ਸਕੂਲ ਆਫ਼ ਐਮੀਨੈਂਸ ‘ਚ ਦਾਖ਼ਲੇ ਲਈ ਰਜਿਸਟ੍ਰੇਸ਼ਨ ਪ੍ਰਕਿਰਿਆ ਸ਼ੁਰੂ
- ਮਾਪੇ ਸਕੂਲ ਆਫ਼ ਐਮੀਨੈਂਸ ‘ਚ ਆਪਣੇ ਬੱਚੇ ਦਾਖ਼ਲ ਕਰਵਾਉਣ : ਡੀ.ਈ.ਓ. ਰਾਜੇਸ਼ ਕੁਮਾਰ
ਰੋਹਿਤ ਗੁਪਤਾ
ਗੁਰਦਾਸਪੁਰ 25 ਫਰਵਰੀ 2024 - ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਵੱਲੋਂ ਮਾਪਿਆਂ ਨੂੰ ਬੱਚੇ "ਸਕੂਲ ਆਫ਼ ਐਮੀਨੈਂਸ” ਵਿੱਚ ਦਾਖ਼ਲ ਕਰਵਾਉਣ ਦੀ ਅਪੀਲ ਕੀਤੀ ਹੈ। ਇਸ ਮੌਕੇ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰ: ਰਾਜੇਸ਼ ਕੁਮਾਰ ਸ਼ਰਮਾਂ ( ਸਟੇਟ ਐਵਾਰਡੀ ) ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰ: ਲਖਵਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਬੱਚਿਆਂ ਨੂੰ ਮਿਆਰੀ ਸਿੱਖਿਆ ਦੇਣ ਲਈ "ਸਕੂਲ ਆਫ਼ ਐਮੀਨੈਂਸ” ਦੀ ਸ਼ੁਰੂਆਤ ਕੀਤੀ ਗਈ ਹੈ।
ਉਨ੍ਹਾਂ ਜਾਣਕਾਰੀ ਦਿੱਤੀ ਕਿ ਮਾਪੇ https://schoolofeminence.pseb.ac.in ਲਿੰਕ ਤੇ ਕਲਿੱਕ ਕਰਕੇ ਬੱਚਿਆਂ ਨੂੰ ਇਨ੍ਹਾਂ ਸਕੂਲਾਂ ਵਿੱਚ 9ਵੀਂ ਅਤੇ 11ਵੀਂ ਜਮਾਤ ਵਿੱਚ ਦਾਖਲ ਕਰਵਾ ਸਕਦੇ ਹਨ। ਇਸ ਲਈ ਦਾਖਲੇ ਦੀ ਪ੍ਰਕ੍ਰਿਆ ਸ਼ੁਰੂ ਹੋ ਗਈ ਹੈ ਅਤੇ ਇਹ 15 ਮਾਰਚ ਤੱਕ ਚੱਲੇਗੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਬੱਚਿਆਂ ਨੂੰ ਗੁਣਾਤਮਕ ਸਿੱਖਿਆ ਦੇਣ ਲਈ ਵਚਨਬੱਧ ਹੈ ਅਤੇ "ਸਕੂਲ ਆਫ਼ ਐਮੀਨੈਂਸ” ਨਾਲ ਵਿਦਿਆਰਥੀਆਂ ਨੂੰ ਭਵਿੱਖੀ ਪ੍ਰਤੀਯੋਗੀ ਪ੍ਰਤੀਯੋਗੀ ਪ੍ਰੀਖਿਆਵਾਂ ਲਈ ਤਿਆਰੀ ਵਿੱਚ ਮਦਦ ਮਿਲੇਗੀ ਅਤੇ ਬੱਚੇ ਦਾ ਸਰਵਪੱਖੀ ਵਿਕਾਸ ਹੋਵੇਗਾ ਅਤੇ ਇਨ੍ਹਾਂ ਸਕੂਲਾਂ ਵਿੱਚ ਵਿਦਿਆਰਥੀ ਸਿੱਖਿਆ ਹਾਸਲ ਕਰਕੇ ਦੇਸ਼ ਭਰ ਵਿੱਚ ਹਰ ਖੇਤਰ ਵਿੱਚ ਮੱਲਾਂ ਮਾਰਨਗੇ।