ਪਰਵਿੰਦਰ ਕੰਧਾਰੀ / ਦੇਵਾ ਨੰਦ ਸ਼ਰਮਾ
- ਮਚਾਕੀ ਕਲਾਂ ਦੇ 19 ਸਾਲਾ ਧੀਰਜ ਨੂੰ ਤੰਦਰੁਸਤ ਹੋਣ ਤੇ ਮਿਲੀ ਹਸਪਾਤਲ ਤੋਂ ਛੁੱਟੀ
- ਸੁਚੇਤ ਰਹਿਣ ਅਤੇ ਜਾਰੀ ਅਡਵਾਇਜ਼ਰੀਆਂ ਦੀ ਪਾਲਣਾ ਕਰਨ ਲੋਕ-ਡਾ.ਰਜਿੰਦਰ
ਫਰੀਦਕੋਟ, 5 ਜੁਲਾਈ - ਫਰੀਦਕੋਟ ਜ਼ਿਲ੍ਹੇ ਵਿੱਚ 8 ਜਾਣਿਆ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਆਈ ਹੈ। ਹੁਣ ਫਰੀਦਕੋਟ ਜ਼ਿਲ੍ਹੇ ਵਿੱਚ ਐਕਟਿਵ ਕੇਸਾਂ ਦੀ ਗਿਣਤੀ 20 ਹੋ ਗਈ ਹੈ। ਪੰਜਾਬ ਦੇ ਮੁੱਖ ਮੰਤਰੀ,ਕੈਪਟਨ ਅਮਰਿੰਦਰ ਸਿੰਘ ਵੱਲੋਂ ਸ਼ੁਰੂ ਕੀਤੇ ਮਿਸ਼ਨ ਫਤਿਹ ਤਹਿਤ ਦਿਸ਼ਾ ਨਿਰਦੇਸ਼ਾਂ ਤਹਿਤ ਕੋਰੋਨਾ ਮਹਾਂਮਾਰੀ ਨੂੰ ਕਾਬੂ ਕਰਨ ਲਈ ਡਿਪਟੀ ਕਮਿਸ਼ਨਰ ਫਰੀਦਕੋਟ ਵਿਮਲ ਕੁਮਾਰ ਸੇਤੀਆ,ਆਈ.ਏ.ਐਸ ਦੀ ਯੋਗ ਅਗਵਾਈ ਹੇਠ ਵੱਖ-ਵੱਖ ਵਿਭਾਗਾਂ ਵੱਲੋਂ ਹਰ ਸੰਭਵ ਉਪਰਾਲਾ ਕੀਤਾ ਜਾ ਰਿਹਾ ਹੈ,ਕੋਰੋਨਾ ਦੀ ਚੇਨ ਨੂੰ ਤੋੜਨ ਲਈ ਕਰਮਚਾਰੀ ਅਤੇ ਅਧਿਕਾਰੀ ਤਨਦੇਹੀ ਨਾਲ ਸੇਵਵਾਂ ਨਿਭਾ ਰਹੇ ਹਨ।
ਸਿਵਲ ਸਰਜਨ ਡਾ.ਰਜਿੰਦਰ ਕੁਮਾਰ ਨੇ ਦੱਸਿਆ ਕਿ ਅੱਜ ਤੱਕ 10332 ਸੈਂਪਲ ਲੈਬ ਵਿੱਚ ਭੇਜੇ ਜਾ ਚੱਕੇ ਹਨ।ਪ੍ਰਾਪਤ ਨਤੀਜਿਆਂ ਵਿੱਚ ਫਰੀਦਕੋਟ ਦੇ ਪਹਿਲਾਂ ਪਾਜ਼ੀਟਿਵ ਆਏ ਨਿਊ ਹਰਿੰਦਰਾ ਨਗਰ ਦੇ ਪੁਲਿਸ ਅਧਿਕਾਰੀ ਦੀ ਪਤਨੀ ਅਤੇ 24 ਸਾਲਾ ਬੇਟੇ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਆਈ ਹੈ ,ਇਸੇ ਤਰ੍ਹਾਂ ਪਹਿਲਾਂ ਪਾਜ਼ੀਟਿਵ ਆਏ ਦਸਮੇਸ਼ ਨਗਰ ਦੇ ਵਿਅਕਤੀ ਦੀ ਪਤਨੀ ਦੀ ਰਿਪੋਰਟ ਵੀ ਕੋਰੋਨਾ ਪਾਜ਼ੀਟਿਵ ਆਈ ਹੈ।ਬਾਕੀ ਕੋਰੋਨਾ ਪਾਜ਼ੀਟਿਵ ਆਏ ਕੇਸਾਂ ਵਿੱਚ 1 ਪਿੰਡ ਜਲਾਲੇਆਣਾ ਦੀ 70 ਸਾਲਾ ਔਰਤ,1 ਪਿੰਡ ਸੰਧਵਾਂ ਦਾ ਰਹਿਣ ਵਾਲਾ 45 ਸਾਲਾ ਵਿਅਕਤੀ ਜੋ ਡਰਾਈਵਰ ਹੈ,1 ਕੋਟਕਪੂਰਾ ਦੀ ਕ੍ਰਿਸ਼ਨਾ ਰਾਈਸ ਮਿੱਲ ਤੇ ਯੁ.ਪੀ ਤੋਂ ਆਇਆ ਵਰਕਰ ਅਤੇ ਕੋਟਕਪੂਰੇ ਦੇ 2 ਕੇਸ, ਫਤਿਹ ਸਿੰਘ ਨਗਰ ਦਾ ਰਹਿਣ ਵਾਲਾ ਪੁਲਿਸ ਕਰਮਚਾਰੀ ਅਤੇ ਪ੍ਰੇਮ ਨਗਰ ਦਾ 44 ਸਾਲਾ ਵਿਅਕਤੀ ਸ਼ਾਮਿਲ ਹੈ।ਹੁਣ ਤੱਕ ਜ਼ਿਲ੍ਹੇ ਦੇ 100 ਵਿਅਕਤੀ ਕੋਰੋਨਾ ਤੋਂ ਤੰਦਰੁਸਤ ਹੋ ਚੱਕੇ ਹਨ।ਹਾਲ ਹੀ ਵਿੱਚ ਪਾਜ਼ੀਟਿਵ ਆਏ ਮਰੀਜ਼ਾਂ ਨੂੰ ਆਈਸੋਲੇਸ਼ੇਨ ਵਾਰਡ ਵਿੱਚ ਦਾਖਲ ਕਰਵਾਇਆ ਗਿਆ ਹੈ।ਹੁਣ ਜ਼ਿਲ੍ਹੇ ਵਿੱਚ ਕੋਰੋਨਾ ਦੇ ਐਕਟਿਵ ਕੇਸ 19 ਹਨ।
ਸਿਵਲ ਸਰਜਨ ਡਾ.ਰਜਿੰਦਰ ਨੇ ਜ਼ਿਲ੍ਹੇ ਅੰਦਰ ਆਏ 8 ਕੇਸਾਂ ਨੂੰ ਦੇਖਦਿਆਂ ਕਿਹਾ ਕਿ ਸਾਨੂੰ ਸੰਭਲਣ ਦੀ ਲੋੜ ਹੈ,ਜ਼ਿਲ੍ਹਾ ਨਿਵਾਸੀਆਂ ਨੂੰ ਸੁਚੇਤ ਰਹਿਣ,ਲਾਪਰਵਾਹੀ ਨਾ ਵਰਤਣ ਅਤੇ ਸਿਹਤ ਵਿਭਾਗ ਵੱਲੋਂ ਜਾਰੀ ਹਦਾਇਤਾਂ ਅਤੇ ਅਡਵਾਇਜ਼ਰੀਆਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ।ਮੀਡੀਆ ਇੰਚਾਰਜ ਬੀ.ਈ.ਈ ਡਾ.ਪ੍ਰਭਦੀਪ ਸਿੰਘ ਚਾਵਲਾ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਜ਼ਿਲ੍ਹਾ ਨਿਵਾਸੀਆਂ ਨੂੰ ਕੋਰੋਨਾ ਦੀ ਰੋਕਥਾਮ ਲਈ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਸਰਕਾਰ ਵੱਲੋਂ ਜਾਰੀ ਅਡਵਾਇਜ਼ਰੀਆਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਜਾ ਰਹੀ ਹੈ।ਵਿਭਾਗ ਵੱਲੋਂ ਸੈਂਪਲਿੰਗ ਤੇਜ ਕਰਨ ਅਤੇ ਲੋਕਾਂ ਨੂੰ ਸੈਂਪਲਿੰਗ ਪ੍ਰਕਿਰਿਆ ਦੀ ਸਹੀ ਜਾਣਕਾਰੀ ਵੀ ਦਿੱਤੀ ਜਾ ਰਹੀ ਹੈ।
ਜ਼ਿਲ੍ਹਾ ਐਪੀਡਿਮੋਲੋਜਿਸਟ ਡਾ.ਵਿਕਰਮਜੀਤ ਸਿੰਘ ਅਤੇ ਡਾ.ਅਨੀਤਾ ਚੌਹਾਨ ਨੇ ਦੱਸਿਆ ਕਿ ਸਿਹਤ ਮੰਤਰੀ ਪੰਜਾਬ ਸ.ਬਲਬੀਰ ਸਿੰਘ ਸਿੱਧੂ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਕ ਸ਼ੱਕੀ ਮਰੀਜ਼ਾਂ ਦੀ ਭਾਲ ਲਈ ਵਿਭਾਗ ਵੱਲੋਂ ਵਿਸ਼ੇਸ਼ ਸਰਵੇ ਘਰ-ਘਰ ਨਿਗਰਾਨੀ ਚੱਲ ਰਿਹਾ ਹੈ,ਕੋਰੋਨਾ ਦੀ ਰੋਕਥਾਮ ਲਈ ਵਿਭਾਗ ਵੱਲੋਂ 180 ਸ਼ੱਕੀ ਮਰੀਜ਼ਾਂ ਦੇ ਸੈਂਪਲ ਇਕੱਤਰ ਕਰਕੇ ਜਾਂਚ ਲਈ ਭੇਜੇ ਗਏ ਹਨ।ਉਨਾਂ ਕਿਹਾ ਕਿ ਪਾਜ਼ੀਟਿਵ ਆਏ ਕੇਸਾਂ ਦੇ ਸੰਪਰਕ ਵਿੱਚ ਆਏ ਪਰਿਵਾਰਕ ਮੈਂਬਰਾਂ ਅਤੇ ਹੋਰ ਵਿਅਕਤੀਆਂ ਦੀ ਸੂਚੀ ਤਿਆਰ ਕੀਤੀ ਜਾ ਰਹੀ ਹੈ ਤਾਂ ਜੋ ਉਨਾਂ ਦੇ ਸੈਂਪਲ ਇਕੱਤਰ ਕਰਕੇ ਉਨਾਂ ਨੂੰ ਇਕਾਂਤਵਾਸ ਕੀਤਾ ਜਾ ਸਕੇ,ਉਨਾਂ ਕਿਹਾ ਕਿ ਕੋਈ ਵੀ ਸ਼ੱਕ ਦੂਰ ਕਰਨ ਲਈ ਨੇੜੇ ਦੇ ਫਲੂ ਕਾਰਨਰ ਤੇ ਜਾ ਕੇ ਕੋਰੋਨਾ ਸੈਂਪਲ ਦੇ ਸਕਦਾ ਹੈ।