- ਜ਼ਿਲ੍ਹਾ ਮੈਂਟਰ ਲੀਡਰਸ਼ਿਪ, ਸਿੱਖਣ-ਸਿਖਾਉਣ ਵਿਧੀਆਂ ਅਤੇ ਸੂਚਨਾ ਤਕਨਾਲੋਜੀ ਬਾਰੇ ਜਾਣਕਾਰੀ ਲੈਣਗੇ
ਐਸ.ਏ.ਐਸ.ਨਗਰ 23 ਅਪ੍ਰੈਲ 2021 - ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਰਹਿਨੁਮਾਈ ਵਿੱਚ ਸਿੱਖਿਆ ਵਿਭਾਗ ਪੰਜਾਬ ਵੱਲੋਂ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਕੰਮ ਕਰ ਰਹੇ ਅਧਿਆਪਕਾਂ ਨੂੰ ਆਨਸਾਈਟ ਅਤੇ ਆਨਲਾਈਨ ਸਿਖਲਾਈ ਦੇਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਦੇ ਸਬੰਧ ਵਿੱਚ ਸਕੱਤਰ ਸਕੂਲ ਸਿੱਖਿਆ ਕ੍ਰਿਸ਼ਨ ਕੁਮਾਰ ਦੀ ਦੇਖ-ਰੇਖ ਵਿੱਚ ਵੱਖ-ਵੱਖ ਵਿਸ਼ਿਆਂ ਦੇ ਜ਼ਿਲ੍ਹਾ ਮੈਂਟਰਾਂ ਨੂੰ ਤਿੰਨ-ਤਿੰਨ ਦਿਨਾਂ ਆਨਲਾਈਨ ਸਿਖਲਾਈ 22 ਅਪ੍ਰੈਲ ਤੋਂ 1 ਮਈ ਤੱਕ ਦਿੱਤੀ ਜਾ ਰਹੀ ਹੈ ਜਿਸ ਵਿੱਚ ਲੀਡਰਸ਼ਿਪ, ਸਿੱਖਣ ਸਿਖਾਉਣ ਦੀਆਂ ਵਿਧੀਆਂ ਅਤੇ ਮੌਜੂਦਾ ਸਮੇਂ ਵਿੱਚ ਸੂਚਨਾ ਤਕਨਾਲੋਜੀ ਅਤੇ ਇੰਟਰਨੈੱਟ ਦੀਆਂ ਸੁਵਿਧਾਵਾਂ ਬਾਰੇ ਹੋਰ ਜਾਣਕਾਰੀ ਦੇਣਾ ਸ਼ਾਮਲ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਲਿੰਦਰ ਸਿੰਘ ਸਹਾਇਕ ਡਾਇਰੈਕਟਰ ਟਰੇਨਿੰਗਾਂ ਨੇ ਦੱਸਿਆ ਕਿ ਰਾਜ ਸਿੱਖਿਆ ਖੋਜ ਅਤੇ ਸਿਖਲਾਈ ਪ੍ਰੀਸ਼ਦ ਵੱਲੋਂ ਪੰਜਾਬ ਦੇ ਸਾਇੰਸ, ਗਣਿਤ, ਪੰਜਾਬੀ, ਹਿੰਦੀ, ਸਮਾਜਿਕ ਸਿੱਖਿਆ ਅਤੇ ਅੰਗਰੇਜ਼ੀ ਦੇ 80 ਜ਼ਿਲ੍ਹਾ ਮੈਂਟਰਾਂ ਨੂੰ ਸਿਖਲਾਈ ਦਿੱਤੀ ਜਾਣੀ ਹੈ। ਇਸ ਆਨਲਾਈਨ ਸਿਖਲਾਈ ਵਰਕਸ਼ਾਪ ਦੌਰਾਨ ਜ਼ਿਲ੍ਹਾ ਮੈਂਟਰਾਂ ਨੂੰ ਲੀਡਰਸ਼ਿਪ ਦੇ ਗੁਣਾਂ ਸਬੰਧੀ ਵਿਸ਼ੇਸ਼ ਨੁਕਤਿਆਂ ਬਾਰੇ ਅਗਵਾਈ ਦਿੱਤੀ ਜਾਵੇਗੀ ਜਿਸ ਨਾਲ ਉਹ ਸਕੂਲਾਂ ਵਿੱਚ ਕੰਮ ਕਰਦੇ ਅਧਿਆਪਕਾਂ ਨੂੰ ਪ੍ਰੇਰਿਤ ਕਰਨ ਵਿੱਚ ਸਹਾਈ ਹੋਣਗੇ। ਇਸਦੇ ਨਾਲ ਹੀ ਜ਼ਿਲ੍ਹਾ ਮੈਂਟਰਾਂ ਨੂੰ ਵੱਖ-ਵੱਖ ਵਿਸ਼ਿਆਂ ਦੇ ਸਿੱਖਣ ਪਰਿਣਾਮਾਂ, ਪਾਠ ਯੋਜਨਾ ਤਿਆਰ ਕਰਨ ਦੀਆਂ ਵਿਧੀਆਂ ਅਤੇ ਸਿੱਖਣ-ਸਿਖਾਉਣ ਵਿਧੀਆਂ ਬਾਰੇ ਵੀ ਜਾਣਕਾਰੀ ਦਿੱਤੀ ਜਾਵੇਗੀ।
ਸਲਿੰਦਰ ਸਿੰਘ ਨੇ ਦੱਸਿਆ ਕਿ ਸਿਖਲਾਈ ਵਰਕਸ਼ਾਪ ਦੇ ਪਹਿਲੇ ਦਿਨ ਲੀਡਰਸ਼ਿਪ ਦੇ ਗੁਣਾਂ ਦੇ ਵਿਕਾਸ, ਦੂਜੇ ਦਿਨ ਸੂਚਨਾ ਤਕਨਾਲੋਜੀ ਦੀ ਵਰਤੋਂ ਦੇ ਨਾਲ-ਨਾਲ ਵਿਸ਼ਿਆਂ ਤੇ ਜਮਾਤਾਂ ਅਨੁਸਾਰ ਸਿੱਖਣ ਪਰਿਣਾਮਾਂ ਬਾਰੇ ਚਰਚਾ ਕੀਤੀ ਜਾਵਣੀ ਹੈ। ਤੀਜੇ ਦਿਨ ਪਾਠ ਯੋਜਨਾ ਤਿਆਰ ਕਰਨ ਦੇ ਉਦੇਸ਼ ਅਤੇ ਵਿਧੀ ਦੇ ਨਾਲ-ਨਾਲ ਸਿੱਖਣ-ਸਿਖਾਉਣ ਦੀਆਂ ਤਕਨੀਕਾਂ ਬਾਰੇ ਜਾਣਕਾਰੀ ਸਾਂਝੀ ਕੀਤੀ ਜਾਣੀ ਹੈ।