ਬਾਬੂਸ਼ਾਹੀ ਬਿਉਰੋ
ਬਠਿੰਡਾ, 23 ਜੁਲਾਈ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਸੁਖਪ੍ਰੀਤ ਸਿੰਘ ਸਿੱਧੂ ਨੇ ਦੱਸਿਆ ਕਿ ਮੁਲਕ ਦਾ ਆਜ਼ਾਦੀ ਦਿਹਾੜਾ 15 ਅਗਸਤ ਨੂੰ ਪੂਰੇ ਸ਼ਾਨੋ ਸ਼ੋਕਤ ਨਾਲ ਮਨਾਇਆ ਜਾਵੇਗਾ। ਉਨਾਂ ਇਹ ਜਾਣਕਾਰੀ ਬਹੁ- ਮੰਤਵੀ ਖੇਡ ਸਟੇਡੀਅਮ ਵਿਖੇ ਮਨਾਏ ਜਾਣ ਵਾਲੇ ਜ਼ਿਲਾ ਪੱਧਰੀ ਸਮਾਗਮ ਦੀਆਂ ਤਿਆਰੀਆਂ ਸਬੰਧੀ ਕੀਤੀ ਗਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀ। ਇਸ ਮੌਕੇ ਉਨਾਂ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਸੌਂਪੀਆਂ ਡਿਊਟੀਆਂ ਸਮੇਂ-ਸਿਰ ਮੁਕੰਮਲ ਕਰਨ ਦੇ ਨਿਰਦੇਸ਼ ਦਿੰਦਿਆਂ ਕਿਹਾ ਕਿ ਅਧਿਕਾਰੀ ਆਪਣੀ ਡਿਊਟੀ ਪੂਰੀ ਤਨਦੇਹੀ ਅਤੇ ਜ਼ਿੰਮੇਵਾਰੀ ਨਾਲ ਨਿਭਾਉਣ। ਤਿਆਰੀਆਂ ਵਿਚ ਵੀ ਕਿਸੇ ਤਰਾਂ ਦੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਸਿੱਧੂ ਨੇ ਦੱਸਿਆ ਕਿ ਇਸ ਵਾਰ ਦੀਆਂ ਝਾਕੀਆਂ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਪ੍ਰਕਾਸ਼ ਉਤਸਵ, ਮਿਸ਼ਨ ਤੰਦਰੁਸਤ ਪੰਜਾਬ, ਸਵੱਛ ਭਾਰਤ, ਘਰ-ਘਰ ਰੋਜ਼ਗਾਰ ਯੋਜਨਾ, ਨਸ਼ਾ ਰੋਕੂ ਅਫ਼ਸਰਾਂ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਵਿਕਾਸ ਕਾਰਜਾਂ ਨੂੰ ਦਰਸਾਉਂਦੀਆਂ ਹੋਈਆਂ ਪੇਸ਼ ਕੀਤੀਆਂ ਜਾਣਗੀਆਂ। ਜ਼ਿਲਾ ਪੱਧਰੀ ਸਮਾਗਮ ਮੌਕੇ ਹੋਣ ਵਾਲੀ ਪਰੇਡ ਵਿਚ ਪੰਜਾਬ ਪੁਲਿਸ, ਕਮਾਂਡੋ ਪੁਲਿਸ, ਪੰਜਾਬ ਹੋਮਗਾਰਡ ਤੋਂ ਇਲਾਵਾ ਵੱਖ-ਵੱਖ ਸਕੂਲਾਂ ਕਾਲਜਾਂ ਦੇ ਐਨ.ਸੀ.ਸੀ., ਸਕਾਊਟਸ ਅਤੇ ਗਾਈਡਸ ਅਤੇ ਨਰਸਿੰਗ ਦੇ ਵਿਦਿਆਰਥੀਆਂ ਦੀਆਂ ਪਲਟੂਨਾਂ ਵਲੋਂ ਸਮੂਲੀਅਤ ਕੀਤੀ ਜਾਵੇਗੀ । ਉਨਾਂ ਇਹ ਵੀ ਦੱਸਿਆ ਕਿ ਇਸ ਸਬੰਧੀ 13 ਅਗਸਤ ਨੂੰ ਸਪੋਰਟਸ ਸਟੇਡੀਅਮ ਬਠਿੰਡਾ ਵਿਖੇ ਫੁੱਲ ਡਰੈਸ ਰਿਹਰਸਲ ਹੋਵੇਗੀ। ਸ੍ਰੀ ਸਿੱਧੂ ਨੇ ਦੱਸਿਆ ਕਿ ਆਜ਼ਾਦੀ ਦਿਹਾੜੇ ਮੌਕੇ ਹੋਣ ਵਾਲੇ ਸਮਾਗਮ ਦੇ ਮੱਦੇਨਜ਼ਰ ਸ਼ਹਿਰ ਦੇ ਸ਼ਹੀਦ ਨੰਦ ਸਿੰਘ ਚੌਂਕ, ਬਾਬਾ ਵਾਲਮਿਕ ਚੌਂਕ, ਸਰਕਟ ਹਾਊਸ ਦੇ ਨੇੜੇ ਰਜਿੰਦਰਾ ਕਾਲਜ ਵਾਲਾ ਚੌਂਕ, ਡੌਲਫਿਨ ਚੌਂਕ ਮਾਨਸਾ ਰੋਡ, ਜ਼ਿਲਾ ਪ੍ਰਸ਼ਾਸਕੀ ਕੰਪਲੈਕਸ ਨੇੜੇ ਡਾ. ਅੰਬੇਡਕਰ ਪਾਰਕ ਅਤੇ ਘੋੜੇ ਵਾਲਾ ਚੌਂਕ ਦੀ ਸਜਾਵਟ ਕੀਤੀ ਜਾਵੇਗੀ। ਇਸ ਸਬੰਧ ਵਿੱਚ ਉਨਾਂ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀ ਡਿਊਟੀ ਲਗਾਕੇ 14 ਅਗਸਤ ਦੁਪਹਿਰ ਤੱਕ ਸਾਰੇ ਚੌਕਾਂ ਦੀ ਸਜਾਵਟ ਕਰਨ ਨੂੰ ਯਕੀਨੀ ਬਣਾਉਣ ਦੇ ਆਦੇਸ਼ ਦਿੱਤੇ। ਉਨਾਂ ਇਹ ਵੀ ਦੱਸਿਆ ਕਿ ਜ਼ਿਲਾ ਰੈਡ ਕਰਾਸ ਸੁਸਾਇਟੀ ਦੁਆਰਾ ਇਸ ਮੌਕੇ 'ਤੇ ਲੋੜਵੰਦ ਵਿਅਕਤੀਆਂ ਨੂੰ ਸਿਲਾਈ ਮਸ਼ੀਨਾਂ ਅਤੇ ਅਪਾਹਜ ਵਿਅਕਤੀਆਂ ਨੂੰ ਟਰਾਈ ਸਾਇਕਲਾਂ ਦੀ ਵੰਡ ਕੀਤੀ ਜਾਵੇਗੀ। ਵਧੀਕ ਡਿਪਟੀ ਕਮਿਸ਼ਨਰ ਨੇ ਸਬੰਧਤ ਅਧਿਕਾਰੀਆਂ ਨੂੰ ਰਿਹਰਸਲਾਂ ਅਤੇ ਸਮਾਗਮ ਵਾਲੇ ਦਿਨ ਸਟੇਡੀਅਮ ਵਿਖੇ ਸਾਫ਼ ਸਫ਼ਾਈ ਤੋਂ ਇਲਾਵਾ ਵਿਦਿਆਰਥੀਆਂ ਲਈ ਪੀਣ ਵਾਲੇ ਸ਼ੁੱਧ ਪਾਣੀ ਦੀ ਉਪਲੱਬਧਤਾ ਅਤੇ ਰਿਫਰੈਸ਼ਮੈਂਟ ਤੋਂ ਇਲਾਵਾ ਬਾਕੀ ਇੰਤਜ਼ਾਮ ਸੁਚੱਜੇ ਢੰਗ ਨਾਲ ਯਕੀਨੀ ਬਨਾਉਣ ਦੇ ਵੀ ਆਦੇਸ਼ ਦਿੱਤੇ। ਇਸ ਮੌਕੇ ਐਸ.ਡੀ.ਐਮ. ਬਠਿੰਡਾ ਸ਼੍ਰੀ ਅਮਰਿੰਦਰ ਸਿੰਘ ਟਿਵਾਣਾ, ਐਸ.ਡੀ.ਐਮ. ਤਲਵੰੰਡੀ ਸਾਬੋ ਸ਼੍ਰੀ ਬਬਨਦੀਪ ਸਿੰਘ ਵਾਲੀਆ, ਐਸ.ਡੀ.ਐਮ. ਰਾਮਪੁਰਾ ਫੂਲ ਸ਼੍ਰੀ ਖੁਸ਼ਦਿਲ ਸਿੰਘ, ਸਿਵਲ ਸਰਜਨ ਡਾ. ਹਰੀ ਨਰਾਇਣ ਸਿੰਘ, ਸਹਾਇਕ ਕਮਿਸ਼ਨਰ ਸ਼ਿਕਾਇਤਾਂ ਸ਼੍ਰੀ ਵਰਿੰਦਰ ਸਿੰਘ ਤੋਂ ਇਲਾਵਾ ਹੋਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।