ਰਜਨੀਸ਼ ਸਰੀਨ
ਨਵਾਂਸਹਿਰ, 28 ਨਵੰਬਰ 2020 - ਸਿੱਖਿਆ ਵਿਭਾਗ ਵੱਲੋਂ ਰਾਜ ਦੇ ਸਰਕਾਰੀ ਪ੍ਰਾਇਮਰੀ, ਮਿਡਲ, ਸੈਕੰਡਰੀ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਵਿਦਿਅਰਥੀਆਂ ਦੇ ਸਰਵਪੱਖੀ ਵਿਕਾਸ ਨੂੰ ਮੁੱਖ ਰੱਖਦਿਆਂ ਮਾਪਿਆਂ ਨੂੰ ਵਿਦਿਅਰਥੀਆਂ ਦੀਆਂ ਪ੍ਰਾਪਤੀਆਂ ਬਾਰੇ ਜਾਣੂ ਕਰਵਾਉਣ ਲਈ ਅਤੇ ਉਨ੍ਹਾਂ ਦੇ ਕੀਮਤੀ ਸੁਝਾਵਾਂ ਨੂੰ ਜਾਣਨ ਲਈ ੨੬ ਤੋਂ ੨੮ ਨਵੰਬਰ ਤੱਕ ਮਾਪੇ-ਅਧਿਆਪਕ ਮਿਲਣੀਆਂ ਰੱਖੀਆਂ ਗਈ ਸਨ। ਇਹਨਾਂ ਮਿਲਣੀਆਂ ਵਿੱਚ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਦੀ ਅਗਵਾਈ ਵਿੱਚ ਸਿੱਖਿਆ ਸੁਧਾਰ ਟੀਮ ਅਤੇ ਬੀਪੀਈਓ ਸਹਿਬਾਨ ਨੇ ਸਕੂਲਾਂ ਦਾ ਦੌਰਾ ਕਰਕੇ ਚੱਲ ਰਹੀਆਂ ਮਾਪੇ ਅਧਿਆਪਕ ਮਿਲਣੀਆਂ ਦਾ ਜਾਇਜ਼ਾ ਲਿਆ ਅਤੇ ਬੱਚਿਆਂ ਤੇ ਮਾਪਿਆਂ ਨਾਲ ਵਿਚਾਰ ਚਰਚਾ ਕੀਤੀ। ਜ਼ਿਲ੍ਹਾ ਸਿੱਖਿਆ ਅਫ਼ਸਰਾਂ ਵੱਲੋਂ ਵੀ ਮਾਪੇ ਅਧਿਆਪਕ ਮਿਲਣੀਆਂ ਦੇ ਤਿਨ੍ਹਾਂ ਦਿਨਾਂ ਦੌਰਾਨ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਦਾ ਦੌਰਾ ਕੀਤਾ ਗਿਆ ਅਤੇ ਅਧਿਆਪਕ ਦੀ ਹੌਂਸਲਾ ਅਫਜ਼ਾਈ ਕੀਤੀ ਗਈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਜਗਜੀਤ ਸਿੰਘ ਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸਿੱਖਿਆ ਪਵਨ ਕੁਮਾਰ ਨੇ ਦੱਸਿਆ ਕਿ ਮਾਪੇ ਅਧਿਆਪਕ ਮਿਲਣੀਆਂ ਦੌਰਾਨ ਮਾਪੇ ਆਪਣੇ ਬੱਚਿਆਂ ਦੀਆਂ ਕਾਰਗੁਜ਼ਾਰੀਆਂ ਜਾਣ ਕੇ ਕਾਫ਼ੀ ਖ਼ੁਸ਼ ਹਨ।
ਇਹਨਾਂ ਮਿਲਣੀਆਂ ਦੌਰਾਨ ਮਾਪਿਆਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। ਜਿਥੇ ਬਹੁਤ ਸਾਰੇ ਮਾਪਿਆਂ ਨੇ ਨਿੱਜੀ ਰੂਪ 'ਚ ਸਕੂਲ ਪੁੱਜ ਕੇ ਆਪਣੇ ਬੱਚਿਆਂ ਦੀ ਕਾਰਗੁਜ਼ਾਰੀ ਦੀ ਜਾਣਕਾਰੀ ਪ੍ਰਾਪਤ ਕੀਤੀ ਉਥੇ ਹੀ ਕਈ ਮਾਪਿਆਂ ਨੇ ਫੋਨ ਰਾਹੀਂ ਅਧਿਆਪਕਾਂ ਨਾਲ ਰਾਬਤਾ ਬਣਾਇਆ।
ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਅਮਰੀਕ ਸਿੰਘ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਛੋਟੂ ਰਾਮ ਨੇ ਦੱਸਿਆ ਕਿ ਇਹਨਾਂ ਮਿਲਣੀਆਂ ਦੌਰਾਨ ਕੋਵਿਡ-੧੯ ਮਹਾਂਮਾਰੀ ਬਾਰੇ ਸਿਹਤ ਵਿਭਾਗ ਵੱਲੋਂ ਜਾਰੀ ਹਦਾਇਤਾਂ ਨੂੰ ਧਿਆਨ ਵਿੱਚ ਰੱਖਦਿਆਂ ਸਕੂਲਾਂ ਵੱਲੋਂ ਵਿਦਿਆਰਥੀਆਂ ਦੇ ਮਾਪਿਆਂ ਨਾਲ ਰਾਬਤਾ ਕਾਇਮ ਕੀਤਾ ਹੈ। ਇਸ ਮਿਲਣੀ ਦੌਰਾਨ ਅਧਿਆਪਕ, ਵਿਦਿਆਰਥੀਆਂ ਦੇ ਮਾਪਿਆਂ ਨੂੰ ਉਨ੍ਹਾਂ ਦੀਆਂ ਅਕਾਦਮਿਕ ਪ੍ਰਾਪਤੀਆਂ ਬਾਰੇ ਤਾਂ ਜਾਣੂ ਕਰਵਾ ਹੀ ਰਹੇ ਹਨ ਬਲਕਿ ਇਸ ਦੇ ਨਾਲ-ਨਾਲ ਮਾਪਿਆਂ ਨੂੰ ਵਿਦਿਆਰਥੀਆਂ ਦੀ ਪੰਜਾਬ ਪ੍ਰਾਪਤੀ ਸਰਵੇਖਣ ਟੈਸਟ ਵਿੱਚ ਕਾਰਗੁਜ਼ਾਰੀ, ਐੱਨ.ਟੀ.ਐੱਸ.ਸੀ, ਐੱਨ.ਐੱਮ.ਐਮ.ਐੱਸ, ਪੀ.ਐੱਸ.ਟੀ.ਐੱਸ.ਸੀ, ਪੰਜਾਬ ਐਜੂਕੇਅਰ ਐਪ ਦੀ ਵਰਤੋਂ, ਸਵਾਗਤ ਜ਼ਿੰਦਗੀ ਵਿਸ਼ੇ, ਬੱਡੀ ਗਰੁੱਪਾਂ, ਇੰਗਲਿਸ਼ ਬੂਸਟਰ ਕਲੱਬਾਂ, ਆਨਲਾਈਨ ਕਲਾਸਾਂ, ਟੈਲੀਵਿਜ਼ਨ ਰਾਹੀਂ ਕਲਾਸਾਂ, ਵਿਦਿਆਰਥੀਆਂ ਦੀ ਸਿਹਤ ਸੰਭਾਲ ਅਤੇ ੧੧ ਨਵੰਬਰ ਨੂੰ ਪੰਜਾਬ ਪ੍ਰਾਪਤੀ ਸਰਵੇਖਣ ਦੇ ਫਾਈਨਲ ਟੈਸਟ ਵਿੱਚ ਬੱਚਿਆਂ ਦੀ ਭਾਗੀਦਾਰੀ ਅਤੇ ਕਾਰਗੁਜ਼ਾਰੀ ਬਾਰੇ ਵਿਚਾਰ ਕੀਤਾ ਗਿਆ।
ਜ਼ਿਕਰਯੋਗ ਹੈ ਕਿ ਕੋਵਿਡ-੧੯ ਮਹਾਂਮਾਰੀ ਕਾਰਨ ਸਰਕਾਰ ਵੱਲੋਂ ਐਲਾਨੀ ਤਾਲਾਬੰਦੀ ਸਦਕਾ ਹਰ ਤਰ੍ਹਾਂ ਦੀਆਂ ਸਰਗਰਮੀਆਂ ਠੱਪ ਹੋ ਗਈਆਂ ਸਨ। ਪਰ ਸਕੂਲ ਸਿੱਖਿਆ ਵਿਭਾਗ ਵੱਲੋਂ ਮਿਹਨਤੀ ਅਧਿਆਪਕਾਂ ਦੀ ਮੱਦਦ ਨਾਲ ਵਿਦਿਆਰਥੀਆਂ ਦੀ ਪੜ੍ਹਾਈ ਨੂੰ ਆਨ-ਲਾਈਨ ਜਾਰੀ ਰੱਖਿਆ ਹੋਇਆ ਹੈ।