ਬੀਕੇਯੂ ਉਗਰਾਹਾਂ ਵੱਲੋਂ ਕਿਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਨਿਰਭੈ ਸਿੰਘ ਢੁੱਡੀਕੇ ਦੇ ਘਰ ਕੇਂਦਰੀ ਏਜੰਸੀ ਆਈ. ਬੀ. ਦੀ ਛਾਪੇਮਾਰੀ ਦੀ ਨਿਖੇਧੀ
ਦਲਜੀਤ ਕੌਰ
ਚੰਡੀਗੜ੍ਹ, 26 ਮਈ, 2024: ਅੱਜ ਤੜਕਸਾਰ ਕੇਂਦਰੀ ਏਜੰਸੀ ਆਈ. ਬੀ. ਦੇ ਅਧਿਕਾਰੀਆਂ ਵੱਲੋਂ ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਨਿਰਭੈ ਸਿੰਘ ਢੁੱਡੀਕੇ ਦੇ ਘਰ ਛਾਪੇਮਾਰੀ ਕਰਨ ਦੀ ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਵੱਲੋਂ ਸਖ਼ਤ ਨਿਖੇਧੀ ਕੀਤੀ ਗਈ ਹੈ। ਇਸ ਸੰਬੰਧੀ ਜਥੇਬੰਦੀ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ, ਸੀਨੀਅਰ ਮੀਤ ਪ੍ਰਧਾਨ ਝੰਡਾ ਸਿੰਘ ਜੇਠੂਕੇ ਅਤੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਵੱਲੋਂ ਸਾਂਝਾ ਪ੍ਰੈਸ ਬਿਆਨ ਜਾਰੀ ਕਰਦਿਆਂ ਦੋਸ਼ ਲਾਇਆ ਗਿਆ ਹੈ ਕਿ ਮੋਦੀ ਸਰਕਾਰ ਭਾਜਪਾ ਚੋਣ ਮੁਹਿੰਮ ਦੌਰਾਨ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤਹਿਤ ਹੋ ਰਹੇ ਵਿਸ਼ਾਲ ਜਨਤਕ ਕਿਸਾਨ ਵਿਰੋਧ ਤੋਂ ਘਬਰਾ ਕੇ ਕਿਸਾਨ ਆਗੂਆਂ ਘਰੀਂ ਛਾਪੇਮਾਰੀਆਂ ਅਤੇ ਕਈਆਂ ਦੀਆਂ ਗ੍ਰਿਫ਼ਤਾਰੀਆਂ ਦੇ ਜਾਬਰ ਹੱਲੇ ਰਾਹੀਂ ਇਸ ਕਿਸਾਨ ਵਿਰੋਧ ਨੂੰ ਕੁਚਲਣ ਦਾ ਭਰਮ ਪਾਲ ਰਹੀ ਹੈ।
ਪ੍ਰੰਤੂ ਦਿਨੋਂ ਦਿਨ ਹੋਰ ਵਿਸ਼ਾਲ ਅਤੇ ਤਿੱਖਾ ਹੋ ਰਿਹਾ ਜਨਤਕ ਕਿਸਾਨ ਵਿਰੋਧ ਉਸਦੇ ਭਰਮ ਨੂੰ ਚਕਨਾਚੂਰ ਕਰ ਰਿਹਾ ਹੈ। ਉਨ੍ਹਾਂ ਮੰਗ ਕੀਤੀ ਕਿ ਅਜਿਹੇ ਜਾਬਰ ਹਥਕੰਡੇ ਤੁਰੰਤ ਬੰਦ ਕੀਤੇ ਜਾਣ ਅਤੇ ਅਜਿਹਾ ਨਾ ਕਰਨ ਦੀ ਸੂਰਤ ਵਿੱਚ ਹੋਰ ਤਿੱਖੇ ਕਿਸਾਨ ਰੋਹ ਦਾ ਸਾਹਮਣਾ ਕਰਨ ਲਈ ਤਿਆਰ ਰਹਿਣ ਦੀ ਚਿਤਾਵਨੀ ਵੀ ਦਿੱਤੀ ਹੈ।