ਮੀਤ ਹੇਅਰ ਨੇ ਨੌਜਵਾਨਾਂ ਨੂੰ ਭੜਕਾਉਣ ਵਾਲੇ ਵਿਰੋਧੀਆਂ ਨੂੰ ਆੜੇ ਹੱਥੀ ਲਿਆ
ਸਾਡਾ ਉਦੇਸ਼ ਨੌਜਵਾਨਾਂ ਦੇ ਹੱਥਾਂ ਵਿੱਚ ਰੋਟੀ ਵਾਲੇ ਟਿਫਿਨ ਅਤੇ ਖੇਡਣ ਲਈ ਸਮਾਨ ਦੇਣਾ: ਮੀਤ ਹੇਅਰ
ਮੀਤ ਹੇਅਰ ਵੱਲੋਂ ਧੂਰੀ ਹਲਕੇ ਦੇ ਪਿੰਡਾਂ ਵਿੱਚ ਭਰਵੀਆਂ ਚੋਣ ਰੈਲੀਆਂ
ਦਲਜੀਤ ਕੌਰ
ਧੂਰੀ, 22 ਮਈ, 2024: ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਤੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਨੌਜਵਾਨਾਂ ਨੂੰ ਭੜਕਾਉਣ ਵਾਲੇ ਵਿਰੋਧੀਆਂ ਨੂੰ ਆੜੇ ਹੱਥੀ ਲੈਂਦਿਆਂ ਕਿਹਾ ਕਿ ਸਾਡਾ ਉਦੇਸ਼ ਨੌਜਵਾਨਾਂ ਨੂੰ ਰੋਜ਼ਗਾਰ ਦੇਣਾ ਅਤੇ ਨੌਜਵਾਨੀ ਨੂੰ ਖੇਡਾਂ ਵਾਲੇ ਪਾਸੇ ਲਗਾਉਣਾ ਹੈ।
ਅੱਜ ਧੂਰੀ ਹਲਕੇ ਦੇ ਪਿੰਡਾਂ ਵਿੱਚ ਭਰਵੀਆਂ ਚੋਣ ਰੈਲੀਆਂ ਨੂੰ ਸੰਬੋਧਨ ਕਰਦਿਆਂ ਮੀਤ ਹੇਅਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਦਾ ਉਦੇਸ਼ ਹੈ ਕਿ ਨੌਜਵਾਨਾਂ ਦੇ ਹੱਥ ਵਿੱਚ ਰੋਟੀ ਵਾਲਾ ਟਿਫਿਨ ਹੋਵੇ ਅਤੇ ਉਹ ਆਪਣੇ ਰੋਜ਼ਗਾਰ ਦੇ ਆਹਰੇ ਲੱਗਣ। ਇਸ ਦਿਸ਼ਾ ਵਿੱਚ ਕੰਮ ਕਰਦਿਆਂ ਹੁਣ ਤੱਕ 43 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾ ਚੁੱਕੇ ਹਨ, ਉਬ ਵੀ ਬਿਨਾਂ ਕਿਸੇ ਸਿਫਾਰਸ਼ ਅਤੇ ਰਿਸ਼ਵਤਖੋਰੀ ਦੇ।
ਮੀਤ ਹੇਅਰ ਨੇ ਕਿਹਾ ਕਿ ਨੌਜਵਾਨਾਂ ਨੂੰ ਖੇਡਾਂ ਵਾਲੇ ਪਾਸੇ ਲਗਾਉਣ ਲਈ ਨਵੀਂ ਖੇਡ ਨੀਤੀ ਬਣਾਈ। ਖੇਡਾਂ ਵਤਨ ਪੰਜਾਬ ਦੀਆਂ ਸ਼ੁਰੂ ਕਰਵਾਈਆਂ ਜਿਸ ਵਿੱਚ ਸਾਢੇ ਚਾਰ ਲੱਖ ਤੋਂ ਵੱਧ ਖਿਡਾਰੀਆਂ ਨੇ ਹਿੱਸਾ ਲਿਆ। ਪਿਛਲੇ ਦੋ ਸਾਲਾਂ ਵਿੱਚ 26 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ 75 ਕਰੋੜ ਰੁਪਏ ਤੋਂ ਵੱਧ ਦੀ ਇਨਾਮ ਰਾਸ਼ੀ ਵੰਡੀ ਜਾ ਚੁੱਕੀ ਹੈ। ਪੰਜਾਬ ਦੇ ਖਿਡਾਰੀਆਂ ਨੇ ਏਸ਼ੀਅਨ ਗੇਮਜ਼ ਵਿੱਚ 72 ਸਾਲ ਦੇ ਰਿਕਾਰਡ ਤੋੜ ਕੇ 8 ਗੋਲਡ ਮੈਡਲਾਂ ਸਮੇਤ ਕੁੱਲ 20 ਮੈਡਲ ਜਿੱਤੇ।
ਮੀਤ ਹੇਅਰ ਨੇ ਕਿਹਾ ਕਿ ਵਿਰੋਧੀ ਪਾਰਟੀਆਂ ਦੇ ਉਮੀਦਵਾਰਾਂ ਦਾ ਇਕੋ ਮਕਸਦ ਨੌਜਵਾਨਾਂ ਨੂੰ ਕੁਰਾਹੇ ਪਾਉਣਾ ਹੈ ਜਿਸ ਲਈ ਉਹ ਭੜਕਾਊ ਅਤੇ ਗੁੰਮਰਾਹਕੁੰਨ ਬਿਆਨਬਾਜ਼ੀ ਕਰਦੇ ਹਨ। ਉਨ੍ਹਾਂ ਕਿਹਾ ਕਿ ਸਾਡੀ ਪਾਰਟੀ ਆਪਣੇ ਸ਼ਹੀਦਾਂ ਨੂੰ ਸਰਮਾਇਆ ਮੰਨਦੀ ਹੋਈ ਉਨ੍ਹਾਂ ਵੱਲੋਂ ਦਿਖਾਏ ਮਾਰਗ ਉਤੇ ਚੱਲਣ ਦਾ ਯਤਨ ਕਰਦੀ ਹੈ ਜਦੋਂ ਕਿ ਵਿਰੋਧੀ ਉਮੀਦਵਾਰ ਸ਼ਹੀਦਾਂ ਦਾ ਹੀ ਅਪਮਾਨ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਹੁਣ ਲੋਕਾਂ ਨੇ ਫੈਸਲਾ ਕਰਨਾ ਹੈ ਕਿ ਉਨ੍ਹਾਂ ਕਿਸ ਪਾਰਟੀ ਦਾ ਸਾਥ ਦੇਣਾ ਹੈ।
ਮੀਤ ਹੇਅਰ ਨੇ ਵਿਸ਼ਵਾਸ ਦਿਵਾਇਆ ਕਿ ਆਉਣੇ ਵਾਲੇ ਤਿੰਨ ਸਾਲਾਂ ਵਿੱਚ ਵੀ ਸੂਬਾ ਸਰਕਾਰ ਵੱਲੋਂ ਵੱਡੇ ਪੱਧਰ ਉਤੇ ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਜਾਣਗੀਆਂ। 1000ਖੇਡ ਨਰਸਰੀਆਂ ਬਣਾਈ ਜਾ ਰਹੀ ਹੈ ਜਿਸ ਨਾਲ ਪੰਜਾਬ ਮੁੜ ਦੇਸ਼ ਦਾ ਨੰਬਰ ਇਕ ਸੂਬਾ ਬਣੇਗਾ। ਉਨ੍ਹਾਂ ਕਿਹਾ ਕਿ ਸਭ ਤੋਂ ਵੱਧ ਵਸੋਂ ਨੌਜਵਾਨਾਂ ਦੀ ਹੈ ਅਤੇ ਇਸ ਵੇਲੇ ਸੂਬੇ ਦੀ ਸੇਵਾ ਨੌਜਵਾਨ ਮੁੱਖ ਮੰਤਰੀ ਵੱਲੋਂ ਕੀਤੀ ਜਾ ਰਹੀ ਹੈ। ਨੌਜਵਾਨਾਂ ਦੇ ਸਸ਼ਕਤੀਕਰਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।