ਹਰੀਸ਼ ਕਾਲੜਾ
- ਸੁਪਰ ਸਟ੍ਰਾਅ ਮੈਨੇਜਮੈਂਟ ਸਿਸਟਮ ਬਗ਼ੈਰ ਕਿਸੇ ਵੀ ਕੰਬਾਈਨ ਨੂੰ ਨਹੀਂ ਚੱਲਣ ਦਿੱਤਾ ਜਾਵੇਗਾ: ਸੋਨਾਲੀ ਗਿਰੀ
ਰੂਪਨਗਰ, 24 ਸਤੰਬਰ 2020 - ਪੰਜਾਬ ਸਰਕਾਰ ਵਲੋਂ ਆਰੰਭੇ ਮਿਸ਼ਨ ਫਤਿਹ ਤਹਿਤ ਸੂਬੇ ਵਿੱਚ ਸਾਫ-ਸੁਥਰੇ ਵਾਤਾਵਰਣ ਨੂੰ ਯਕੀਨੀ ਬਣਾਉਣ ਅਤੇ ਪਰਾਲੀ ਨੂੰ ਸਾੜਨ ਕਾਰਨ ਪੈਦਾ ਹੋਣ ਵਾਲੇ ਪ੍ਰਦੂਸ਼ਣ (ਜਿਸ ਨਾਲ ਮਿੱਟੀ ਦੀ ਉਪਜਾਊ ਸ਼ਕਤੀ ਵੀ ਘਟਦੀ ਹੈ) ਨੂੰ ਘਟਾਉਣ ਲਈ ਪੰਜਾਬ ਸਰਕਾਰ ਨੇ ਹਵਾ (ਪ੍ਰਦੂਸ਼ਣ ਰੋਕਥਾਮ ਅਤੇ ਨਿਯੰਤਰਣ) ਐਕਟ, 1981 ਤਹਿਤ ਕੰਬਾਈਨ ਹਾਰਵੈਸਟਰ ਉਤੇ ਸੁਪਰ ਸਟਰਾਅ ਮੈਨੇਜਮੈਂਟ (ਸੁਪਰ ਐਸ.ਐਮ.ਐਸ) ਲਗਾਉਣਾ ਲਾਜ਼ਮੀ ਕਰ ਦਿੱਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸ੍ਰੀਮਤੀ ਸੋਨਾਲੀ ਗਿਰੀ, ਡਿਪਟੀ ਕਮਿਸ਼ਨਰ ਰੂਪਨਗਰ ਨੇ ਦੱਸਿਆ ਕਿ ਸੁਪਰ ਐਸ.ਐਮ.ਐਸ. ਬਗੈਰ ਕਿਸੇ ਨੂੰ ਵੀ ਕੰਬਾਈਨ ਨਾਲ ਫਸਲ ਦੀ ਕਟਾਈ ਕਰਨ ਦੀ ਆਗਿਆ ਨਹੀਂ ਦਿੱਤੀ ਜਾਵੇਗੀ
ਉਨ੍ਹਾਂ ਦੱਸਿਆ ਕਿ ਪੰਜਾਬ ਪ੍ਰਦੂਸ਼ਨ ਕੰਟਰੋਲ ਬੋਰਡ ਵੱਲੋਂ ਚਾਰ ਸਤੰਬਰ ਨੂੰ ਸੂਬੇ ਦੇ ਪ੍ਰਮੁੱਖ ਅਖ਼ਬਾਰਾਂ ਵਿੱਚ ਇਹ ਨੋਟਿਸ ਜਾਰੀ ਕਰਕੇ ਕਿਸਾਨ ਭਰਾਵਾਂ ਨੂੰ ਇਹ ਅਪੀਲ ਕੀਤੀ ਗਈ ਹੈ ਕਿ ਉਹ ਝੋਨੇ ਦੀ ਕਟਾਈ ਕੰਬਾਈਨ ਹਾਰਵੈਸਟਰ ਉਤੇ ਸੁਪਰ ਸਟਰਾਅ ਮੈਨੇਜਮੈਂਟ ਲਗਾ ਕੇ ਕਰਨ ਤਾਂ ਜੋ ਪਰਾਲੀ ਨੂੰ ਖੇਤਾਂ ਵਿੱਚ ਅੱਗ ਲਾ ਕੇ ਸਾੜਨ ਤੋਂ ਬਚਿਆ ਜਾ ਸਕੇ ਅਤੇ ਵਾਤਾਵਰਨ ਨੂੰ ਬਚਾਇਆ ਜਾ ਸਕੇ । ਸ੍ਰੀਮਤੀ ਸੋਨਾਲੀ ਗਿਰੀ ਨੇ ਦੱਸਿਆ ਕਿ ਐਸ.ਐਮ.ਐਸ. ਵਾਲੀਆਂ ਕੰਬਾਈਨਾਂ ਨਾਲ ਕੱਟੀ ਫਸਲ ਵਾਲੇ ਖੇਤਾਂ ਵਿੱਚ ਪਰਾਲੀ ਦਾ ਪ੍ਰਬੰਧਨ ਕਰਨਾ ਬਹੁਤ ਸੌਖਾ ਹੈ ਅਤੇ ਇਸ ਲਈ ਕਿਸਾਨਾਂ ਨੂੰ ਰਹਿੰਦ-ਖੂੰਹਦ ਸਾੜਨ ਦੀ ਲੋੜ ਨਹੀਂ ਪੈਂਦੀ।
ਕੰਬਾਈਨ ਮਾਲਕਾਂ ਨੂੰ ਕੰਬਾਈਨਾਂ ਉਤੇ ਸੁਪਰ ਸਟ੍ਰਾਅ ਮੈਨੇਜਮੈਂਟ ਲਗਾਉਣ ਦੀ ਅਪੀਲ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਾਫ-ਸੁਥਰੇ ਅਤੇ ਹਰੇ ਭਰੇ ਵਾਤਾਵਰਣ ਲਈ ਕੀਤੇ ਜਾ ਰਹੇ ਉਪਰਾਲੇ ਵਿੱਚ ਕਿਸਾਨ ਵੀਰ ਪੂਰਾ ਸਹਿਯੋਗ ਦੇਣ।