ਅੰਮ੍ਰਿਤਸਰ, 21 ਸਤੰਬਰ 2019 - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਪੋਲੀਟੀਕਲ ਐਡਵਾਈਜ਼ਰ ਇੰਦਰਬੀਰ ਸਿੰਘ ਬੁਲਾਰੀਆ ਦੇ ਗ੍ਰਹਿ ਵਿਖੇ ਅੱਜ ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਓਮ ਪ੍ਰਕਾਸ਼ ਸੋਨੀ, ਕੈਬਨਿਟ ਮੰਤਰੀ ਡਾ .ਰਾਜ ਕੁਮਾਰ ਵੇਰਕਾ ਚੇਅਰਮੈਨ ਵੇਅਰ ਹਾਊਸਿੰਗ ਕਾਰਪੋਰੇਸ਼ਨ ਪੰਜਾਬ, ਵਿਧਾਇਕ ਸੁਨੀਲ ਦੱਤੀ ਤੇ ਸ਼ਹਿਰ ਦੀ ਸੀਨੀਅਰ ਕਾਂਗਰਸੀ ਲੀਡਰਸ਼ਿਪ ਵਲੋਂ ਮੀਟਿੰਗ ਕੀਤੀ ਗਈ। ਮੀਟਿੰਗ ਵਿੱਚ ਸ਼ਹਿਰ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਅਤੇ ਕਾਨੂੰਨ ਵਿਵਸਥਾ ਨੂੰ ਹੋਰ ਚੁਸਤ-ਦਰੁਸਤ ਬਣਾਉਣ ਲਈ ਵਿਚਾਰਾਂ ਹੋਈਆਂ। ਮੀਟਿੰਗ ਦੌਰਾਨ ਪਹੁੰਚੇ ਅੰਮ੍ਰਿਤਸਰ ਪੁਲਿਸ ਦੇ ਨਵ-ਨਿਯੁਕਤ ਕਮਿਸ਼ਨਰ ਡਾ. ਸੁਖਚੈਨ ਸਿੰਘ ਗਿੱਲ ਨੂੰ ਕਾਨੂੰਨ ਵਿਵਸਥਾ ਨੂੰ ਹੋਰ ਬਿਹਤਰ ਬਣਾਉਣ ਲਈ ਪਹੁੰਚੀ ਸਮੁੱਚੀ ਲੀਡਰਸ਼ਿਪ ਨੇ ਹਰ ਤਰ੍ਹਾਂ ਦੇ ਸਹਿਯੋਗ ਦਾ ਭਰੋਸਾ ਦਿਵਾਇਆ। ਇਸ ਦੌਰਾਨ ਪੁਲਿਸ ਕਮਿਸ਼ਨਰ ਨੇ ਕਿਹਾ ਕਿ ਗੁਰੂ ਕੀ ਨਗਰੀ ਅੰਮ੍ਰਿਤਸਰ ਵਿੱਚ ਸੇਵਾ ਕਰਨਾ ਉਨ੍ਹਾਂ ਲਈ ਸੁਭਾਗ ਭਰਿਆ ਮੌਕਾ ਹੋਵੇਗਾ। ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਪਵਿੱਤਰ ਸ਼ਹਿਰ ਨੂੰ ਅਪਰਾਧ ਮੁਕਤ ਕਰਨ ਕਰਨਾ ਉਨ੍ਹਾਂ ਦੀ ਪ੍ਰਮੁੱਖਤਾ ਹੋਵੇਗੀ।
ਉਨ੍ਹਾਂ ਲੋਕ ਨੁਮਾਇੰਦਿਆਂ ਕੋਲੋਂ ਕਾਨੂੰਨ ਵਿਵਸਥਾ ਨੂੰ ਹੋਰ ਸੁਚਾਰੂ ਢੰਗ ਨਾਲ ਚਲਾਉਣ ਲਈ ਸਹਿਯੋਗ ਦੀ ਅਪੀਲ ਵੀ ਕੀਤੀ। ਇਸ ਤੋਂ ਇਲਾਵਾ 8 ਅਕਤੂਬਰ ਨੂੰ ਸ਼ਹਿਰ ਦੇ ਵੱਖ -ਵੱਖ ਥਾਵਾਂ 'ਤੇ ਹੋਣ ਵਾਲੇ ਦੁਸਹਿਰੇ ਦੇ ਪ੍ਰੋਗਰਾਮਾਂ ਸਬੰਧੀ ਵੀ ਵਿਚਾਰ-ਚਰਚਾ ਕੀਤੀ ਗਈ। ਇਸ ਦੌਰਾਨ ਕਿਸੇ ਵੀ ਅਣਸੁਖਾਵੀਂ ਘਟਨਾ ਨਾਲ ਨਜਿੱਠਣ ਲਈ ਪੁਲਸ ਵੱਲੋਂ ਕੀਤੇ ਜਾਣ ਵਾਲੇ ਅਗੇਤੇ ਪ੍ਰਬੰਧਾਂ ਬਾਰੇ ਵੀ ਖੁੱਲ੍ਹ ਕੇ ਵਿਚਾਰਾਂ ਹੋਈਆਂ। ਕੈਬਨਿਟ ਮੰਤਰੀ ਸੋਨੀ ਤੇ ਕੈਬਨਿਟ ਮੰਤਰੀ ਡਾ.ਰਾਜ ਕੁਮਾਰ ਵੇਰਕਾ ਨੇ ਕਿਹਾ ਕਿ ਅੰਮ੍ਰਿਤਸਰ ਸ਼ਹਿਰ ਵਿੱਚ ਸਰਬਪੱਖੀ ਵਿਕਾਸ ਅਤੇ ਕਾਨੂੰਨ ਵਿਵਸਥਾ ਨੂੰ ਲੈ ਕੇ ਹਰ ਮਹੀਨੇ ਪੁਲਿਸ ਤੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਮੀਟਿੰਗਾਂ ਲਗਾਤਾਰ ਕੀਤੀਆਂ ਜਾਣਗੀਆਂ ਤੇ ਪ੍ਰਸ਼ਾਸਨ ਨੂੰ ਲੋਕਾਂ ਪ੍ਰਤੀ ਜਵਾਬ ਦੇਹ ਬਣਾਇਆ ਜਾਵੇਗਾ। ਇਸ ਮੌਕੇ ਮੁੱਖ ਮੰਤਰੀ ਦੇ ਪੋਲੀਟੀਕਲ ਐਡਵਾਈਜ਼ਰ ਇੰਦਰਬੀਰ ਸਿੰਘ ਬੁਲਾਰੀਆ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਹੇਠ ਚੁਣੇ ਨੁਮਾਇੰਦਿਆਂ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਵਿਚਕਾਰ ਸੁਖਾਵੇਂ ਸਬੰਧ ਬਣਾਉਣ ਲਈ ਕੀਤੀ ਗਈ ਪਹਿਲਕਦਮੀ ਦੇ ਸਾਰਥਕ ਨਤੀਜੇ ਸਾਹਮਣੇ ਆਉਣਗੇ। ਬੁਲਾਰੀਆ ਨੇ ਕਿਹਾ ਕਿ ਆਮ ਪਬਲਿਕ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਵਿੱਚ ਬਿਹਤਰ ਤਾਲਮੇਲ ਬਣਾਉਣ ਲਈ ਉਹ ਹਰ ਸੰਭਵ ਕੋਸ਼ਿਸ਼ ਕਰਨਗੇ ਤੇ ਸਮੇਂ - ਸਮੇਂ 'ਤੇ ਮੁੱਖ ਮੰਤਰੀ ਨੂੰ ਆਉਣ ਵਾਲੀਆਂ ਮੁਸ਼ਕਿਲਾਂ ਬਾਰੇ ਜਾਣੂ ਕਰਵਾ ਕੇ ਉਨ੍ਹਾਂ ਦਾ ਹੱਲ ਕਰਵਾਉਣਗੇ। ਇਸ ਮੌਕੇ 'ਤੇ ਹੋਰਨਾਂ ਤੋਂ ਇਲਾਵਾ ਪੰਜਾਬ ਖਾਦੀ ਬੋਰਡ ਦੇ ਚੇਅਰਮੈਨ ਮਮਤਾ ਦੱਤਾ, ਇੰਪਰੂਵਮੈਂਟ ਟਰੱਸਟ ਅੰਮ੍ਰਿਤਸਰ ਦੇ ਚੇਅਰਮੈਨ ਦਿਨੇਸ਼ ਬੱਸੀ, ਪੰਜਾਬ ਵਾਟਰ ਸਪਲਾਈ ਤੇ ਸੀਵਰੇਜ ਬੋਰਡ ਦੇ ਚੇਅਰਮੈਨ ਪ੍ਰਗਟ ਸਿੰਘ ਧੁੰਨਾ , ਸੀ. ਵਾਈਸ ਚੇਅਰਮੈਨ ਰਾਜ ਕੰਵਲ ਪ੍ਰੀਤ ਸਿੰਘ ਲੱਕੀ, ਸੀਨੀਅਰ ਡਿਪਟੀ ਮੇਅਰ ਰਮਨ ਬਖਸ਼ੀ, ਡਿਪਟੀ ਮੇਅਰ ਯੂਨਸ , ਜ਼ਿਲ੍ਹਾ ਕਾਂਗਰਸ ਕਮੇਟੀ ਸ਼ਹਿਰੀ ਦੀ ਪ੍ਰਧਾਨ ਜਤਿੰਦਰ ਸੋਨੀਆ, ਸਾਬਕਾ ਸ਼ਹਿਰੀ ਪ੍ਰਧਾਨ ਜੁਗਲ ਕਿਸ਼ੋਰ ਸ਼ਰਮਾ, ਅਸ਼ਵਨੀ ਪੱਪੂ, ਸੋਨੂੰ ਦੱਤੀ ਤੋਂ ਇਲਾਵਾ ਸ਼ਹਿਰ ਦੇ ਪ੍ਰਮੁੱਖ ਕਾਂਗਰਸੀ ਆਗੂ ਹਾਜ਼ਰ ਸਨ।