ਉਦਘਾਟਨੀ ਸਮਾਰੋਹ ਵਿੱਚ ਅਮਰੀਕਾ ਵਾਸੀ ਇੰਟਰਨੈਸ਼ਨਲ ਐਥਲੀਟ ਅਰਜੁਨਾ ਐਵਾਰਡੀ ਮਹਿੰਦਰ ਸਿੰਘ ਗਿੱਲ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।ਉਹਨਾਂ ਦੇ ਨਾਲ ਭਾਰਤੀ ਹਾਕੀ ਟੀਮ ਦੇ ਸਟਾਰ ਖਿਡਾਰੀ ਦਿਲਪ੍ਰੀਤ ਸਿੰਘ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਿਲ ਹੋਏ।ਮੁੱਖ ਮਹਿਮਾਨ ਨੇ ਇਸ ਖੇਡ ਮੇਲੇ ਵਿੱਚ ਹਿੱਸਾ ਲੈਣ ਵਾਲੇ 500 ਦੇ ਕਰੀਬ ਵਿਦਿਆਰਥੀਆਂ ਦੇ ਮਾਰਚ ਪਾਸਟ ਤੋਂ ਸਲਾਮੀ ਲਈ।ਪ੍ਰੋ.ਨਵਤੇਜ ਸਿੰਘ ਘੁੰਮਣ ਨੇ ਆਏ ਮਹਿਮਾਨਾਂ ਨੂੰ ਜੀ ਆਇਆਂ ਨੂੰ ਕਿਹਾ ਅਤੇ ਉਹਨਾਂ ਦੀਆਂ ਕੌਮੀ ਅਤੇ ਕੌਮਾਂਤਰੀ ਪੱਧਰ 'ਤੇ ਕੀਤੀਆਂ ਮਾਣਮੱਤੀਆਂ ਪ੍ਰਾਪਤੀਆਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ।
ਡਾਇਰੈਕਟਰ ਫਿਜ਼ਿਕਲ ਐਜੂਕੇਸ਼ਨ ਡਾ. ਵੀ ਐਸ ਭੁੱਲਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ ਵਾਰ ਦਾ ਖੇਡ ਮੇਲਾ ਉੱਘੇ ਸਿੱਖਿਆ ਸ਼ਾਸਤਰੀ ਅਤੇ ਖਿਡਾਰੀ ਡਾ. ਗੁਰਚਰਨ ਸਿੰਘ ਬਰਾੜ ਨੂੰ ਸਮਰਪਿਤ ਕੀਤਾ ਗਿਆ ਹੈ ਜੋ ਪਿਛਲੇ ਸਾਲ ਕਰਵਾਏ ਖੇਡ ਮੇਲੇ ਦੇ ਮੁੱਖ ਮਹਿਮਾਨ ਸਨ ਅਤੇ ਕੁਝ ਸਮਾਂ ਪਹਿਲਾਂ ਹੀ ਅਚਾਨਕ ਸਦੀਵੀ ਵਿਛੋੜਾ ਦੇ ਗਏ ਸਨ।ਮੁੱਖ ਮਹਿਮਾਨ ਮਹਿੰਦਰ ਸਿੰਘ ਗਿੱਲ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਉਹਨਾਂ ਨੂੰ ਵੱਧ ਤੋਂ ਵੱਧ ਖੇਡਾਂ ਵਿੱਚ ਭਾਗ ਲੈਣ ਲਈ ਪ੍ਰੇਰਿਤ ਕੀਤਾ ਅਤੇ ਉਹਨਾਂ ਨੂੰ ਸਫਲਤਾ ਦੇ ਗੁਰ ਵੀ ਦੱਸੇ।ਡਾਇਰੈਕਟਰ ਫਿਜ਼ਿਕਲ ਐਜੂਕੇਸ਼ਨ ਡਾ. ਵੀ ਐਸ ਭੁੱਲਰ ਨੇ ਆਪਣੇ ਸੰਬੋਧਨ ਵਿੱਚ ਮੁੱਖ ਮਹਿਮਾਨ ਦਾ ਧੰਨਵਾਦ ਕੀਤਾ ਅਤੇ ਸੰਸਥਾ ਦੇ ਡਾਇਰੈਕਟਰ ਡਾ. ਟੀ ਐਸ ਸਿੱਧੂ ਦੀ ਰਹਿਨੁਮਾਈ ਹੇਠ ਵਿਦਿਆਰਥੀਆਂ ਨੂੰ ਦਿੱਤੀਆਂ ਜਾ ਰਹੀਆਂ ਖੇਡ ਸਹੂਲਤਾਂ ਦਾ ਜ਼ਿਕਰ ਕੀਤਾ।ਉਨ੍ਹਾਂ ਦੱਸਿਆ ਕਿ ਇਹ ਸੰਸਥਾ ਮਿਆਰੀ ਸਿੱਖਿਆ ਦੇਣ ਦੇ ਨਾਲ ਨਾਲ ਖੇਡਾਂ ਅਤੇ ਹੋਰ ਸਹਿ-ਵਿਦਿਅਕ ਗਤੀਵਿਧੀਆਂ ਲਈ ਹਮੇਸ਼ਾਂ ਯਤਨਸ਼ੀਲ ਰਹੀ ਹੈ ਤਾਂ ਜੋ ਵਿਦਿਆਰਥੀਆਂ ਨੂੰ ਬਹੁ-ਪੱਖੀ ਸ਼ਖਸੀਅਤ ਦੇ ਮਾਲਕ ਬਣਾਇਆ ਜਾ ਸਕੇ। ਇਸ ਦੋ ਦਿਨਾ ਖੇਡ ਮੇਲੇ ਦੇ ਪਹਿਲੇ ਦਿਨ ਲੜਕੇ ਅਤੇ ਲੜਕੀਆਂ ਦੇ 100, 200, 400, 800 ਤੇ 1500 ਮੀਟਰ ਦੌੜ, ਲੰਬੀ ਛਾਲ, ਉੱਚੀ ਛਾਲ, ਡਿਸਕਸ ਥਰੋਅ, ਸ਼ਾਟਪੁਟ, ਜੈਵਲਿਨ ਥਰੋਅ, ਰਿਲੇਅ ਰੇਸ ਅਤੇ ਰਸਾਕਸ਼ੀ ਆਦਿ ਦੇ ਮੁਕਾਬਲੇ ਕਰਵਾਏ ਗਏ।