ਜੀ ਐਸ ਪੰਨੂ
ਪਟਿਆਲਾ, 12 ਜਨਵਰੀ 2021 - ਪੰਜਾਬ ਸਰਕਾਰ ਵੱਲੋਂ ਰਾਜ ਦੇ ਉਦਯੋਗਾਂ ਤੇ ਵਪਾਰੀਆਂ ਨੂੰ ਵੱਡੀ ਰਾਹਤ ਪ੍ਰਦਾਨ ਕਰਨ ਲਈ ਲਾਗੂ ਕੀਤੀ ਗਈ ਪੰਜਾਬ ਯਕਮੁਸ਼ਤ ਨਿਪਟਾਰਾ ਸਕੀਮ ਸੂਬੇ ਅੰਦਰ ਉਦਯੋਗਾਂ ਅਤੇ ਵਪਾਰੀਆਂ ਲਈ ਇੱਕ ਇਤਿਹਾਸਕ ਕਦਮ ਸਾਬਤ ਹੋਵੇਗੀ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪੀ.ਆਰ.ਟੀ.ਸੀ. ਦੇ ਚੇਅਰਮੈਨ ਕੇ.ਕੇ. ਸ਼ਰਮਾ ਨੇ ਕੀਤਾ। ਉਹ ਪੰਜਾਬ ਸਰਕਾਰ ਵੱਲੋਂ ਵੈਟ ਦੇ ਲਮਕਦੇ ਪੁਰਾਣੇ ਕੇਸਾਂ ਦਾ ਨਿਪਟਾਰਾ ਕਰਨ ਲਈ ਲਾਗੂ ਕੀਤੀ ਗਈ ਪੰਜਾਬ ਯਕਮੁਸ਼ਤ ਨਿਪਟਾਰਾ ਸਕੀਮ-2021 ਦੀ ਸ਼ੁਰੂਆਤ ਲਈ ਕਰਵਾਏ ਗਏ ਆਨ ਲਾਈਨ ਸਮਾਗਮ ਤਹਿਤ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪਟਿਆਲਾ ਦੇ ਵਪਾਰੀਆਂ ਨਾਲ ਸ਼ਮੂਲੀਅਤ ਵਿਚ ਸਨ।
ਸ਼ਰਮਾ ਨੇ ਕਿਹਾ ਕਿ ਕੋਵਿਡ-19 ਦੀ ਇਸ ਔਖੀ ਘੜੀ ਵਿੱਚ ਵਪਾਰਕ ਭਾਈਚਾਰੇ ਖ਼ਾਸਕਰ ਛੋਟੇ ਅਤੇ ਦਰਮਿਆਨੇ ਕਾਰੋਬਾਰੀਆਂ ਨੂੰ ਵੱਡੀ ਰਾਹਤ ਪ੍ਰਦਾਨ ਕੀਤੀ ਹੈ। ਇਸ ਤਹਿਤ ਵਪਾਰੀ ਤੇ ਕਾਰੋਬਾਰੀ ਆਪਣੇ ਖੜ੍ਹੇ ਬਕਾਇਆਂ ਦਾ ਭੁਗਤਾਨ ਅਤੇ ਨਿਪਟਾਰਾ ਕਰ ਸਕਣਗੇ।
ਚੇਅਰਮੈਨ ਨੇ ਦੱਸਿਆ ਕਿ 1 ਜੁਲਾਈ, 2017 ਤੋਂ ਲਾਗੂ ਕੀਤੇ ਗਏ ਜੀ ਐਸ ਟੀ ਦੇ ਦੌਰ ਵਿੱਚ ਸੁਚਾਰੂ ਢੰਗ ਨਾਲ ਕੰਮ ਕਰਨ ਲਈ ਇਹ ਜ਼ਰੂਰੀ ਤੇ ਉਚਿਤ ਸੀ ਕਿ ਪੰਜਾਬ ਵੈਟ ਐਕਟ, 2005 ਅਤੇ ਸੀ.ਐਸ.ਟੀ. ਐਕਟ -1956 ਅਧੀਨ ਖੜ੍ਹੇ ਬਕਾਏ ਦਾ ਨਿਪਟਾਰਾ ਕੀਤਾ ਜਾਵੇ। ਇਸ ਤੋਂ ਇਲਾਵਾ, ਇਹ ਵੀ ਜ਼ਰੂਰੀ ਹੈ ਕਿ ਲੈਜੇਸੀ ਦੇ ਕੇਸਾਂ ਵਿਚ ਬਕਾਏ ਦੀ ਵਸੂਲੀ ਕੀਤੀ ਜਾਵੇ ਅਤੇ ਜਲਦੀ ਤੋਂ ਜਲਦੀ ਇਸ ਦਾ ਨਿਪਟਾਰਾ ਕੀਤਾ ਜਾਵੇ, ਜਿਸਦੀ ਪਹਿਲਕਦਮੀ ਤਹਿਤ ਵਪਾਰੀਆਂ ਤੇ ਕਾਰੋਬਾਰੀਆਂ ਨੂੰ ਵਿਆਜ ਤੇ ਜੁਰਮਾਨਿਆਂ 'ਚ ਵੱਡੀ ਰਾਹਤ ਮਿਲੇਗੀ।
ਇਸ ਮੌਕੇ ਪੁੱਜੇ ਵਪਾਰੀਆਂ ਤੇ ਕਾਰੋਬਾਰੀਆਂ ਨੇ ਕਿਹਾ ਕਿ ਕੋਵਿਡ -19 ਕਰਕੇ ਪੈਦਾ ਹੋਏ ਅਣਕਿਆਸੇ ਹਾਲਾਤ ਕਰਕੇ ਕਾਰੋਬਾਰੀ ਭਾਈਚਾਰੇ, ਖ਼ਾਸਕਰ, ਛੋਟੇ ਕਾਰੋਬਾਰੀਆਂ ਨੇ ਤਾਲਾਬੰਦੀ ਅਤੇ ਇਸਦੇ ਬਾਅਦ ਕਾਰੋਬਾਰੀ ਗਤੀਵਿਧੀਆਂ ਵਿਚ ਨਿਘਾਰ ਦੇ ਕਾਰਨ ਬਹੁਤ ਨੁਕਸਾਨ ਝੱਲਿਆ ਹੈ, ਜਿਸ ਲਈ ਸੂਬਾ ਸਰਕਾਰ ਵੱਲੋਂ ਉਨ੍ਹਾਂ ਨੂੰ ਰਾਹਤ ਪ੍ਰਦਾਨ ਕਰਨਾ ਬਹੁਤ ਅਹਿਮ ਹੈ।
ਇਸ ਮੌਕੇ ਪੰਜਾਬ ਲਾਰਜ ਸਕੇਲ ਇੰਡਸਟਰੀ ਵੈਲਫੇਅਰ ਬੋਰਡ ਦੇ ਵਾਈਸ ਚੇਅਰਮੈਨ ਕੇ.ਕੇ. ਸਹਿਗਲ, ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਸੰਤੋਖ ਸਿੰਘ, ਡਿਪਟੀ ਕਮਿਸ਼ਨਰ ਕੁਮਾਰ ਅਮਿਤ, ਏ.ਡੀ.ਸੀ. ਪੂਜਾ ਸਿਆਲ ਗਰੇਵਾਲ, ਸਹਾਇਕ ਕਮਿਸ਼ਨਰ (ਜ) ਡਾ. ਇਸਮਤ ਵਿਜੇ ਸਿੰਘ, ਇੰਪਰੂਵਮੈਂਟ ਟਰਸਟ ਦੇ ਚੇਅਰਮੈਨ ਸੰਤ ਬਾਂਗਾ, ਸ਼ਹਿਰੀ ਕਾਂਗਰਸ ਪ੍ਰਧਾਨ ਕੇ.ਕੇ. ਮਲਹੋਤਰਾ, ਮਹਿਲਾ ਕਾਂਗਰਸ ਪ੍ਰਧਾਨ ਕਿਰਨ ਢਿੱਲੋਂ, ਪੰਜਾਬ ਵਪਾਰ ਸੈਲ ਦੇ ਕੋ ਚੇਅਰਮੈਨ ਅਤੁਲ ਜੋਸ਼ੀ, ਬਲਾਕ ਪ੍ਰਧਾਨ ਨੰਦ ਲਾਲ ਗੁਰਾਬਾ, ਪ੍ਰਧਾਨ ਪੰਜਾਬ ਪ੍ਰਦੇਸ਼ ਵਿਉਪਾਰ ਮੰਡਲ ਰਾਕੇਸ਼ ਗੁਪਤਾ, ਪ੍ਰਧਾਨ ਰੇਡੀਮੇਡ ਐਸੋਸੀਏਸ਼ਨ ਨਰੇਸ਼ ਸਿੰਗਲਾ, ਰਮਿੰਦਰ ਦੁੱਗਲ, ਬਲਬੀਰ ਸਿੰਘ, ਦੇਵੀ ਦਿਆਲ ਗੋਇਲ, ਭਗਵਾਨ ਦਾਸ ਚਾਵਲਾ, ਸਹਾਇਕ ਰਾਜ ਕਰ ਕਮਿਸ਼ਨਰ ਮਨੋਹਰ ਸਿੰਘ, ਸਹਾਇਕ ਆਬਕਾਰੀ ਕਮਿਸ਼ਨਰ ਇੰਦਰਜੀਤ ਸਿੰਘ ਤੋਂ ਇਲਾਵਾਾਂ ਵੰਡੀ ਗਿਣਤੀ ਵਪਾਰੀ ਮੋੋਜੁਦ ਸਨ।