ਲੂਅ ਤੋਂ ਬਚਾਅ ਲਈ ਵਧੇਰੇ ਸੁਚੇਤ ਰਹਿਣ ਦੀ ਲੋੜ: ਡਾ. ਗੁਰਪਾਲ ਕਟਾਰੀਆ
- ਸ਼ਿਵਾਲਿਕ ਪਬਲਿਕ ਸਕੂਲ, ਨਵਾਂਸ਼ਹਿਰ ਵਿਖੇ ਅਗਾਮੀ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਹੀਟਵੇਵ ਪ੍ਰਬੰਧਨ ਸਬੰਧੀ ਪੋਲਿੰਗ ਸਟਾਫ ਨੂੰ ਦਿੱਤੀ ਟ੍ਰੇਨਿੰਗ
ਪ੍ਰਮੋਦ ਭਾਰਤੀ
ਨਵਾਂਸ਼ਹਿਰ, 26 ਮਈ 2024
ਜ਼ਿਲ੍ਹਾ ਚੋਣ ਅਫਸਰ ਕਮ ਡਿਪਟੀ ਕਮਿਸ਼ਨਰ ਸ. ਨਵਜੋਤ ਪਾਲ ਸਿੰਘ ਰੰਧਾਵਾ ਜੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਿਵਲ ਸਰਜਨ ਡਾ. ਜਸਪ੍ਰੀਤ ਕੌਰ ਜੀ ਦੀ ਯੋਗ ਰਹਿਨੁਮਾਈ ਹੇਠ ਸਥਾਨਕ ਸ਼ਿਵਾਲਿਕ ਪਬਲਿਕ ਸਕੂਲ, ਨਵਾਂਸ਼ਹਿਰ ਵਿਖੇ ਅਗਾਮੀ ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ‘ਹੀਟਵੇਵ ਮੈਨੇਜਮੈਂਟ’ ਸਬੰਧੀ ਪੋਲਿੰਗ ਸਟਾਫ ਨੂੰ ਫਰਸਟ ਏਡ ਟ੍ਰੇਨਿੰਗ ਦਿੱਤੀ ਗਈ।
ਇਸ ਮੌਕੇ ਮੈਡੀਕਲ ਸਪੈਸ਼ਲਿਸਟ ਡਾ. ਗੁਰਪਾਲ ਕਟਾਰੀਆ ਤੇ ਡਾ. ਜੋਤੀ ਵਿਧਾਨ ਨੇ 1 ਜੂਨ, 2024 ਨੂੰ ਹੋਣ ਜਾ ਰਹੀਆਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਹੀਟਵੇਵ ਪ੍ਰਬੰਧਨ ਤਹਿਤ ਮੁੱਢਲੀ ਸਹਾਇਤਾ ਪ੍ਰਦਾਨ ਕਰਨ ਸਬੰਧੀ ਪੋਲਿੰਗ ਸਟਾਫ ਨੂੰ ਸਿਖਲਾਈ ਦਿੰਦੇ ਹੋਏ ਦੱਸਿਆ ਕਿ ਸੂਬੇ ਵਿੱਚ ਰੋਜ਼ਾਨਾ ਵਧ ਰਹੇ ਤਾਪਮਾਨ ਨੂੰ ਧਿਆਨ ਵਿਚ ਰੱਖਦਿਆਂ ਲੋਕਾਂ ਨੂੰ ਲੂਅ ਭਾਵ ਹੀਟਵੇਵ ਤੋਂ ਬਚਾਉਣ ਲਈ ਵਧੇਰੇ ਸੁਚੇਤ ਰਹਿਣ ਦੀ ਲੋੜ ਹੈ। ਉਨ੍ਹਾਂ ਦੱਸਿਆ ਕਿ 40 ਡਿਗਰੀ ਸੈਲਸੀਅਸ ਜਾਂ ਇਸਤੋ ਵੱਧ ਤਾਪਮਾਨ ਹੋਣ ਦੀ ਸੂਰਤ ਵਿੱਚ ਲੂਅ ਦੀ ਸਥਿਤੀ ਬਣ ਜਾਂਦੀ ਹੈ ਜੋ ਕਿ ਸਰੀਰ ਦੇ ਤਾਪਮਾਨ ਨਿਯਮ ਪ੍ਰਣਾਲੀ ਨੂੰ ਵਿਗਾੜ ਦਿੰਦਾ ਹੈ ਤੇ ਲੂਅ ਲੱਗਣ ਦਾ ਸੰਭਾਵਿਤ ਖ਼ਤਰਾ ਬਣ ਜਾਂਦਾ ਹੈ।
ਉਨ੍ਹਾਂ ਦੱਸਿਆ ਕਿ ਮਈ ਤੇ ਜੂਨ ਮਹੀਨਿਆਂ ਦੌਰਾਨ ਮੌਸਮ ਆਮ ਤੌਰ 'ਤੇ ਕਾਫ਼ੀ ਗਰਮ ਹੁੰਦਾ ਹੈ, ਇਸ ਲਈ ਗਰਮੀ ਦੀਆਂ ਲਹਿਰਾਂ ਤੋਂ ਬਚਾਅ ਕਰਨਾ ਜ਼ਰੂਰੀ ਹੈ। ਉਨ੍ਹਾਂ ਦੱਸਿਆ ਕਿ ਲੂਅ ਤੋਂ ਬਚਾਅ ਲਈ ਬਜ਼ੁਰਗਾਂ, ਬੱਚਿਆਂ ਤੇ ਗਰਭਵਤੀ ਔਰਤਾਂ ਸਮੇਤ ਬਿਮਾਰ ਵਿਅਕਤੀਆਂ ਪ੍ਰਤੀ ਸੰਵੇਦਨਸ਼ੀਲ ਹੋਣ ਦੀ ਲੋੜ ਹੈ। ਇਸਦਾ ਅਸਰ
ਬਜ਼ੁਰਗਾਂ, ਬੱਚਿਆਂ ਤੇ ਗਰਭਵਤੀ ਔਰਤਾਂ, ਮਾਨਸਿਕ ਜਾਂ ਸਰੀਰਿਕ ਬਿਮਾਰੀ ਤੋਂ ਪੀੜਤ ਲੋਕਾਂ ਖ਼ਾਸਕਰ ਦਿਲ ਦੀ ਬਿਮਾਰੀ ਜਾਂ ਹਾਈ ਬਲੈੱਡ ਪ੍ਰੈਸ਼ਰ ਦੇ ਰੋਗੀਆਂ, ਮੋਟਾਪੇ ਤੋਂ ਪੀੜਤ ਲੋਕਾਂ 'ਤੇ ਜ਼ਿਆਦਾ ਹੁੰਦਾ ਹੈ।
ਡਾ. ਕਟਾਰੀਆ ਨੇ ਲੂਅ ਦੇ ਲੱਛਣਾਂ ਦੀ ਪਛਾਣ ਬਾਰੇ ਤਫ਼ਸੀਲ ਨਾਲ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਆਦਾ ਗਰਮੀ ਕਾਰਨ ਸਰੀਰ ਦਾ ਤਾਪਮਾਨ ਵਧ ਜਾਂਦਾ ਹੈ, ਜਿਸ ਕਾਰਨ ਸਰੀਰ ਅੰਦਰ ਪਾਣੀ ਦੀ ਘਾਟ ਪੈਦਾ ਹੋ ਸਕਦੀ ਹੈ ਤੇ ਵਿਅਕਤੀ ਚੱਕਰ ਖਾਣ ਉਪਰੰਤ ਬੇਹੋਸ਼ ਹੋ ਕੇ ਡਿੱਗ ਸਕਦਾ ਹੈ। ਉਨ੍ਹਾਂ ਦੱਸਿਆ ਕਿ ਪਿੱਤ ਹੋਣਾ ਜਾਂ ਚੱਕਰ ਆਉਣੇ, ਥਕਾਣ ਹੋਣਾ, ਸਿਰ ਦਰਦ, ਗਰਮੀ ਦੇ ਬਾਵਜੂਦ ਘੱਟ ਪਸੀਨਾ ਆਉਣਾ, ਖ਼ੁਸ਼ਕ ਚਮੜੀ, ਮਾਸਪੇਸ਼ੀਆਂ ਵਿਚ ਕਮਜ਼ੋਰੀ, ਬੇਚੈਨੀ ਅਤੇ ਘਬਰਾਹਟ ਹੋਣਾ, ਲੋੜ ਤੋਂ ਜ਼ਿਆਦਾ ਪਿਆਸ ਲੱਗਣਾ ਆਦਿ ਇਸ ਦੇ ਲੱਛਣ ਹੋ ਸਕਦੇ ਹਨ।
ਉਨ੍ਹਾਂ ਦੱਸਿਆ ਕਿ ਜੇਕਰ ਕਿਸੇ ਵਿਅਕਤੀ ਵਿੱਚ ਉੁਕਤ ਲੱਛਣ ਵਿਖਾਈ ਦੇਣ ਤਾਂ ਉਸ ਨੂੰ ਮੁੱਢਲੀ ਸਹਾਇਤਾ ਦਿੱਤੀ ਜਾਵੇ। ਅਜਿਹੇ ਵਿਅਕਤੀ ਨੂੰ ਛਾਵੇਂ ਬਿਠਾ ਦਿੱਤਾ ਜਾਵੇ, ਕੱਪੜੇ ਢਿੱਲੇ ਕਰ ਦਿੱਤੇ ਜਾਣ, ਪੀਣ ਲਈ ਓ.ਆਰ.ਐੱਸ. ਘੋਲ਼ ਜਾਂ ਹੋਰ ਤਰਲ ਪਦਾਰਥ ਦਿੱਤਾ ਜਾਵੇ ਤੇ ਜੇ ਸੰਭਵ ਹੋਵੋ ਤਾਂ ਸਰੀਰ ਦੇ ਤਾਪਮਾਨ ਨੂੰ ਘੱਟ ਕਰਨ ਲਈ ਠੰਢੇ ਪਾਣੀ ਦੀਆਂ ਪੱਟੀਆਂ ਰੱਖੀਆਂ ਜਾਣ। ਇਸ ਤੋਂ ਇਲਾਵਾ ਠੰਡੇ ਪਾਣੀ ਨਾਲ ਭਰੇ ਟੱਬ 'ਚ ਵਿਅਕਤੀ ਨੂੰ ਗਲ਼ੇ ਤੱਕ ਲਿਟਾਇਆ ਜਾ ਸਕਦਾ ਹੈ।
ਉਨ੍ਹਾਂ ਨੇ ਪੋਲਿੰਗ ਸਟਾਫ ਨੂੰ ਕਿਹਾ ਕਿ ਲੂਅ ਲੱਗਣ ਦੇ ਖ਼ਦਸ਼ਿਆਂ ਦੇ ਚੱਲਦਿਆਂ ਕੋਈ ਆਮ ਦਵਾਈ ਨਾ ਦਿੱਤੀ ਜਾਵੇ ਅਤੇ ਵਿਅਕਤੀ ਨੂੰ ਜਿੰਨੀ ਜਲਦੀ ਹੋ ਸਕੇ, ਐਂਬੂਲੈਂਸ ਨੂੰ ਕਾਲ ਕਰਕੇ ਨੇੜਲੇ ਹਸਪਤਾਲ ਲਿਜਾ ਕੇ ਮਾਹਰ ਡਾਕਟਰ ਕੋਲੋਂ ਇਲਾਜ ਸ਼ੁਰੂ ਕਰਵਾਇਆ ਜਾਵੇ।