ਜਗਦੀਸ਼ ਥਿੰਦ
ਫਾਜ਼ਿਲਕਾ, 15 ਜਨਵਰੀ
ਡਿਪਟੀ ਕਮਿਸ਼ਨਰ ਸ. ਅਰਵਿੰਦ ਪਾਲ ਸਿੰਘ ਸੰਧੂ ਦੀ ਪ੍ਰਧਾਨਗੀ ਹੇਠ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਜ਼ਿਲ੍ਹਾ ਪੱਧਰੀ ਟਾਸਕ ਫੋਰਸ ਦੀ ਮੀਟਿੰਗ ਹੋਈ ਜਿਸ ਵਿੱਚ 16 ਜਨਵਰੀ 2021 ਨੂੰ ਕੋਵਿਡ ਵੈਕਸੀਨੇਸ਼ਨ ਮੁਹਿੰਮ ਦੀ ਹੋਣ ਵਾਲੀ ਸ਼ੁਰੂਆਤ ਸਬੰਧੀ ਵਿਚਾਰ ਚਰਚਾ ਕੀਤੀ ਗਈ।
ਡਿਪਟੀ ਕਮਿਸ਼ਨਰ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਇਸ ਮੁਹਿੰਮ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਵਿੱਚ ਆਪਣਾ ਸਹਿਯੋਗ ਦੇਣ ਲਈ ਕਿਹਾ।ਉਨ੍ਹਾਂ ਕਿਹਾ ਕਿ ਵੈਕਸੀਨੇਸ਼ਨ ਮੁਹਿੰਮ ਵਿੱਚ ਸਿਹਤ ਵਿਭਾਗ ਦੇ ਅਧਿਕਾਰੀ ਤੇ ਕਰਮਚਾਰੀ ਆਪਣੀ ਡਿਊਟੀ ਪੂਰੀ ਜਿੰਮੇਵਾਰੀ ਤੇ ਮਿਹਨਤ ਨਾਲ ਨਿਭਾਉਣ।ਉਨ੍ਹਾਂ ਬਿਜਲੀ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਹੋਣ ਵਾਲੀ ਇਸ ਵੈਕਸੀਨੇਸ਼ਨ ਦੇ ਦਿਨ ਬਿਜਲੀ ਦੇ ਪੁਖਤਾ ਪ੍ਰਬੰਧ ਕਰ ਲਏ ਜਾਣ ਤਾਂ ਜੋ ਬਿਜਲੀ ਸਬੰਧੀ ਕਿਸੇ ਤਰ੍ਹਾਂ ਦੀ ਮੁਸ਼ਕਲ ਪੇਸ਼ ਨਾ ਆਵੇ। ਉਨ੍ਹਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਕੋਰੋਨਾ ਵੈਕਸੀਨੇਸ਼ਨ ਵਾਲੇ ਸਥਾਨਾਂ ਤੇ ਜਨਰੇਟਰ ਦੇ ਵੀ ਪ੍ਰਬੰਧ ਕਰ ਲੈਣ।
ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਦਾ ਪਹਿਲਾ ਫੇਜ 16 ਜਨਵਰੀ ਨੂੰ ਹੋਵੇਗਾ ਤੇ ਇਸ ਪਹਿਲੇ ਫੇਜ ਵਿੱਚ ਜ਼ਿਲ੍ਹਾ ਹਸਪਤਾਲ ਫਾਜਿਲਕਾ ਅਤੇ ਸਬ ਡਵੀਜਨ ਹਸਪਤਾਲ ਅਬੋਹਰ ਵਿਖੇ ਕੋਵਿਡ-19 ਦੀ ਵੈਕਸੀਨੇਸ਼ਨ ਕੀਤੀ ਜਾਵੇਗੀ।ਉਨ੍ਹਾਂ ਦੱਸਿਆ ਕਿ ਇਹ ਵੈਕਸੀਨ ਪਹਿਲਾ ਸਿਹਤ ਵਿਭਾਗ ਦੇ ਸਟਾਫ ਜਿਸ ਵਿਚ ਮੈਡੀਕਲ ਅਫਸਰ, ਪੈਰਾ ਮੈਡੀਕਲ ਸਟਾਫ, ਸਟਾਫ ਨਰਸ, ਆਸ਼ਾ ਵਰਕਰ, ਆਂਗਣਵਾੜੀ ਵਰਕਰ ਆਦਿ ਹੋਰ ਸਟਾਫ ਨੂੰ ਲਗਾਈ ਜਾਵੇਗੀ।ਉਨ੍ਹਾਂ ਦੱਸਿਆ ਕਿ ਕੋਰੋਨਾ ਵੈਕਸੀਨ ਦੀਆਂ ਦੋ ਖੁਰਾਕਾਂ 28 ਦਿਨ ਦੇ ਵਕਫੇ ਵਿੱਚ ਦਿੱਤੀਆਂ ਜਾਣਗੀਆਂ।ਇਸ ਮੁਹਿੰਮ ਦੇ ਮੁੱਢਲੇ ਦੌਰ ਵਿੱਚ 2 ਟੀਕਾਕਰਨ ਕੇਂਦਰ ਬਣਾਏ ਗਏ ਹਨ। ਉਨ੍ਹਾਂ ਦੱਸਿਆ ਕਿ ਦੋਨੌ ਸਿਹਤ ਸੰਸਥਾਵਾਂ `ਤੇ 100-100 ਲਾਭਪਾਤਰੀਆਂ ਦੀ ਵੈਕਸੀਨੇਸ਼ਨ ਕੀਤੀ ਜਾਵੇਗੀ।
ਇਸ ਮੌਕੇ ਐਸ.ਡੀ.ਐਮ. ਜਲਾਲਾਬਾਦ ਸ. ਸੂਬਾ ਸਿੰਘ, ਸ. ਜ਼ਸਪਾਲ ਸਿੰਘ ਬਰਾੜ, ਸਹਾਇਕ ਕਮਿਸ਼ਨਰ ਸ. ਕੰਵਰਜੀਤ ਸਿੰਘ, ਸਿਵਲ ਸਰਜਨ ਡਾ. ਕੁੰਦਨ ਕੇ ਪਾਲ, ਜ਼ਿਲ੍ਹਾ ਮਾਸ ਮੀਡੀਆ ਅਫਸਰ ਸ੍ਰੀ ਅਨਿਲ ਧਾਮੂ, ਜ਼ਿਲ੍ਹਾ ਪ੍ਰੋਗਰਾਮ ਮੈਨੇਜਰ ਸ੍ਰੀ ਰਾਜੇਸ਼ ਕੁਮਾਰ, ਸ੍ਰੀ ਵਿਜੈ ਪਾਲ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀ ਵੀ ਹਾਜ਼ਰ ਸਨ।