ਸਬਸਿਡੀ ਲੈਣ ਦੇ ਚਾਹਵਾਨ ਕਿਸਾਨ ਅਰਜ਼ੀਆਂ ਆਨਲਾਈਨ ਪੋਰਟਲ ਤੇ ਦੇ ਸਕਦੇ ਹਨ-ਮੁੱਖ ਖੇਤੀਬਾੜੀ ਅਫ਼ਸਰ
ਦਰਸ਼ਨ ਸਿੰਘ ਗਰੇਵਾਲ
ਰੂਪਨਗਰ , 27 ਮਈ 2024 : ਡਿਪਟੀ ਕਮਿਸ਼ਨਰ ਰੂਪਨਗਰ ਡਾਂ ਪ੍ਰੀਤੀ ਯਾਦਵ ਆਈ.ਏ.ਐਸ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਰੂਪਨਗਰ ਜਿਲੇ ਨੂੰ ਪ੍ਰਦੂਸ਼ਣ ਮੁਕਤ ਕਰਨ ਲਈ ਡਾਂ ਗੁਰਬਚਨ ਸਿੰਘ ਮੁੱਖ ਖੇਤੀਬਾੜੀ ਅਫਸਰ ਨੇ ਦੱਸਿਆ ਕਿ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਪਰਾਲੀ ਦੀ ਸਾਂਭ-ਸੰਭਾਲ ਲਈ ਵਰਤੀਆਂ ਜਾਣ ਵਾਲੀਆਂ ਮਸ਼ੀਨਾਂ ਸਬਸਿਡੀ ਤੇ ਲੈਣ ਲਈ ਕਿਸਾਨ ਆਪਣੀਆਂ ਅਰਜ਼ੀਆਂ ਵਿਭਾਗ ਦੇ ਆਨਲਾਈਨ ਪੋਰਟਲ agrimachinerypb.com ਤੇ ਜਾਂ ਬਾਰਕੋਡ ਨੂੰ ਵੀ ਸਕੈਨ ਕਰਕੇ ਮਿਤੀ 20/06/24 ਤੱਕ ਦੇ ਸਕਦੇ ਹਨ ਜਿਸ ਵਿੱਚ ਪਰਾਲੀ ਸਾਂਭਣ ਵਾਲੀਆਂ ਮਸ਼ੀਨਾਂ ਜਿਵੇਂ ਕਿ ਸੁਪਰ ਐਸ.ਐਮ.ਐਸ, ਹੈਪੀ ਸੀਡਰ, ਜ਼ੀਰੋ ਟਿਲ ਡਰਿਲ, ਪੈਡੀ ਸਟਰਾਆ ਚੋਪਰ/ਸਰੈਂਡਰ/ਮਲਚਰ, ਸਮਾਰਟ ਸੀਡਰ, ਸੁਪਰ ਸੀਡਰ,ਸਰਫ਼ੇਸ ਸੀਡਰ, ਬੇਲਰ,ਰੇਕ, ਸਰਬ ਮਾਸਟਰ/ਰੋਟਰੀ ਸਲੈਸ਼ਰ, ਕਰਾਪ ਰੀਪਰ ਅਤੇ ਉਲਟਾਂਵੇ ਪਲਾਓ ਲਈ ਅਰਜ਼ੀਆਂ ਵਿਭਾਗ ਦੇ ਪੋਰਟਲ ਤੇ ਦੇ ਸਕਦੇ ਹਨ।ਇਸ ਤੋਂ ਇਲਾਵਾ ਕਸਟਮ ਹਾਇਰਿੰਗ ਸੈਂਟਰ ਅਤੇ ਪੈਡੀ ਸਪਲਾਈ ਚੇਨ ਸੈਂਟਰ ਸਥਾਪਿਤ ਕਰਨ ਲਈ ਵੀ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਮੰਡੀ ਬੋਰਡ ਨਾਲ ਰਜਿਸਟਰਡ ਕਿਸਾਨ ਇਸ ਪੋਰਟਲ ਤੇ ਜਾ ਕੇ ਆਪਣੇ ਅਧਾਰ ਕਾਰਡ ਰਾਹੀ ਲਾਗ ਇੰਨ ਹੋ ਸਕਦੇ ਹਨ। ਡਾਂ ਗੁਰਬਚਨ ਸਿੰਘ ਨੇ ਦੱਸਿਆ ਕਿ ਅਰਜ਼ੀਆਂ ਪ੍ਰਾਪਤ ਹੋਣ ਉਪਰੰਤ ਸਕੀਮ ਦੀਆਂ ਗਾਈਡਲਾਈਨਜ਼ ਮੁਤਾਬਿਕ, ਜਿਲ੍ਹੇਵਾਰ ਦਿੱਤੇ ਟੀਚੇ ਅਤੇ ਵੱਖ-ਵੱਖ ਕੈਟੇਗਰੀਆਂ ਮੁਤਾਬਿਕ ਯੋਗ ਬਿਨੈਕਾਰਾਂ ਨੂੰ ਮਸ਼ੀਨਾਂ ਲੈਣ ਲਈ ਮੰਜ਼ੂਰੀ ਪੱਤਰ ਉਨ੍ਹਾਂ ਦੇ ਮੋਬਾਇਲ ਰਾਹੀ ਮਿਲੇਗਾ।ਇਸ ਸਬੰਧੀ ਅਗਰ ਕਿਸੇ ਕਿਸਾਨ ਨੂੰ ਕੋਈ ਮੁਸ਼ਕਿਲ ਪੇਸ਼ ਆਉਂਦੀ ਹੈ ਤਾਂ ਉਹ ਨੇੜੇ ਦੇ ਖੇਤੀਬਾੜੀ ਵਿਭਾਗ ਦੇ ਦਫ਼ਤਰ ਨਾਲ ਸੰਪਰਕ ਕਰ ਸਕਦੇ ਹਨ।