ਫ਼ਿਰੋਜ਼ਪੁਰ 9 ਅਪ੍ਰੈਲ (ਗੁਰਿੰਦਰ ਸਿੰਘ) ਸਿਹਤ ਨਾਲ ਸਬੰਧਿਤ ਮਸਲਿਆਂ ਨੂੰ ਲੈ ਕੇ ਸਿਵਲ ਸਰਜਨ ਡਾ. ਰਾਜਿੰਦਰ ਕੁਮਾਰ ਵੱਲੋਂ ਆਰ.ਐਮ.ਪੀ. ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਵਿੱਚ ਉਨ੍ਹਾਂ ਪਿੰਡਾਂ ਅਤੇ ਸ਼ਹਿਰਾਂ ਦੇ ਮਰੀਜ਼ਾਂ ਵਾਸਤੇ ਵਧੀਆ ਇਲਾਜ਼ ਕਰਨ ਬਾਰੇ ਵਿਚਾਰ ਵਟਾਂਦਰਾ ਵੀ ਕੀਤਾ। ਇਸ ਮੀਟਿੰਗ ਵਿੱਚ ਵੱਡੀ ਗਿਣਤੀ ਵਿੱੱਚ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਦੇ ਮੈਂਬਰ ਹਾਜ਼ਰ ਸਨ।
ਸਿਵਲ ਸਰਜਨ ਨੇ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਮਰੀਜ਼ਾਂ ਦਾ ਇਲਾਜ ਉਨ੍ਹਾਂ ਦੇ ਅਧਿਕਾਰ ਖੇਤਰ ਵਿੱਚ ਹੀ ਕੀਤਾ ਜਾਵੇ ਅਤੇ ਮਰੀਜ਼ਾਂ ਨੂੰ ਸਬ ਸਟੈਂਡਰਡ ਦਵਾਈਆਂ ਨਾ ਦਿੱਤੀਆਂ ਜਾਣ। ਉਨ੍ਹਾਂ ਕਿਹਾ ਕਿ ਬਾਇਓ ਮੈਡੀਕਲ ਵੇਸਟ ਦਾ ਪ੍ਰਬੰਧ ਸੁਚਾਰੂ ਢੰਗ ਨਾਲ ਕੀਤਾ ਜਾਵੇ ਅਤੇ ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ਮਰੀਜ਼ਾਂ ਨੂੰ ਸਿਵਲ ਹਸਪਤਾਲ ਫ਼ਿਰੋਜ਼ਪੁਰ ਵਿਖੇ ਵੱਧ ਤੋਂ ਵੱਧ ਦਾਖਲ ਕਰਵਾਉਣ। ਉਨ੍ਹਾਂ ਕਿਹਾ ਕਿ ਚੈਕਿੰਗ ਦੌਰਾਨ ਜੇਕਰ ਕੋਈ ਆਰ.ਐਮ.ਪੀ. ਨਸ਼ੇ ਦੀ ਦਵਾਈ ਦੇਣ ਸਬੰਧੀ ਮਾਮਲਾ ਧਿਆਨ ਵਿੱਚ ਆਇਆ ਤਾਂ ਸਬੰਧਿਤ ਅਧਿਕਾਰੀ ਦੇ ਖ਼ਿਲਾਫ਼ ਨਿਯਮਾਂ ਅਨੁਸਾਰ ਕਾਰਵਾਈ ਵੀ ਅਮਲ ਵਿੱਚ ਲਿਆਂਦੀ ਜਾਵੇਗੀ ।
ਇਸ ਮੌਕੇ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਵੱਲੋਂ ਉਨ੍ਹਾਂ ਨੂੰ ਵਿਸ਼ਵਾਸ ਦਵਾਇਆ ਗਿਆ ਕਿ ਉਹ ਆਪਣਾ ਅਭਿਆਸ ਆਪਣੇ ਅਧਿਕਾਰ ਖੇਤਰ ਵਿੱਚ ਪੂਰੀ ਇਮਾਨਦਾਰੀ ਨਾਲ ਕਰਨਗੇ ਤੇ ਨੈਸ਼ਨਲ ਪ੍ਰੋਗਰਾਮਾਂ ਵਿੱਚ ਵੀ ਸਿਹਤ ਵਿਭਾਗ ਦਾ ਸਮੇਂ ਸਮੇਂ ਸਿਰ ਸਹਿਯੋਗ ਦੇਣਗੇ ।