ਸਰਕਾਰੀ ਰਾਜਿੰਦਰਾ ਕਾਲਜ 'ਚ ਕਾਨਵੋਕੇਸ਼ਨ ਦੌਰਾਨ ਵਿਦਿਆਰਥੀਆਂ ਨੂੰ ਵੰਡੀਆਂ ਡਿਗਰੀਆਂ
ਅਸ਼ੋਕ ਵਰਮਾ
ਬਠਿੰਡਾ, 24 ਸਤੰਬਰ 2023: ਸਰਕਾਰੀ ਰਾਜਿੰਦਰਾ ਕਾਲਜ ਬਠਿੰਡਾ ਦੀ 37ਵੀਂ ਕਨਵੋਕੇਸ਼ਨ ਸਮਾਰੋਹ ਵਿੱਚ ਡਿਗਰੀ ਵੰਡਣ ਦਾ ਕਾਰਜ ਮੁੱਖ ਮਹਿਮਾਨ ਵਜੋਂ ਪਹੁੰਚੇ ਵਿਧਾਇਕ ਬਠਿੰਡਾ (ਸ਼ਹਿਰੀ) ਸ. ਜਗਰੂਪ ਸਿੰਘ ਗਿੱਲ ਨੇ ਨਿਭਾਇਆ। ਇਸ ਮੌਕੇ ਸ. ਜਗਰੂਪ ਗਿੱਲ ਨੇ ਵਿਦਿਆਰਥੀਆਂ ਨਾਲ ਆਪਣੀ ਜਿੰਦਗੀ ਦੇ ਤਜ਼ਰਬੇ ਸਾਂਝੇ ਕਰਦਿਆਂ ਵਿਦਿਆਰਥੀਆਂ ਦੇ ਚੰਗੇ ਭਵਿੱਖ ਦੀ ਕਾਮਨਾ ਕੀਤੀ ਅਤੇ ਕਿਹਾ ਕਿ ਮੈਂ ਵੀ ਸਧਾਰਨ ਪਰਿਵਾਰ ਵਿੱਚੋਂ ਉਠ ਕੇ ਲੋਕ ਸੇਵਾ ਹਿੱਤ ਕਾਰਜ ਕਰ ਰਿਹਾ ਹਾਂ, ਜਿਸ ਦੇ ਫਲਸਰੂਪ ਲੋਕਾਂ ਨੇ ਮੇਰੀ ਚੋਣ ਖੁਦ ਲੜੀ ਅਤੇ ਮੈਨੂੰ ਸਦਾ ਸਫਲ ਬਣਾਇਆ।
ਸਮਾਗਮ ਦੌਰਾਨ ਵਿਧਾਇਕ ਸ. ਗਿੱਲ ਨੇ ਵਿਦਿਆਰਥੀਆਂ ਨੂੰ ਸਖ਼ਤ ਮਿਹਨਤ ਕਰਨ ਦਾ ਸੰਦੇਸ਼ ਦਿੰਦਿਆਂ ਕਿਹਾ ਕਿ ਮਿਹਨਤ ਨਾਲ ਚੰਗੇਰੇ ਭਵਿੱਖ ਨੂੰ ਰੋਸ਼ਨਾਇਆ ਜਾ ਸਕਦਾ ਹੈ ਅਤੇ ਇੱਕ ਚੰਗੇ ਸਮਾਜ ਦੀ ਸਿਰਜਣਾ ਕੀਤੀ ਜਾ ਸਕਦੀ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਹੋਰ ਮਿਹਨਤ ਕਰਕੇ ਮੁਕਾਬਲੇ ਦੀਆਂ ਪ੍ਰੀਖਿਆਵਾਂ ਪਾਸ ਕਰਕੇ ਵੱਡੇ ਅਹੁਦਿਆਂ ਤੇ ਪਹੁੰਚਣ ਦੀ ਕਾਮਨਾ ਵੀ ਕੀਤੀ। ਉਨ੍ਹਾਂ ਇਹ ਵੀ ਕਿਹਾ ਕਿ ਨੇਕ ਇਰਾਦਿਆਂ ਤੇ ਬੁਲੰਦ ਹੌਂਸਲਿਆਂ ਨਾਲ ਮੰਜ਼ਿਲਾਂ ਨੂੰ ਸਰ ਕੀਤਾ ਜਾ ਸਕਦਾ ਹੈ।
ਸਮਾਗਮ ਦੌਰਾਨ ਉਨ੍ਹਾਂ ਵਲੋਂ ਸਰਕਾਰੀ ਰਾਜਿੰਦਰਾ ਕਾਲਜ ਦੇ ਪੰਜਾਬੀ ਯੂਨੀਵਰਸਿਟੀ ਦੀ 2020-21 ਅਤੇ 2021-22 ਦੀਆਂ ਪ੍ਰੀਖਿਆਵਾਂ ਚੋਂ ਸ਼ਾਨਦਾਰ ਪ੍ਰਾਪਤੀਆਂ ਕਰਨ ਵਾਲੇ 94 ਪੋਸਟ ਗ੍ਰੇਜੂਏਸ਼ਨ, 191 ਗ੍ਰੈਜੂਏਸ਼ਨ ਹੋਣਹਾਰ ਵਿਦਿਆਰਥੀਆਂ ਨੂੰ ਡਿਗਰੀਆਂ ਪ੍ਰਦਾਨ ਕੀਤੀਆਂ ਗਈਆਂ। ਉਨ੍ਹਾਂ ਵੱਖ-ਵੱਖ ਗਤੀਵਿਧੀਆਂ ਵਿੱਚੋਂ ਉੱਤਮ ਸਥਾਨ ਪ੍ਰਾਪਤ ਕਰਨ ਵਾਲੇ 06 ਵਿਦਿਆਰਥੀਆਂ ਨੂੰ ਰੋਲ ਆਫ ਆਨਰ ਨਾਲ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸ. ਗਿੱਲ ਨੇ ਕਾਲਜ ਦੀ ਸਾਲਾਨਾ ਰਿਪੋਰਟ ਵੀ ਜਾਰੀ ਕੀਤੀ। ਇਸ ਮੌਕੇ ਕਾਲਜ ਦੀ ਪ੍ਰਿੰਸੀਪਲ ਡਾ. ਜਯੋਤਸਨਾ, ਪ੍ਰੋ. ਮਨਵਿੰਦਰ ਸਿੰਘ, ਕਾਲਜ ਦੀ ਪੀ.ਟੀ.ਏ ਕਮੇਟੀ, ਰੌਸ ਕਮੇਟੀ, ਕਾਲਜ ਦੇ ਸਮੁੱਚੇ ਸਟਾਫ ਤੋਂ ਇਲਾਵਾ ਕਾਲਜ ਦੇ ਸਾਬਕਾ ਪ੍ਰਿੰਸੀਪਲ , ਪ੍ਰੋਫੈਸਰ ਤੇ ਵਿਦਿਆਰਥੀ ਹਾਜ਼ਰ ਸਨ।