ਸਨਅਤੀ ਵਿਕਾਸ ਦੇ ਖੇਤਰ ਵਿੱਚ ਪੰਜਾਬ ਛੇਤੀ ਹੀ ਚੀਨ ਨੂੰ ਪਛਾੜ ਦੇਵੇਗਾ - ਕੇਜਰੀਵਾਲ
- ਪਹਿਲੀਆਂ ਸਰਕਾਰਾਂ ਸਨਅਤਕਾਰਾਂ ਨੂੰ ਦਬਾਉਂਦੀਆਂ ਸਨ ਪਰ ਅਸੀਂ ਉਦਯੋਗ ਦੀ ਬਿਹਤਰੀ ਲਈ ਦਿਨ-ਰਾਤ ਕੰਮ ਕਰ ਰਹੇ ਹਾਂ
- ਸੂਬੇ ਦੀ ਭਲਾਈ ਲਈ ਚੁੱਕੇ ਲਾਮਿਸਾਲ ਕਦਮਾਂ ਲਈ ਭਗਵੰਤ ਸਿੰਘ ਮਾਨ ਦੀ ਸ਼ਲਾਘਾ
ਜਲੰਧਰ, 14 ਸਤੰਬਰ 2023 - ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਕਿਹਾ ਕਿ ਉਦਯੋਗਿਕ ਖੇਤਰ ਵਿੱਚ ਪੰਜਾਬ ਕੋਲ ਚੀਨ ਨੂੰ ਪਛਾੜ ਦੇਣ ਦੀ ਵੱਡਾ ਸਮਰੱਥਾ ਹੈ।
ਅੱਜ ਇੱਥੇ ‘ਸਰਕਾਰ-ਸਨਅਤਕਾਰ ਮਿਲਣੀ’ ਦੌਰਾਨ ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬੀ ਜਨਮ ਤੋਂ ਹੀ ਉੱਦਮੀ ਹੁੰਦੇ ਹਨ ਤੇ ਇਨ੍ਹਾਂ ਕੋਲ ਅਗਵਾਈ ਕਰਨ ਦੀ ਸਮਰੱਥਾ ਹੁੰਦੀ ਹੈ ਜਿਸ ਦਾ ਸਬੂਤ ਇਨ੍ਹਾਂ ਨੇ ਆਲਮੀ ਪੱਧਰ ਉਤੇ ਵੱਡੀਆਂ ਮੱਲਾਂ ਮਾਰ ਕੇ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬੀਆਂ ਦੀ ਸਖ਼ਤ ਮਿਹਨਤ ਅਤੇ ਘਾਲਣਾ ਦਾ ਕੋਈ ਸਾਨੀ ਨਹੀਂ ਹੈ ਜਿਸ ਕਰਕੇ ਇਨ੍ਹਾਂ ਨੇ ਹਰੇਕ ਖੇਤਰ ਵਿਚ ਬੁਲੰਦੀਆਂ ਨੂੰ ਛੂਹਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬੀ ਦੀ ਇਹ ਸਮਰੱਥਾ ਉਦਯੋਗਿਕ ਖੇਤਰ ਵਿੱਚ ਪੰਜਾਬ ਨੂੰ ਚੀਨ ਤੋਂ ਅੱਗੇ ਲਿਜਾ ਸਕਦੀ ਹੈ।
ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਇਸ ਤੋਂ ਪਹਿਲੀਆਂ ਸਰਕਾਰਾਂ ਸੂਬੇ ਵਿੱਚ ਸਨਅਤਕਾਰਾਂ ਨੂੰ ਦਬਾਉਂਦੀਆਂ ਸਨ ਪਰ ਮੌਜੂਦਾ ਸਰਕਾਰ ਉਦਯੋਗ ਦੀ ਬਿਹਤਰੀ ਲਈ ਦਿਨ-ਰਾਤ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਮਿਲਣੀ ਰਾਹੀਂ ਉਦਯੋਗਪਤੀਆਂ ਨੂੰ ਦਰਪੇਸ਼ ਸਾਰੇ ਮਸਲੇ ਸੁਝਲਾਉਣ ਦਾ ਉਪਰਾਲਾ ਕੀਤਾ ਗਿਆ ਹੈ। ਅਰਵਿੰਦ ਕੇਜਰੀਵਾਲ ਨੇ ਸਨਅਤਾਕਾਰਾਂ ਨੂੰ ਨਵੇਂ ਅਤੇ ਰੰਗਲੇ ਪੰਜਾਬ ਦੀ ਸਿਰਜਣਾ ਵਿੱਚ ਵਧ-ਚੜ੍ਹ ਕੇ ਯੋਗਦਾਨ ਪਾਉਣ ਦਾ ਸੱਦਾ ਦਿੱਤਾ।
ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਜਲਦੀ ਹੀ ਹਰ ਖੇਤਰ ਵਿੱਚ ਦੇਸ਼ ਦੀ ਅਗਵਾਈ ਕਰੇਗਾ ਕਿਉਂਕਿ ਭਗਵੰਤ ਸਿੰਘ ਮਾਨ ਪੰਜਾਬੀਆਂ ਦੀ ਭਲਾਈ ਲਈ ਚੌਵੀਂ ਘੰਟੇ ਕੰਮ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬੀਆਂ ਨੂੰ ਦਰਪੇਸ਼ ਮਸਲਿਆਂ ਦੇ ਹੱਲ ਲਈ ਸੂਬੇ ਦੇ ਕੋਨੇ-ਕੋਨੇ ਵਿਚ ਜਾ ਰਹੇ ਹਨ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪੰਜਾਬੀਆਂ ਦੀ ਖੁਸ਼ਕਿਸਮਤੀ ਹੈ ਕਿ ਉਨ੍ਹਾਂ ਨੂੰ ਭਗਵੰਤ ਸਿੰਘ ਮਾਨ ਵਰਗਾ ਮੁੱਖ ਮੰਤਰੀ ਮਿਲਿਆ ਹੈ ਜੋ ਉਨ੍ਹਾਂ ਦੀ ਮਿਸ਼ਨਰੀ ਭਾਵਨਾ ਨਾਲ ਸੇਵਾ ਕਰ ਰਿਹਾ ਹੈ।
ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਚੋਣਾਂ ਦੌਰਾਨ ਉਦਯੋਗਪਤੀਆਂ ਨੂੰ ਗਾਰੰਟੀਆਂ ਦਿੱਤੀਆਂ ਸੀ। ਉਨ੍ਹਾਂ ਕਿਹਾ ਕਿ ਇਹ ਜਾਣ ਕੇ ਖੁਸ਼ੀ ਹੋਈ ਹੈ ਕਿ ਇਨ੍ਹਾਂ ਵਿੱਚੋਂ ਜ਼ਿਆਦਾਤਰ ਗਾਰੰਟੀਆਂ ਪੂਰੀਆਂ ਕਰ ਦਿੱਤੀਆਂ ਗਈਆਂ ਹਨ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਸੂਬਾ ਸਰਕਾਰ ਨੂੰ ਉਦਯੋਗਪਤੀਆਂ ਤੋਂ ਕਈ ਸੁਝਾਅ ਮਿਲੇ ਸਨ, ਜਿਸ ਤੋਂ ਬਾਅਦ ਲੋਕਾਂ ਨੂੰ ਰਾਹਤ ਪ੍ਰਦਾਨ ਕੀਤੀ ਗਈ।
ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਇਹ ਗੱਲਬਾਤ ਵੋਟਾਂ ਲੈਣ ਲਈ ਨਹੀਂ, ਸਗੋਂ ਇਹ ਭਰੋਸਾ ਦਿਵਾਉਣ ਲਈ ਹੈ ਕਿ ਅਸੀਂ ਉਦਯੋਗ ਦੇ ਨਾਲ ਹਾਂ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਉਦਯੋਗਿਕ ਵਿਕਾਸ ਯੋਜਨਾਬੱਧ ਤਰੀਕੇ ਨਾਲ ਹੋ ਰਿਹਾ ਹੈ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਰਾਜ ਨੇ ਪਹਿਲਾਂ ਹੀ ਸੂਬੇ ਲਈ 50,000 ਕਰੋੜ ਰੁਪਏ ਦਾ ਨਿਵੇਸ਼ ਪੱਕਾ ਕਰ ਲਿਆ ਹੈ ਜਿਸ ਨਾਲ 2.86 ਲੱਖ ਨੌਜਵਾਨਾਂ ਨੂੰ ਨੌਕਰੀਆਂ ਮਿਲਣਗੀਆਂ।
- ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਇੱਕ ਸਮਾਂ ਸੀ ਜਦੋਂ ਉਦਯੋਗਪਤੀ ਲੁੱਟ ਦੇ ਡਰੋਂ ਸੂਬੇ ਨੂੰ ਛੱਡ ਰਹੇ ਸਨ। ਉਨ੍ਹਾਂ ਕਿਹਾ ਕਿ ਹੁਣ ਇਸ ਮਿਲਣੀ ਦਾ ਉਦੇਸ਼ ਸੂਬੇ ਦੀ ਸਥਾਨਕ ਸਨਅਤ ਦਾ ਦਸ ਗੁਣਾ ਵਿਸਤਾਰ ਕਰਨਾ ਹੈ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਉਦਯੋਗਪਤੀਆਂ ਦੀ ਦੂਰਅੰਦੇਸ਼ੀ ਤੇ ਬਹੁਮੁੱਲੇ ਵਿਚਾਰਾਂ ਅਤੇ ਰਾਜ ਸਰਕਾਰ ਦੇ ਸਹਿਯੋਗ ਨਾਲ ਸੂਬੇ ਵਿੱਚ ਉਦਯੋਗ ਨੂੰ ਉਤਸ਼ਾਹਿਤ ਕਰਨ ਵਿੱਚ ਸਹਾਇਤਾ ਮਿਲੇਗੀ ।