ਮਾਨਸਾ, 12 ਜੂਨ 2019 (ਮਿੱਤਰ ਸੈਨ ਸ਼ਰਮਾ) - ਪਿੰਡ ਆਲੀਕੇ, ਜ਼ਿਲ੍ਹਾ ਮਾਨਸਾ ਵਿਖੇ ਕਰਜ਼ ਤੋਂ ਤੰਗ–ਪ੍ਰੇਸ਼ਾਨ ਇੱਕ ਨੌਜਵਾਨ ਕਿਸਾਨ ਨੇ ਕੋਈ ਜ਼ਹਿਰੀਲੀ ਵਸਤੂ ਨਿਗ਼ਲ ਕੇ ਆਤਮ ਹੱਤਿਆ ਕਰ ਲਈ। ਪੁਲਿਸ ਨੇ ਇਸ ਸਬੰਧੀ ਬਣਦੀ ਕਾਰਵਾਈ ਅਮਲ 'ਚ ਲਿਆਂਦੀ ਹੈ। ਜਾਣਕਾਰੀ ਅਨੁਸਾਰ ਕਿਸਾਨ 6 ਏਕੜ ਜ਼ਮੀਨ ਦਾ ਮਾਲਕ ਕਰਮਜੀਤ ਸਿੰਘ (26) ਪੁੱਤਰ ਜਗਤਾਰ ਸਿੰਘ ਵਾਸੀ ਪਿੰਡ ਅਲੀਕੇ 10 ਏਕੜ ਜ਼ਮੀਨ ਹੋਰ ਠੇਕੇ 'ਤੇ ਲੈ ਕੇ ਖੇਤੀ ਕਰਦਾ ਸੀ। ਪਰ ਫ਼ਸਲੀ ਘਾਟੇ ਕਾਰਨ ਉਸ ਦੇ ਸਿਰ ਬੈਂਕ, ਸੋਸਾਇਟੀ ਅਤੇ ਆੜਤੀਆਂ ਦਾ ਕਰੀਬ 17 ਲੱਖ ਰੁਪਏ ਕਰਜ਼ਾ ਹੋ ਗਿਆ ਸੀ, ਜਿਸ ਕਾਰਨ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਕਰਮਜੀਤ ਨੇ ਕੀਟਨਾਸ਼ਕ ਦਵਾਈ ਪੀ ਕੇ ਆਪਣੀ ਜੀਵਨ ਲੀਲ੍ਹਾ ਸਮਾਪਤ ਕਰ ਲਈ। ਝੁਨੀਰ ਪੁਲਿਸ ਦੇ ਸਹਾਇਕ ਥਾਣੇਦਾਰ ਕਰਮ ਸਿੰਘ ਨੇ ਦੱਸਿਆ ਕਿ ਮ੍ਰਿਤਕ ਕਰਮਜੀਤ ਸਿੰਘ ਦਾ ਸਿਵਲ ਹਸਪਤਾਲ ਸਰਦੂਲਗੜ੍ਹ ਤੋਂ ਪੋਸਟਮਾਰਟਮ ਕਰਵਾ ਕੇ 174 ਦੀ ਕਾਰਵਾਈ ਕਰਦਿਆਂ ਮ੍ਰਿਤਕ ਦੇਹ ਵਾਰਿਸਾਂ ਦੇ ਹਵਾਲੇ ਕਰ ਦਿੱਤੀ ਹੈ, ਜਿਸ ਦਾ ਅੱਜ ਸਸਕਾਰ ਕਰ ਦਿੱਤਾ ਗਿਆ ਹੈ। ਪਿੰਡ ਵਾਸੀਆਂ ਨੇ ਸਰਕਾਰ ਤੋਂ ਪੀੜਤ ਪਰਿਵਾਰ ਦੀ ਆਰਥਿਕ ਮੱਦਦ ਕਰਨ ਤੇ ਕਰਜ਼ਾ ਮਾਫ਼ ਕਰਨ ਦੀ ਮੰਗ ਕੀਤੀ ਹੈ।