ਰਾਜਵੰਤ ਸਿੰਘ
ਸ੍ਰੀ ਮੁਕਤਸਰ ਸਾਹਿਬ, 24 ਫਰਵਰੀ 2021-ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਅਗਵਾਈ ਵਿੱਚ ਪੰਜਾਬ ਦੇ ਸਰਕਾਰੀ ਪ੍ਰਾਇਮਰੀ, ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਨੂੰ ਸਮਾਰਟ ਬਨਾਉਣ ਦੇ ਨਾਲ-ਨਾਲ ਅਧਿਆਪਕਾਂ ਨੂੰ ਜ਼ਿਲ੍ਹਿਆਂ ਵਿੱਚ ਮਿਆਰੀ ਅਤੇ ਸਮਾਰਟ ਤਕਨੀਕ ਨਾਲ ਸਿੱਖਣ-ਸਿਖਾਉਣ ਵਿਧੀਆਂ ਦੀ ਸਿਖਲਾਈ ਦੇਣ ਲਈ 13.12. ਕਰੋੜ ਰੁਪਏ ਦੀ ਲਾਗਤ ਨਾਲ 150 ਵਿਸ਼ੇਸ਼ ਸਮਾਰਟ ਸਿਖਲਾਈ ਕੇਂਦਰ ਤਿਆਰ ਕੀਤੇ ਜਾ ਰਹੇ ਹਨ। ਜਿਨ੍ਹਾਂ ਤਹਿਤ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ’ਚ 33 ਲੱਖ ਦੀ ਲਾਗਤ ਨਾਲ 4 ਸਮਾਰਟ ਸਿਖਲਾਈ ਕੇਂਦਰ ਸਥਾਪਤ ਕੀਤੇ ਗਏ ਹਨ। ਜ਼ਿਲ੍ਹਾ ਸਿੱਖਿਆ ਅਫਸਰ (ਐ.ਸਿੱ.) ਪ੍ਰਭਜੋਤ ਕੌਰ ਤੇ ਉੱਪ ਜ਼ਿਲ੍ਹਾ ਸਿੱਖਿਆ ਅਫਸਰ (ਐਲੀ. ਸਿੱ.) ਸੁਖਦਰਸ਼ਨ ਸਿੰਘ ਬੇਦੀ ਨੇ ਦੱਸਿਆ ਕਿ ਸਕੱਤਰ ਸਕੂਲ ਸਿੱਖਿਆ ਕਿ੍ਰਸ਼ਨ ਕੁਮਾਰ ਦੀ ਦੇਖ-ਰੇਖ ’ਚ ਪੰਜਾਬ ਅੰਦਰ ਸਮਾਰਟ ਸਿਖਲਾਈ ਕੇਂਦਰ ਤਿਆਰ ਕੀਤੇ ਜਾ ਰਹੇ ਹਨ। ਇੰਨਾਂ ਸਮਾਰਟ ਸਿਖਲਾਈ ਕੇਂਦਰਾਂ ਵਿੱਚ ਅਧਿਆਪਕਾਂ ਨੂੰ ਸਿਖਲਾਈ ਦੇਣ ਲਈ ਪ੍ਰੋਜੈਕਟਰ, ਮਿਆਰੀ ਦਰਜੇ ਦਾ ਫ਼ਰਨੀਚਰ, ਆਧੁਨਿਕ ਸਾਉਂਡ ਸਿਸਟਮ ਅਤੇ ਲੋੜੀਂਦੀ ਸਹਾਇਕ ਸਮੱਗਰੀ ਉਪਲੱਬਧ ਕਰਵਾਈ ਗਈ ਹੈ। ਜ਼ਿਲ੍ਹਾ ਸਿੱਖਿਆ ਮੀਡੀਆ ਕੋਆਰਡੀਨੇਟਰ ਅਮਰਜੀਤ ਸਿੰਘ ਨੇ ਕਿਹਾ ਕਿ ਅਧਿਆਪਕ ਬਹੁਤ ਹੀ ਜਿਆਦਾ ਰੁਚੀ ਦਿਖਾ ਕੇ ਇੰਨਾਂ ਸਿਖਲਾਈ ਪ੍ਰੋਗਰਾਮਾਂ ਵਿੱਚ ਭਾਗ ਲੈਂਦੇ ਹਨ। ਇੰਨਾਂ ਸਮਾਰਟ ਸਿਖਲਾਈ ਕੇਂਦਰਾਂ ਦੇ ਸਾਕਾਰਾਤਮਕ ਪ੍ਰਭਾਵ ਭਵਿੱਖ ਵਿੱਚ ਦੇਖਣ ਲਈ ਮਿਲਣਗੇ।