ਏਡੀਸੀ ਆਕਾਸ਼ ਬਾਂਸਲ ਨੇ ਪਿੰਡ ਮੀਮਸਾ ਅਤੇ ਬਰੜਵਾਲ ਵਿੱਚ ਘਰਾਂ ਦੀਆਂ ਬਰੂਹਾਂ ਤੇ ਪਹੁੰਚ ਕੇ ਮਾਪਿਆਂ ਨੂੰ ਕੀਤੀ ਬੱਚੇ ਸਰਕਾਰੀ ਸਕੂਲਾਂ ਵਿੱਚ ਪੜ੍ਹਾਉਣ ਦੀ ਅਪੀਲ
- ਸਰਕਾਰੀ ਸਕੂਲਾਂ ਵਿੱਚ ਮੁਫ਼ਤ ਪੜ੍ਹਾਈ ਦੇ ਨਾਲ-ਨਾਲ ਇੰਟਰਨੈੱਟ ਦੀ ਮਦਦ ਨਾਲ ਆਨਲਾਈਨ ਸਿੱਖਿਆ ਵਰਗੀਆਂ ਆਧੁਨਿਕ ਸਹੂਲਤਾਂ ਵੀ ਕਰਵਾਈਆਂ ਜਾ ਰਹੀਆਂ ਹਨ ਮੁਹੱਈਆ: ਏ.ਡੀ.ਸੀ. ਆਕਾਸ਼ ਬਾਂਸਲ
ਦਲਜੀਤ ਕੌਰ
ਧੂਰੀ/ਸੰਗਰੂਰ, 23 ਫਰਵਰੀ, 2024: ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਦੀਆਂ ਹਦਾਇਤਾਂ 'ਤੇ ਵਧੀਕ ਡਿਪਟੀ ਕਮਿਸ਼ਨਰ (ਜ) ਆਕਾਸ਼ ਬਾਂਸਲ ਨੇ ਮੈਗਾ ਦਾਖਲਾ ਮੁਹਿੰਮ 2024-25 ਤਹਿਤ ਅੱਜ ਪਿੰਡ ਮੀਮਸਾ ਅਤੇ ਬਰੜਵਾਲ ਵਿਖੇ ਲੋਕਾਂ ਦੇ ਘਰਾਂ ਦੀਆਂ ਬਰੂਹਾਂ ਉੱਪਰ ਪਹੁੰਚ ਕੇ ਬੱਚੇ ਸਰਕਾਰੀ ਸਕੂਲਾਂ ਵਿੱਚ ਪੜ੍ਹਾਉਣ ਦੀ ਅਪੀਲ ਕੀਤੀ। ਇਸ ਮੌਕੇ ਕੱਢੀ ਗਈ ਵਿਸ਼ਾਲ ਜਾਗਰੂਕਤਾ ਰੈਲੀ ਦੀ ਅਗਵਾਈ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ ਆਕਾਸ਼ ਬਾਂਸਲ ਨੇ ਮਾਪਿਆਂ ਨੂੰ ਬੱਚਿਆਂ ਦਾ ਦਾਖ਼ਲਾ ਸਰਕਾਰੀ ਸਕੂਲਾਂ ਵਿੱਚ ਕਰਵਾਉਣ ਲਈ ਪ੍ਰੇਰਿਤ ਕੀਤਾ ਅਤੇ ਸਰਕਾਰੀ ਸਕੂਲਾਂ ਦੀ ਸਿੱਖਿਆ ਪ੍ਰਣਾਲੀ ਵਿੱਚ ਹੋਰ ਸੁਧਾਰ ਲਿਆਉਣ ਲਈ ਮਾਪਿਆਂ ਤੋਂ ਫੀਡਬੈਕ ਵੀ ਲਈ।
ਐਡੀਸ਼ਨਲ ਡਿਪਟੀ ਕਮਿਸ਼ਨਰ ਆਕਾਸ਼ ਬਾਂਸਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਵਿੱਚ ਮੁਫ਼ਤ ਪੜ੍ਹਾਈ ਦੇ ਨਾਲ-ਨਾਲ ਇੰਟਰਨੈੱਟ ਦੀ ਮਦਦ ਨਾਲ ਆਨਲਾਈਨ ਸਿੱਖਿਆ ਵਰਗੀਆਂ ਆਧੁਨਿਕ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਮਿਹਨਤੀ ਅਤੇ ਤਜ਼ਰਬੇਕਾਰ ਸਟਾਫ਼, ਮਿਡ ਡੇਅ ਮੀਲ, 8ਵੀਂ ਤੱਕ ਮੁਫ਼ਤ ਪੜ੍ਹਾਈ ਦੇ ਨਾਲ-ਨਾਲ ਕਿਤਾਬਾਂ ਅਤੇ ਵਰਦੀਆਂ ਦੀ ਸਹੂਲਤ ਮੁਫ਼ਤ ਮੁਹੱਈਆ ਕਰਵਾਈ ਜਾਂਦੀ ਹੈ। ਉਨ੍ਹਾਂ ਕਿਹਾ ਕਿ ਇਸਦੇ ਨਾਲ ਹੀ ਵਿਸ਼ਿਆਂ ਨਾਲ ਸਬੰਧਤ ਲੈਬਜ਼, ਈ-ਕੰਟੈਂਟ ਅਤੇ ਐਜੂਸੈਟ ਦੀ ਸੁਵਿਧਾ ਦੇ ਨਾਲ-ਨਾਲ ਕਮਜ਼ੋਰ ਵਿਦਿਆਰਥੀਆਂ ਲਈ ਵਿਸ਼ੇਸ਼ ਮੁਫ਼ਤ ਕਲਾਸਾਂ ਦਾ ਪ੍ਰਬੰਧ ਵੀ ਸਰਕਾਰੀ ਸਕੂਲਾਂ ਵਿੱਚ ਕੀਤਾ ਜਾ ਰਿਹਾ ਹੈ।
ਏ.ਡੀ.ਸੀ. ਨੇ ਕਿਹਾ ਕਿ ਜੇਕਰ ਮਾਪੇ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਪੜ੍ਹਾਉਣ ਨੂੰ ਤਰਜੀਹ ਦੇਣਗੇ ਤਾਂ ਸਰਕਾਰ ਦੇ ਸਰਕਾਰੀ ਸਿੱਖਿਆ ਤੰਤਰ ਨੂੰ ਹੋਰ ਚੰਗਾ ਬਣਾਉਣ ਦੇ ਉਪਰਾਲਿਆਂ ਨੂੰ ਵੱਡੇ ਪੱਧਰ ਉੱਪਰ ਮਜਬੂਤੀ ਮਿਲੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਦਾ ਮਿਆਰ ਹੋਰ ਉੱਚਾ ਚੁੱਕਣ ਲਈ ਸਕੂਲਜ਼ ਆਫ਼ ਐਮੀਨੈਂਸ ਦੀ ਵੀ ਸ਼ੁਰੂਆਤ ਕਰਵਾਈ ਗਈ ਹੈ।
ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਮੇਵਾ ਸਿੰਘ, ਉਪ ਜ਼ਿਲ੍ਹਾ ਸਿੱਖਿਆ ਅਫਸਰ ਪ੍ਰੀਤਇੰਦਰ ਘਈ, ਜ਼ਿਲ੍ਹਾ ਸਿੱਖਿਆ ਅਫਸਰ ਪ੍ਰਾਇੰਮਰੀ ਬਲਜਿੰਦਰ ਕੌਰ, ਉਪ ਜ਼ਿਲ੍ਹਾ ਸਿੱਖਿਆ ਅਫਸਰ ਪ੍ਰਾਇਮਰੀ ਅਸ਼ੀਸ਼ ਕੁਮਾਰ, ਡਾਇਟ ਪ੍ਰਿੰਸੀਪਲ ਵਰਿੰਦਰ ਕੌਰ, ਮੁੱਖ ਅਧਿਆਪਕ ਸ਼ੀਨੂੰ, ਮੁੱਖ ਅਧਿਆਪਕ ਹਰਪ੍ਰੀਤ ਸਿੰਘ, ਮੁੱਖ ਅਧਿਆਪਕ ਮਨਜੋਤ ਕੌਰ ਅਤੇ ਬੀ.ਐਨ.ਓ. ਵਿਪਿਨ ਗਰਗ ਵੀ ਹਾਜ਼ਰ ਸਨ।