ਫਿਰੋਜ਼ਪੁਰ 22 ਜਨਵਰੀ (ਗੁਰਿੰਦਰ ਸਿੰਘ): ਪੰਜਾਬ ਸਰਕਾਰ ਦੀਆਂ ਮੁਲਾਜ਼ਮ ਮਾਰੂ ਨੀਤੀਆਂ ਅਤੇ ਪਨਬੱਸ ਮੁਲਾਜਮਾਂ ਦੀਆਂ ਚਿਰਾਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਸਬੰਧੀ ਪੰਜਾਬ ਰੋਡਵੇਜ਼, ਪਨਬੱਸ ਕੰਟਰੈਕਟ ਵਰਕਰਜ਼ ਯੂਨੀਅਨ ਵੱਲੋਂ ਅੱਜ ਸਮੁੱਚੇ ਪੰਜਾਬ ਦੇ 18 ਡਿਪੂਆਂ ਅੱਗੇ ਗੇਟ ਰੈਲੀਆਂ ਕੀਤੀਆਂ ਗਈਆਂ। ਫਿਰੋਜ਼ਪੁਰ ਡਿਪੂ ਵਿਖੇ ਹੋਈ ਅਜਿਹੀ ਹੀ ਇੱਕ ਗੇਟ ਰੈਲੀ ਨੂੰ ਸੰਬੋਧਨ ਕਰਦੇ ਹੋਏ ਪਨਬੱਸ ਕੰਟਰੈਕਟ ਵਰਕਰਜ਼ ਯੂਨੀਅਨ ਦੇ ਸੂਬਾ ਪ੍ਰਧਾਨ ਰੇਸ਼ਮ ਸਿੰਘ ਗਿੱਲ ਨੇ ਸਰਕਾਰ ਦੀਆਂ ਮੁਲਾਜ਼ਮ ਮਾਰੂ ਨੀਤੀਆਂ ਤੇ ਤਿੱਖਾ ਪ੍ਰਤੀਕਰਮ ਕਰਦਿਆਂ ਆਖਿਆ ਕਿ ਸਰਕਾਰ ਵੱਲੋਂ ਆਪਣੇ ਰੋਜ਼ਗਾਰ ਨੂੰ ਪੱਕਾ ਕਰਵਾਉਣ ਲਈ ਸੰਘਰਸ਼ ਕਰ ਰਹੇ 5 ਅਧਿਆਪਕਾਂ ਨੂੰ ਨੌਕਰੀ ਤੋਂ ਕੱਢਣਾ ਅਤੇ ਸਿਹਤ ਵਿਭਾਗ ਅਤੇ ਹਸਪਤਾਲਾਂ ਨੂੰ ਠੇਕੇ ਤੇ ਦੇਣਾ, ਪੰਜਾਬ ਰੋਡਵੇਜ਼ ਵਿੱਚ ਬੱਸਾਂ ਨਾ ਪਾਉਣਾ ਅਤੇ ਸਾਰੇ ਵਿਭਾਗਾਂ ਦਾ ਨਿੱਜੀ ਕਰਨ ਤੋਂ ਸਰਕਾਰ ਦੇ ਚੋਣਾਂ ਵਿਚ ਕੀਤੇ ਵਾਅਦਿਆਂ ਦੀ ਪੋਲ ਖੋਲ੍ਹ ਰਿਹਾ ਹੈ ਅਤੇ ਕੈਪਟਨ ਸਰਕਾਰ ਰੁਜ਼ਗਾਰ ਦੇਣ ਦੀ ਜਗ੍ਹਾ ਤੇ ਰੁਜ਼ਗਾਰ ਖੋਹਣ 'ਤੇ ਲੱਗੀ ਹੋਈ ਹੈ। ਉਨ੍ਹਾਂ ਕਿਹਾ ਕਿ ਪਨਬੱਸ ਵਿਚ ਕੰਮ ਕਰਦੇ ਕਾਮਿਆਂ ਨੂੰ ਨਜਾਇਜ਼ ਕੰਡੀਸ਼ਨਾਂ ਲਗਾ ਕੇ ਮਹਿਕਮੇ ਤੋਂ ਬਾਹਰ ਕੱਢਣਾ, ਅਧਿਆਪਕਾਂ 'ਤੇ ਟਰਮੀਨੇਸ਼ਨ ਦਾ ਕੁਹਾੜਾ ਅਤੇ ਸਿਹਤ ਵਿਭਾਗ ਦੇ ਠੇਕੇ ਤੇ ਦੇਣਾ ਇਹ ਸਾਬਤ ਕਰਦਾ ਹੈ ਕਿ ਲੋਕਾਂ ਤੋਂ ਰੁਜ਼ਗਾਰ ਖੋਹਣ ਦੇ ਨਾਲ ਨਾਲ ਪੰਜਾਬ ਸਰਕਾਰ ਲੋਕਾਂ ਤੋਂ ਸਿਹਤ, ਸਿੱਖਿਆ ਅਤੇ ਟਰਾਂਸਪੋਰਟ ਦੀਆਂ ਸਹੁਲਤਾਂ ਖੋਹ ਕੇ ਲੋਕਾਂ ਨੂੰ ਪ੍ਰਾਈਵੇਟ ਘਰਾਣਿਆਂ ਦੀ ਗੁਲਾਮ ਬਨਾਉਣ ਦੀ ਤਿਆਰੀ ਕਰ ਚੁੱਕੀ ਹੈ। ਸੂਬਾ ਪ੍ਰਧਾਨ ਨੇ ਕਿਹਾ ਕਿ ਸਰਕਾਰ ਦੇ ਇਸ ਨਾਦਰਸ਼ਾਹੀ ਫੁਰਮਾਨ ਖਿਲਾਫ ਪੰਜਾਬ ਦੇ ਲੋਕਾਂ ਨੂੰ ਜਗਾਉਣ ਦੀ ਲੋੜ ਹੈ। ਇਸ ਲਈ ਪਨਬੱਸ ਯੂਨੀਅਨ ਵੱਲੋਂ ਆਪਣੇ ਮਹਿਕਮੇ ਤੇ ਆਪਣੇ ਰੁਜ਼ਗਾਰ ਨੂੰ ਬਚਾਉਣ ਅਤੇ ਪੱਕਾ ਕਰਵਾਉਣ ਲਈ 24 ਜਨਵਰੀ 2019 ਨੂੰ ਲੁਧਿਆਣਾ, ਜਲੰਧਰ, ਅੰਮ੍ਰਿਤਸਰ ਵਿਖੇ ਸਰਕਾਰ ਦੇ ਪੁਤਲੇ ਫੂਕੇ ਜਾਣਗੇ ਅਤੇ ਜੇਕਰ ਸਰਕਾਰ ਨੇ ਉਹਨਾਂ ਦੀਆਂ ਮੰਗਾਂ ਪਨਬੱਸ ਵਿੱਚ ਕੰਮ ਕਰਦੇ ਮੁਲਜ਼ਮਾਂ ਨੂੰ ਰੋਡਵੇਜ਼ ਵਿੱਚ ਪੱਕਾ ਕੀਤਾ ਜਾਵੇ, ਬਰਾਬਰ ਕੰਮ ਬਰਾਬਰ ਤਨਖਾਹ ਲਾਗੂ ਕੀਤੀ ਜਾਵੇ ਆਦਿ ਦਾ ਠੋਸ ਹੱਲ ਨਾ ਕੀਤਾ ਤਾਂ 4,5 ਤੇ 6 ਫਰਵਰੀ ਨੂੰ ਤਿੰਨ ਦਿਨ ਪਨਬੱਸ ਦਾ ਮੁਕੰਮਲ ਚੱਕਾ ਜਾਮ ਕਰਕੇ 5 ਫਰਵਰੀ ਨੂੰ ਚੰਡੀਗੜ•, ਪਟਿਆਲਾ, ਦੀਨਾ ਨਗਰ ਵਿਖੇ ਸੂਬਾ ਪੱਧਰੀ ਰੈਲੀ ਕੀਤੀ ਜਾਵੇਗੀ ਅਤੇ ਜੇਕਰ ਫਿਰ ਵੀ ਸਰਕਾਰ ਨੇ ਮੰਗਾਂ ਦਾ ਹੱਲ ਨਾ ਕੀਤਾ ਤਾਂ ਅਣਮਿੱਥੇ ਸਮੇਂ ਦੀ ਹੜਤਾਲ ਕਰਕੇ ਪੂਰੇ ਪੰਜਾਬ ਵਿੱਚ ਤਿੱਖਾ ਸੰਘਰਸ਼ ਸ਼ੁਰੂ ਕੀਤਾ ਜਾਵੇਗਾ। ਇਸ ਮੌਕੇ ਜਤਿੰਦਰ ਸਿੰਘ ਪ੍ਰਧਾਨ, ਕੰਵਲਜੀਤ ਸਿੰਘ ਸਕੱਤਰ, ਮੁਖਪਾਲ ਸਿੰਘ ਕੈਸ਼ੀਅਰ, ਸੌਰਵ ਮੈਣੀ, ਹਰਜੀਤ ਸਿੰਘ, ਸੁਰਜੀਤ ਸਿੰਘ, ਰਾਜਿੰਦਰ ਸਿੰਘ, ਬੂਟਾ ਸਿੰਘ ਜੀਰਾ, ਅਮਨਦੀਪ ਸਿੰਘ ਤੋਂ ਇਲਾਵਾ ਮੌਜੂਦ ਪੰਜਾਬ ਰੋਡਵੇਜ਼ ਅਤੇ ਪਨਬੱਸ ਕੰਟਰੈਕਟ ਵਰਕਰਜ਼ ਯੂਨੀਅਨ ਦੇ ਹੋਰ ਮੁਲਾਜ਼ਮਾਂ ਨੇ ਸਰਕਾਰ ਖਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ।