Budget 2024 : ਬਜਟ ਚ ਆਯੁਸ਼ਮਾਨ ਭਾਰਤ ਯੋਜਨਾ ਦਾ ਦਾਇਰਾ ਵਧਾਉਣ ਦਾ ਐਲਾਨ
ਨਵੀਂ ਦਿੱਲੀ 1 ਫਰਵਰੀ 2024- : ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਅੰਤਰਿਮ ਬਜਟ ਪੇਸ਼ ਕੀਤਾ। ਲੋਕ ਸਭਾ 'ਚ ਬਜਟ ਪੇਸ਼ ਕਰਦੇ ਹੋਏ ਵਿੱਤ ਮੰਤਰੀ ਨੇ ਕਿਹਾ ਕਿ ਆਯੁਸ਼ਮਾਨ ਯੋਜਨਾ ਦਾ ਦਾਇਰਾ ਵਧਾਇਆ ਗਿਆ ਹੈ।
ਵਿੱਤ ਮੰਤਰੀ ਨੇ ਕਿਹਾ ਕਿ ਆਯੁਸ਼ਮਾਨ ਭਾਰਤ ਯੋਜਨਾ ਤਹਿਤ ਆਸ਼ਾ ਵਰਕਰਾਂ, ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਕਵਰ ਕੀਤਾ ਜਾਵੇਗਾ। ਦੱਸ ਦੇਈਏ ਕਿ ਆਯੁਸ਼ਮਾਨ ਯੋਜਨਾ ਤਹਿਤ ਲਾਭਪਾਤਰੀ ਅਤੇ ਉਸਦੇ ਪਰਿਵਾਰ ਨੂੰ 5 ਲੱਖ ਰੁਪਏ ਦਾ ਮੈਡੀਕਲ ਬੀਮਾ ਮਿਲਦਾ ਹੈ।
ਬਜਟ ਭਾਸ਼ਣ 'ਚ ਨਿਰਮਲਾ ਸੀਤਾਰਮਨ ਨੇ ਕਿਹਾ ਕਿ ਦੇਸ਼ ਵਿੱਚ ਮੈਡੀਕਲ ਕਾਲਜਾਂ ਦੀ ਸੇਵਾ ਵਧਾਈ ਜਾਵੇਗੀ। ਇਸ ਤੋਂ ਇਲਾਵਾ ਉਨ੍ਹਾਂ ਨੇ ਟੀਕਾਕਰਨ ਸਬੰਧੀ ਕਈ ਐਲਾਨ ਵੀ ਕੀਤੇ ਹਨ। ਵਿੱਤ ਮੰਤਰੀ ਨੇ ਕਿਹਾ ਕਿ ਸਰਵਾਈਕਲ ਕੈਂਸਰ ਦੀ ਰੋਕਥਾਮ ਲਈ ਸਰਕਾਰ ਵੱਲੋਂ ਹੁਣ ਟੀਕਾਕਰਨ ਸ਼ੁਰੂ ਕੀਤਾ ਜਾਵੇਗਾ।
ਬੱਚੀਆਂ ਨੂੰ ਸਰਵਾਈਕਲ ਕੈਂਸਰ ਦੀ ਵੈਕਸੀਨ ਮੁਫ਼ਤ ਦਿੱਤੀ ਜਾਵੇਗੀ। ਇਸ ਦੇ ਨਾਲ ਹੀ ਸਰਕਾਰ ਵੱਲੋਂ ਸਾਰੇ ਆਂਗਣਵਾੜੀ ਕੇਂਦਰਾਂ ਦੇ ਵਿਕਾਸ ਲਈ ਵੀ ਕਦਮ ਚੁੱਕੇ ਜਾਣਗੇ।