ਰਾਜਵੰਤ ਸਿੰਘ
ਸ੍ਰੀ ਮੁਕਤਸਰ ਸਾਹਿਬ, 16 ਸਤੰਬਰ 2020 - ਪੰਜਾਬ ਯੂਟੀ ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫਰੰਟ ਦੀ ਸੂਬਾ ਕਮੇਟੀ ਵੱਲੋਂ ਕੀਤੇ ਗਏ ਫੈਸਲੇ ਤਹਿਤ ਜ਼ਿਲ੍ਹੇ ਅੰਦਰ 16 ਤੋਂ 30 ਸਤੰਬਰ ਤੱਕ 15 ਦਿਨਾਂ ਦੀ ਲੜੀਵਾਰ ਭੁੱਖ ਹੜਤਾਲ ਕੀਤੀ ਜਾ ਰਹੀ ਹੈ। ਸਥਾਨਕ ਬੱਸ ਸਟੈਂਡ ਵਿਖੇ ਸ਼ੁਰੂ ਕੀਤੀ ਗਈ ਭੁੱਖ ਹੜਤਾਲ ਦੌਰਾਨ ਅਹੁਦੇਦਾਰਾਂ ਨੇ ਕੋਵਿਡ-19 ਨਿਯਮਾਂ ਦੀ ਪਾਲਣਾ ਕਰਦਿਆਂ ਸਰਕਾਰ ਦੇ ਮੁਲਾਜ਼ਮ ਮਾਰੂ ਨੀਤੀਆਂ ਨੂੰ ਕੋਸਿਆ।
ਇਸ ਮੌਕੇ ਸਰਕਾਰ ਤੋਂ ਮੰਗ ਕੀਤੀ ਗਈ ਕਿ ਮੁਲਾਜ਼ਮਾਂ ਦੇ ਤਨਖ਼ਾਹ ਕਮਿਸ਼ਨ ਦੀ ਰਿਪੋਰਟ, ਡੀਏ ਦੀਆਂ ਕਿਸ਼ਤਾਂ ਜਾਰੀ ਕੀਤੀਆਂ ਜਾਣ, ਕੱਚੇ ਮੁਲਾਜ਼ਮਾਂ ਨੂੰ ਪੱਕੇ ਕੀਤਾ ਜਾਵੇ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕੀਤੀ ਜਾਵੇ, ਕੈਸ਼ਲੈਸ ਮੈਡੀਕਲ ਯੋਜਨਾ ਨੂੰ ਸੁਧਰੇ ਰੂਪ ਵਿੱਚ ਲਾਗੂ ਕੀਤਾ ਜਾਵੇ ਤੇ ਵੱਖ-ਵੱਖ ਵਿਭਾਗਾਂ ਵਿੱਚ ਕੰਮ ਕਰਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਵਿਭਾਗੀ ਮੰਗਾਂ ਦਾ ਨਿਪਟਾਰਾ ਕੀਤਾ ਜਾਵੇ। ਇਸ ਮੌਕੇ ਅਹੁਦੇਦਾਰਾਂ ਨੇ ਕਿਹਾ ਕਿ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਲਾਗੂ ਨਹੀਂ ਹੁੰਦੀਆਂ, ਇਹ ਹੜਤਾਲ ਲਗਾਤਾਰ ਜਾਰੀ ਰਹੇਗੀ। ਇਸ ਮੌਕੇ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਵੀ ਕੀਤਾ ਗਿਆ। ਇਸ ਮੌਕੇ ਮਨੋਹਰ ਲਾਲ ਸ਼ਰਮਾ, ਭੰਵਰ ਲਾਲ ਸ਼ਰਮਾ, ਸੁਰਿੰਦਰਪਾਲ ਸਿੰਘ, ਜਤਿੰਦਰ ਕੁਮਾਰ, ਦਲਬੀਰ ਸਿੰਘ, ਕੁਲਵੰਤ ਸਿੰਘ ਮਾਨ, ਹਰਬੰਸ ਸਿੰਘ, ਅੰਗਰੇਜ ਸਿੰਘ, ਹਰਭਗਵਾਨ ਸਿੰਘ ਆਦਿ ਹਾਜ਼ਰ ਸਨ।