ਹਰਜਿੰਦਰ ਸਿੰਘ ਭੱਟੀ
- ਅਨੁਸੂਚਿਤ ਜਾਤੀਆਂ ਦੇ ਲਾਭਪਾਤਰੀਆਂ ਨੂੰ ਸਵੈ ਰੁਜ਼ਗਾਰ ਲਈ ਵੰਡੀਆਂ 02 ਲੱਖ ਰੁਪਏ ਦੀਆਂ ਟੂਲ ਕਿੱਟਾਂ
ਐਸ.ਏ.ਐਸ ਨਗਰ, 23 ਸਤੰਬਰ 2020 - ਪੰਜਾਬ ਸਰਕਾਰ ਬੇਰੁਜ਼ਗਾਰਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਅਤੇ ਕੋਰੋਨਾ ਸੰਕਟ ਦੇ ਬਾਵਜੂਦ ਪੰਜਾਬ ਸਰਕਾਰ ਵੱਲੋਂ ਵਿਸ਼ੇਸ਼ ਕਦਮ ਚੁੱਕ ਕੇ ਬੇਰੁਜ਼ਗਾਰਾਂ ਨੂੰ ਰੁਜ਼ਗਾਰ ਦੇ ਵੱਡੀ ਗਿਣਤੀ ਚ ਮੌਕੇ ਮੁਹੱਈਆ ਕਰਵਾਏ ਜਾ ਰਹੇ ਹਨ । ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਿਹਤ ਤੇ ਪਰਿਵਾਰ ਭਲਾਈ ਅਤੇ ਕਿਰਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਵਿਸ਼ੇਸ ਕੇਂਦਰੀ ਸਹਾਇਤਾ ਸਕੀਮ (ਸਪੈਸ਼ਲ ਸੈਂਟਰਲ ਅਸਿਸਟੈਂਸ ਪ੍ਰੋਗਰਾਮ ) ਤਹਿਤ ਅਨੁਸੂਚਿਤ ਜਾਤੀਆਂ ਦੇ ਗਰੀਬੀ ਰੇਖਾ ਤੋਂ ਹੇਠਾਂ ਰਹਿ ਰਹੇ ਪਰਿਵਾਰਾਂ ਨਾਲ ਸਬੰਧਤ ਲਾਭਪਾਤਰੀਆਂ ਨੂੰ ਇਲੈਕਟ੍ਰੀਸ਼ਨ ਟੂਲ ਕਿੱਟਾਂ ਵੰਡਣ ਉਪਰੰਤ ਕੀਤਾ । ਉਨ੍ਹਾਂ ਕਿਹਾ ਕਿ ਕੋਰੋਨਾ ਸੰਕਟ ਦੇ ਬਾਵਜੂਦ ਸਾਰੀਆਂ ਸਾਵਧਾਨੀਆਂ ਵਰਤਦਿਆਂ ਵਿਕਾਸ ਕਾਰਜ ਅਤੇ ਲੋਕ ਭਲਾਈ ਸਕੀਮਾਂ ਲਗਾਤਾਰ ਜਾਰੀ ਹਨ। ਪੰਜਾਬ ਸਰਕਾਰ ਵੱਲੋਂ ਬੇਰੁਜ਼ਗਾਰਾਂ ਨੂੰ ਰੁਜ਼ਗਾਰ ਮੁਹੱਈਆ ਕਰਵਾ ਕੇ ਉਨ੍ਹਾਂ ਨੂੰ ਆਤਮ ਨਿਰਭਰ ਬਣਾਉਣ ਲਈ ਉਪਰਾਲੇ ਲਗਾਤਾਰ ਜਾਰੀ ਹਨ । ਜਿਨ੍ਹਾਂ ਤਹਿਤ ਹੀ ਇਹ ਟੂਲ ਕਿੱਟਾਂ ਵੰਡੀਆਂ ਗਈਆਂ ਹਨ ।
ਸਿੱਧੂ ਨੇ ਟੂਲ ਕਿੱਟਾਂ ਪ੍ਰਾਪਤ ਕਰਨ ਵਾਲੇ ਲਾਭਪਾਤਰੀਆਂ ਨੂੰ ਕਿਹਾ ਕਿ ਉਹ ਇਨ੍ਹਾਂ ਟੂਲ ਕਿੱਟਾਂ ਦੀ ਸੁਚੱਜੀ ਵਰਤੋਂ ਕਰਨ ਨੂੰ ਯਕੀਨੀ ਬਣਾ ਕੇ ਸਰਕਾਰੀ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਲੈਣ । ਉਨ੍ਹਾਂ ਕਿਹਾ ਕਿ ਕੋਰੋਨਾ ਨੂੰ ਮਾਤ ਦੇਣ ਲਈ ਸ਼ੁਰੂ ਕੀਤੇ ਮਿਸ਼ਨ ਫਤਿਹ ਤਹਿਤ ਸਰਕਾਰ ਦਿਨ ਰਾਤ ਇਕ ਕਰਕੇ ਕੰਮ ਕਰ ਰਹੀ ਹੈ ਤੇ ਇਸ ਮਿਸ਼ਨ ਦੀ ਕਾਮਯਾਬੀ ਲਈ ਲੋਕਾਂ ਦਾ ਸਹਿਯੋਗ ਅਤਿ ਜ਼ਰੂਰੀ ਹੈ। ਇਸ ਲਈ ਕੋਰੋਨਾ ਸਬੰਧੀ ਪੰਜਾਬ ਸਰਕਾਰ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਕੇ ਲੋਕ ਇਸ ਮਿਸ਼ਨ ਦੀ ਕਾਮਯਾਬੀ ਲਈ ਵੱਧ ਤੋਂ ਵੱਧ ਸਹਿਯੋਗ ਦੇਣ।
ਇਸ ਮੌਕੇ ਜ਼ਿਲ੍ਹਾ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫਸਰ ਐਸ.ਏ.ਐਸ ਨਗਰ ਰਵਿੰਦਰ ਪਾਲ ਸਿੰਘ ਸੰਧੂ ਨੇ ਦੱਸਿਆ ਕਿ ਵਿਸ਼ੇਸ ਕੇਂਦਰੀ ਸਹਾਇਤਾ ਸਕੀਮ ਤਹਿਤ ਸਵੈ ਰੁਜ਼ਗਾਰ ਸ਼ੂਰੂ ਕਰਨ ਲਈ ਅਨੁਸੂਚਿਤ ਜਾਤੀਆਂ ਦੇ ਗਰੀਬੀ ਰੇਖਾ ਤੋਂ ਹੇਠਾਂ ਰਹਿ ਰਹੇ ਪਰਿਵਾਰਾਂ ਦੀ ਆਮਦਨ ਵਿੱਚ ਵਾਧਾ ਕਰਨ ਲਈ 10 ਹਜ਼ਾਰ ਰੁਪਏ ਤੱਕ ਦੀ ਇਲੈਕਟ੍ਰੀਸ਼ਨ ਟੂਲ ਕਿੱਟਾਂ ਲਈ ਸਰਕਾਰੀ ਆਈ.ਟੀ.ਆਈ ਲਾਲੜੂ ਅਤੇ ਸਰਕਾਰੀ ਆਈ.ਟੀ.ਆਈ ਬਨੂੰੜ ਤੋਂ ਪਾਸ ਹੋਏ ਸਿੱਖਿਆਰਥੀਆਂ ਵਿੱਚੋ 20 ਸਿਖਿਆਰਥੀਆਂ ਦੀ ਚੋਣ ਕੀਤੀ ਗਈ ਸੀ। ਜਿਨ੍ਹਾਂ ਨੂੰ ਇਹ ਟੂਲ ਕਿੱਟਾਂ ਸਿਹਤ ਤੇ ਪਰਿਵਾਰ ਭਲਾਈ ਅਤੇ ਕਿਰਤ ਮੰਤਰੀ ਵੱਲੋਂ ਵੰਡੀਆਂ ਗਈਆਂ ਹਨ। ਉਨ੍ਹਾਂ ਦੱਸਿਆ ਇਸ ਤੋਂ ਇਲਾਵਾ ਇਸ ਸਕੀਮ ਤਹਿਤ ਡ੍ਰੈਸ ਡਿਜ਼ਾਇਨਿੰਗ ਐਂਡ ਟੇਲਰਿੰਗ ਟਰੇਡ ਲਈ 200 ਸਿਲਾਈ ਮਸ਼ੀਨਾਂ ਅਤੇ ਇੰਟਰਲਾਕਿੰਗ ਮਸ਼ੀਨਾਂ ਦੀ ਖਰੀਦ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸ ਸਕੀਮ ਤਹਿਤ ਲਾਭਪਾਤਰੀਆਂ ਦੀ ਚੋਣ ਗਰੀਬੀ ਰੇਖਾ ਤੋਂ ਹੇਠਾਂ ਰਹਿ ਰਹੇ ਅਤੇ ਅਨੁਸੂਚਿਤ ਜਾਤੀ ਦੇ ਵਰਗ ਦੇ ਲੋਕਾਂ ਵਿੱਚੋਂ ਸਕੀਮ ਦੇ ਚੇਅਰਮੈਨ ਅਤੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰਜੀਵ ਕੁਮਾਰ ਗੁਪਤਾ ਦੀ ਨਿਗਰਾਨੀ ਅਧੀਨ ਕੀਤੀ ਜਾਂਦੀ ਹੈ।
ਇਸ ਮੌਕੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਦੇ ਸਿਆਸੀ ਸਕੱਤਰ ਅਤੇ ਚੇਅਰਮੈਨ ਮਾਰਕੀਟ ਕਮੇਟੀ ਖਰੜ ਹਰਕੇਸ਼ ਚੰਦ ਸ਼ਰਮਾ, ਤਹਿਸੀਲ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫਸਰ ਮੋਹਾਲੀ ਪਰਮਜੀਤ ਸਿੰਘ ਅਤੇ ਸਿੱਖਿਆਰਥੀ ਮੌਜੂਦ ਸਨ।