ਅਸ਼ੋਕ ਵਰਮਾ
ਚੰਡੀਗੜ੍ਹ, 23 ਸਤੰਬਰ 2020 - ਮੋਦੀ ਸਰਕਾਰ ਵੱਲੋਂ ਲਿਆਂਦੇ ਖੇਤੀ ਬਿੱਲਾਂ ਖਿਲਾਫ ਸੰਘਰਸ਼ ਨੂੰ ਤੇਜ ਕਰਦਿਆਂ 31 ਸੰਘਰਸ਼ਸੀਲ ਜੱਥੇਬੰਦੀਆਂ ਨੇ ਪੰਜਾਬ ਬੰਦ ਤੋਂ ਬਾਅਦ ਅਣਮਿਥੇ ਸਮੇਂ ਲਈ ਰੇਲਾਂ ਜਾਮ ਕਰਨ ਅਤੇ ਭਾਜਪਾ ਦੇ ਬਾਈਕਾਟ ਦੀ ਧਮਕੀ ਦਿੱਤੀ ਹੈ। ਜੱਥੇਬੰਦੀਆਂ ਦੇ ਇਸ ਪੈਂਤੜੇ ਨਾਲ ਮੋਦੀ ਸਰਕਾਰ ਅਤੇ ਸੰਘਰਸ਼ੀ ਧਿਰਾਂ ਵਿਚਕਾਰ ਨਵਾਂ ਟਕਰਾਅ ਬਣ ਗਿਆ ਹੈ। ਹੁਣ ਪਹਿਲੀ ਅਕਤੂਬਰ ਤੋਂ ਪੰਜਾਬ ’ਚ ਅਣਮਿਥੇ ਸਮੇਂ ਲੲਂ ਰੇਲਾਂ ਰੋਕੀਆਂ ਜਾਣਗੀਆਂ। ਇਸ ਦੇ ਨਾਲ ਹੀ ਇਸ ਦੇ ਨਾਲ ਪਿੰਡਾਂ ਵਿੱਚ ਗ੍ਰਾਮ ਸਭਾਵਾਂ ਸੱਦ ਕੇ ਖੇਤੀ ਬਿੱਲਾਂ ਨੂੰ ਰੱਦ ਕਰਨ ਦੇ ਮਤੇ ਪਵਾਕੇ ਭਾਰਤ ਸਰਕਾਰ ਅਤੇ ਰਾਸ਼ਟਰਪਤੀ ਨੂੰ ਭੇਜੇ ਜਾਣਗੇ। ਇਸ ਤੋਂ ਬਿਨਾਂ ਭਾਜਪਾ ਦੇ ਵਿਧਾਇਕਾਂ,ਸੰਸਦ ਮੈਂਬਰਾਂ, ਸੂਬਾ ਪ੍ਰਧਾਨ ਅਤੇ ਜਿਲਾ ਪ੍ਰਧਾਨਾਂ ਦਾ ਵਿਰੋਧ ਕਰਕੇ ਕਾਲੇ ਝੰਡੇ ਵਿਖਾਏ ਜਾਣਗੇ। ਬੀ ਕੇ ਯੂ ਰਾਜੇਵਾਲ ਦੇ ਪ੍ਰਧਾਨ ਬਲਵੀਰ ਸਿੰਘ ਰਾਜੇਵਾਲ ਦੀ ਪ੍ਰਧਾਨਗੀ ਹੇਠ ਸਾਂਝੀ ਮੀਟਿੰਗ ’ਚ ਇਹ ਫੈਸਲੇ ਕੀਤੇ ਹਨ। ਮੀਟਿਗ ’ਚ ਖੇਤੀ ਕਾਨੂੰਨ ਅਤੇ ਪੰਜਾਬ ਅਸੈਂਬਲੀ ਇਜਲਾਸ ’ਚ ਖੇਤੀ ਬਿੱਲ ਰੱਦ ਕਰਾਉਣ ਦੇ ਮਤੇ ਪਾਉਣ ਤੱਕ ਸੰਘਰਸ਼ ਜਾਰੀ ਰੱਖਣ ਦਾ ਫੈਸਲਾ ਵੀ ਕੀਤਾ ਹੈ।
ਪ੍ਰੈੱਸ ਦੇ ਨਾਂ ਬਿਆਨ ਜਾਰੀ ਕਰਦਿਆਂ ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਪ੍ਰੈੱਸ ਸਕੱਤਰ ਹਰਜੀਤ ਸਿੰਘ ਰਵੀ ਨੇ ਦੱਸਿਆ ਕਿਸਾਨਾਂ ਵਿਰੋਧੀ ਤਿੰਨ ਆਰਡੀਨੈਂਸਾਂ, ਬਿਜਲੀ ਬਿੱਲ 2020, ਤੇਲ ਦੀਆਂ ਕੀਮਤਾਂ ਘੱਟ ਕਰਨ ਅਤੇ ਬੁੱਧੀਜੀਵੀਆਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਹੁਣ 1 ਅਕਤੂਬਰ ਤੋਂ ਪੰਜਾਬ ‘ਚ ਅਣਮਿੱਥੇ ਸਮੇਂ ਲਈ ਰੇਲਾਂ ਰੋਕੀਆਂ ਜਾਣਗੀਆਂ । 25 ਸਤੰਬਰ ਦੇ ਪੰਜਾਬ ਬੰਦ ਦੇ ਸੱਦੇ ਨੂੰ ਸਫਲ ਬਣਾਉਣ ਲਈ ਸਮੂਹ ਪੰਜਾਬ ਵਾਸੀਆਂ ਨੂੰ ਬੰਦ ਕਰਨ ਵਿੱਚ ਪੂਰਨ ਤੌਰ ਤੇ ਸਹਿਯੋਗ ਦੇਣ ਦੀ ਸਹਿਯੋਗ ਦੇਣ ਦੀ ਅਪੀਲ ਕੀਤੀ ਹੈ। ਅਕਾਲੀ ਦਲ ਵੱਲੋਂ ਕਿਸਾਨ ਜਥੇਬੰਦੀਆਂ ਦੇ ਸਵੇਰ ਤੋਂ ਲੈ ਕੇ ਵਜੇ ਤੋਂ ਲੈ ਕੇ ਸ਼ਾਮ ਦੇ 4 ਵਜੇ ਤੱਕ ਬੰਦ ਦੇ ਬਰਾਬਰ ਤਿੰਨ ਘੰਟੇ ਜਾਮ ਦੇ ਸੱਦੇ ਨੂੰ ਘਚੋਲਾ ਪੈਦਾ ਕਰਨ ਦੀ ਕੋਸ਼ਿਸ਼ ਕਰਾਰ ਦਿੰਦਿਆਂ ਇਸ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਉਨ੍ਹਾਂ ਭਾਜਪਾ ਨੇ ਸ਼ਹਿਰਾਂ ਵਿੱਚ ਕਾਨਫਰੰਸਾਂ ਸੱਦ ਕੇ ਆਰਡੀਨੈਂਸਾਂ ਨੂੰ ਸਹੀ ਪ੍ਰਚਾਰਨ ਦੇ ਫੈਸਲੇ ਨੂੰ ਨਿਖੇਧੀਯੋਗ ਦੱਸਦਿਆਂ ਕਿਹਾ ਕਿ ਅਜਿਹਾ ਕਰਕੇ ਕਿਸਾਨਾਂ ਦੇ ਜਖਮਾਂ ਤੇ ਲੂਣ ਛਿੜਕਿਆ ਜਾ ਰਿਹਾ ਹੈ।
ਕਿਸਾਨ ਆਗੂਆਂ ਨੇ ਦੱਸਿਆ ਕਿ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਕਿਸਾਨੀ ਵਿਰੁੱਧ ਲਿਆਂਦੇ ਆਰਡੀਨੈਂਸ ਲੋਕ ਸਭਾ ਤੇ ਰਾਜ ਸਭਾ ਵਿੱਚ ਬਹੁਸੰਮਤੀ ਨਾਲ ਬਿੱਲ ਪਾਸ ਕੀਤੇ ਜਾ ਰਹੇ ਹਨ। ਬਿਜਲੀ ਬਿੱਲ 2020 ਨੂੰ ਲਾਗੂ ਕਰਕੇ ਬਿਜਲੀ ਕਾਰਪੋਰੇਟ ਘਰਾਣਿਆਂ ਨੂੰ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਕਾਰਪੋਰੇਟ ਕੰਪਨੀਆਂ ਨੂੰ ਮੁਨਾਫੇ ਦੇਣ ਲਈ ਤੇਲ ਦੀਆਂ ਕੀਮਤਾਂ ਲਗਾਤਾਰ ਵਧ ਰਹੀਆਂ ਹਨ ਜਦੋਂ ਕਿ ਕੱਚਾ ਤੇਲ ਚੌਂਤੀ ਰੁਪਏ ਬਿੱਲ ਤੋਂ ਵੀ ਥੱਲੇ ਹੈ। ਉਨ੍ਹਾਂ ਅਤੇ ਪੂਰੇ ਭਾਰਤ ਵਿੱਚ ਬੁੱਧੀਜੀਵੀਆਂ ਨੂੰ ਜੇਲਾਂ ਵਿੱਚ ਬੰਦ ਕਰਨ ਦੀ ਤਿੱਖੀ ਆਲੋਚਨਾ ਕੀਤੀ ਹੈ। ਉਨ੍ਹਾਂ ਕਿਹਾ ਕਿ ਇਨਾਂ ਆਰਡੀਨੈਂਸਾਂ ਦੇ ਕਾਨੂੰਨ ਬਣ ਜਾਣ ਤੋਂ ਬਾਅਦ ਕਿਸਾਨ ਜਿਹੜੇ ਪੂਰੀ ਤਰਾਂ ਕਾਰਪੋਰੇਟ ਘਰਾਣਿਆਂ ਦੇ ਗੁਲਾਮ ਕਰ ਜਾਣਗੇ। ਅੱਜ ਦੀ ਮੀਟਿੰਗ ਵਿੱਚ ਐਲਾਨ ਕੀਤਾ ਕਿ 25 ਸਤੰਬਰ ਨੂੰ ਪੰਜਾਬ ਮੁਕੰਮਲ ਬੰਦ ਰੱਖਣ ਅਤੇ ਪੰਜਾਬ ਦੇ ਸਮੂਹ ਵਸਨੀਕਾਂ ਨੂੰ ਬੰਦ ਲਈ ਪੁਰਜ਼ੋਰ ਸਹਿਯੋਗ ਦਾ ਸੱਦਾ ਦਿੱਤਾ। ਮੀਟਿੰਗ ਵਿੱਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ 24, 25 ਅਤੇ 26 ਸਤੰਬਰ ਨੂੰ ਰੇਲ ਮਾਰਗ ਜਾਮ ਕਰਨ ਦੀ ਹਮਾਇਤ ਕੀਤੀ ਗਈ।
ਇਹ ਜੱਥੇਬੰਦੀਆਂ ਹਾਜਰ ਹੋਈਆਂ
ਕਿਸਾਨ ਸੰਘਰਸ਼ ਕਮੇਟੀ ਦੇ ਪੰਜਾਬ ਪ੍ਰਧਾਨ ਇੰਦਰਜੀਤ ਸਿੰਘ ਕੋਟ ਬੁੱਢਾ,ਕਿਸਾਨ ਬਚਾਓ ਮੋਰਚਾ ਦੇ ਪੰਜਾਬ ਪ੍ਰਧਾਨ ਕਿਰਪਾ ਸਿੰਘ ਨੱਥੂ ਵਾਲਾ, ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੇ ਸੂਬਾ ਪ੍ਰਧਾਨ ਸੁਰਜੀਤ ਸਿੰਘ ਫੂਲ, ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਨਿਰਭੈ ਸਿੰਘ ਢੁੱਡੀਕੇ,ਜਮਹੂਰੀ ਕਿਸਾਨ ਸਭਾ ਦੇ ਜਨਰਲ ਸਕੱਤਰ ਕੁਲਵੰਤ ਸਿੰਘ ਸੰਧੂ, ਬੀਕੇਯੂ ਉਗਰਾਹਾਂ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ, ਪੰਜਾਬ ਕਿਸਾਨੀਯੂਨੀਅਨ ਦੇ ਪ੍ਰਧਾਨ ਰੁਲਦੂ ਸਿੰਘ ਮਾਨਸਾ , ਬੀਕੇਯੂ ਲੱਖੋਵਾਲ ਦੇ ਜਨਰਲ ਸਕੱਤਰ ਹਰਿੰਦਰ ਸਿੰਘ ਲੱਖੋਵਾਲ, ਬੀਕੇਯੂ ਕਾਦੀਆਂ ਦੇ ਪ੍ਰਧਾਨ ਹਰਮੀਤ ਸਿੰਘ ਕਾਦੀਆਂ, ਬੀਕੇਯੂ ਦੋਆਬਾ ਦੇ ਜਨਰਲ ਸਕੱਤਰ ਸਤਨਾਮ ਸਿੰਘ ਸਾਹਨੀ, ਬੀਕੇਯੂ ਸਿੱਧੂਪੁਰ ਦੇ ਜਨਰਲ ਸਕੱਤਰ ਕਾਕਾ ਸਿੰਘ ਕੋਟੜਾ, ਕੁੱਲ ਹਿੰਦ ਕਿਸਾਨ ਸਭਾ ਪੰਜਾਬ ਦੇ ਸੂਬਾ ਸਕੱਤਰ ਬਲਦੇਵ ਸਿੰਘ ਨਿਹਾਲਗੜ, ਬੀਕੇਯੂ ਡਕੌਂਦਾ ਦੇ ਸੂਬਾ ਪ੍ਰਧਾਨ ਬੂਟਾ ਸਿੰਘ ਬੁਰਜਗਿੱਲ, ਬੀਕੇਯੂ ਮਾਨ ਦੇ ਜਨਰਲ ਸਕੱਤਰ ਬਲਵੰਤ ਸਿੰਘ ਬਰਾਹਮਕੇ, ਕਿਸਾਨ ਸੰਘਰਸ਼ ਕਮੇਟੀ ਦੁਆਬਾ ਦੇ ਪ੍ਰਧਾਨ ਹਰਪਾਲ ਸਿੰਘ ਸੰਘਾ,ਇੰਡੀਅਨ ਫਾਰਮਰਜ਼ ਐਸੋਸੀਏਸ਼ਨ ਦੇ ਪ੍ਰਧਾਨ ਸਤਨਾਮ ਸਿੰਘ ਬਹਿਰੂ, ਬੀਕੇਯੂ ਦੁਆਬਾ ਦੇ ਮਨਜੀਤ ਸਿੰਘ ਰਾਏ, ਮਾਝਾ ਕਿਸਾਨ ਸੰਘਰਸ਼ ਕਮੇਟੀ ਦੇ ਬਲਵਿੰਦਰ ਸਿੰਘ, ਲੋਕ ਭਲਾਈ ਇਨਸਾਫ ਵੈੱਲਫੇਅਰ ਸੁਸਾਇਟੀ ਕਮੇਟੀ ਦੇ ਜਸਵੰਤ ਸਿੰਘ ਪਠਾਨਕੋਟ, ਭਾਰਤੀ ਕਿਸਾਨ ਮੰਚ ਦੇ ਪ੍ਰਧਾਨ ਬੂਟਾ ਸਿੰਘ ਸਾਦੀਪੁਰ, ਬੀਕੇਯੂ ਮਾਨਸਾ ਦੇ ਪ੍ਰਧਾਨ ਬੋਘ ਸਿੰਘ, ਗੰਨਾ ਸੰਘਰਸ਼ ਕਮੇਟੀ ਦੇ ਪ੍ਰਧਾਨ ਸੁਖਪਾਲ ਸਿੰਘ ਝੱਬਰ, ਦੋਆਬਾ ਕਿਸਾਨ ਸੰਘਰਸ਼ ਕਮੇਟੀ ਦੇ ਪ੍ਰਧਾਨ ਜੰਗਵੀਰ ਸਿੰਘ ਚੌਹਾਨ, ਦੋਆਬਾ ਕਿਸਾਨ ਕਮੇਟੀ ਦੇ ਹਰਸ਼ਮਿੰਦਰ ਸਿੰਘ, ਕਿਸਾਨ ਕਮੇਟੀ ਦੇ ਆਗੂ ਹਰਪਾਲ ਸਿੰਘ ਸੰਘਾ, ਕੁੱਲ ਹਿੰਦ ਕਿਸਾਨ ਸਭਾ ਮੇਜਰ ਸਿੰਘ ਪੁੰਨਾਵਾਲ ਅਤੇ ਆਜਾਦ ਕਿਸਾਨ ਸੰਘਰਸ਼ ਕਮੇਟੀ ਦੇ ਸੂਬਾ ਪ੍ਰਧਾਨ ਹਰਜਿੰਦਰ ਸਿੰਘ ਟਾਂਡਾ ਆਦਿ ਆਗੂ ਹਾਜਰ ਸਨ।