ਮਨਪ੍ਰੀਤ ਸਿੰਘ ਡਿਪਟੀ ਕਮਿਸ਼ਨਰ ਫਾਜ਼ਿਲਕਾ
ਜਗਦੀਸ਼ ਥਿੰਦ
ਫਾਜ਼ਿਲਕਾ 17 ਨਵੰਬਰ
ਡਿਪਟੀ ਕਮਿਸਨਰ ਸ. ਮਨਪ੍ਰੀਤ ਸਿੰਘ ਛੱਤਵਾਲ ਨੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਬਿਨ੍ਹਾਂ ਅੱਗ ਲਗਾਏ ਕਣਕ ਦੀ ਸਿਧੀ ਬਿਜਾਈ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਪਰਾਲੀ ਅਤੇ ਰਹਿੰਦ-ਖੂੰਹਦ ਨੂੰ ਸਾੜਨ ਦੀ ਬਜਾਏ ਇਸ ਦੀ ਸਾਂਭ-ਸੰਭਾਲ ਕਰਨ ਅਤੇ ਵਰਤੋਂ ਵਿੱਚ ਲਿਆਉਣ 'ਤੇ ਜ਼ੋਰ ਦਿੰਦਿਆਂ ਕਿਹਾ ਕਿ ਪ੍ਰਦੂਸ਼ਣ ਰਹਿਤ ਹਵਾ ਅਤੇ ਸਾਫ-ਸੁਥਰਾ ਵਾਤਾਵਰਣ ਹੁਣ ਸਮੇਂ ਦੀ ਮੁੱਖ ਲੋੜ ਬਣ ਚੁੱਕੇ ਹਨ। ਇਸ ਦੇ ਮੱਦੇਨਜ਼ਰ ਹਰ ਮਨੁੱਖ ਨੂੰ ਧਰਤੀ, ਵਾਤਾਵਰਣ ਤੇ ਜੀਵਨ ਬਚਾਉਣ ਲਈ ਆਪਣਾ ਵੱਢਮੁੱਲਾ ਯੋਗਦਾਨ ਪਾਉਣਾ ਚਾਹੀਦਾ ਹੈ।
ਇਸ ਦੌਰਾਨ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਝੋਨੇ ਦੀ ਚੱਲ ਰਹੀ ਖਰੀਦ ਬਾਰੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕਿਸਾਨਾਂ ਨੂੰ ਇਸ ਦੌਰਾਨ ਕਿਸੇ ਕਿਸਮ ਦੀ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ ਉਨ੍ਹਾਂ ਕਿਸਾਨਾਂ ਨੂੰ ਮੰਡੀਆਂ ਵਿੱਚ ਸੁੱਕਾ ਝੋਨਾ ਲਿਆਉਣ ਦੀ ਵੀ ਅਪੀਲ ਕੀਤੀ ਹੈ ਤਾਂ ਜੋ ਉਨ੍ਹਾਂ ਨੂੰ ਆਪਣੀ ਢੇਰੀ ਵੇਚਣ ਲਈ ਮੰਡੀਆਂ ਵਿੱਚ ਜ਼ਿਆਦਾ ਦੇਰ ਰੁਕਣਾ ਨਾ ਪਵੇ ਇਸ ਦੇ ਨਾਲ-ਨਾਲ ਉੁਨ੍ਹਾਂ ਕਿਸਾਨਾਂ ਨੂੰ ਇਹ ਵੀ ਅਪੀਲ ਕੀਤੀ ਹੈ ਕਿ ਫਸਲ ਪੱਕਣ ਉਪਰੰਤ ਹੀ ਮੰਡੀਆਂ ਵਿੱਚ ਲਿਆਂਦੀ ਜਾਵੇ।
ਜ਼ਿਲ੍ਹੇ ਅੰਦਰ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ ਖਰੀਦ ਕੀਤੇ ਗਏ ਝੋਨੇ ਦਾ ਵੇਰਵਾ ਦਿੰਦਿਆਂ ਜ਼ਿਲ੍ਹਾ ਫੂਡ ਸਪਲਾਈ ਕੰਟਰੋਲਰ ਸ੍ਰੀਮਤੀ ਅਤਿੰਦਰ ਕੌਰ ਨੇ ਦੱਸਿਆ ਕਿ ਬੀਤੇ ਦਿਨ ਤੱਕ ਪਨਗ੍ਰੇਨ ਵੱਲੋ 73465 ਮੀਟ੍ਰਿਕ ਟਨ, ਮਾਰਕਫੈਡ ਵੱਲੋਂ 48892 ਮੀਟ੍ਰਿਕ ਟਨ, ਪਨਸਪ ਵੱਲੋਂ 73325 ਮੀਟ੍ਰਿਕ ਟਨ, ਵੇਅਰਹਾਉਸ ਵੱਲੋਂ 23616 ਮੀਟ੍ਰਿਕ ਟਨ, ਪੰਜਾਬ ਐਗਰੋ ਵੱਲੋਂ 18891 ਅਤੇ ਪ੍ਰਾਈਵੇਟ ਵਪਾਰੀਆਂ ਵੱਲੋਂ 5712 ਮੀਟ੍ਰਿਕ ਟਨ ਝੋਨਾ ਖਰੀਦ ਕੀਤਾ ਗਿਆ