ਬਲਵਿੰਦਰ ਸਿੰਘ ਧਾਲੀਵਾਲ/ਰਾਜਵੀਰ ਸਿੰਘ
ਸੁਲਤਾਨਪੁਰ ਲੋਧੀ 15 ਜਨਵਰੀ 2021 - ਦਿੱਲੀ-ਅੰਮ੍ਰਿਤਸਰ ਕਟੜਾ ਐਕਸਪਰੈਸ ਵੇ ਸੰਘਰਸ਼ ਕਮੇਟੀ ਪੰਜਾਬ ਦੇ ਸੱਦੇ ਤੇ ਅੱਜ ਸੁਲਤਾਨਪੁਰ ਲੋਧੀ ਤੋਂ ਵੱਡੀ ਗਿਣਤੀ ਵਿੱਚ ਕਿਸਾਨਾਂ ਦਾ ਜਥਾ ਜ਼ਿਲ੍ਹਾ ਪ੍ਰਧਾਨ ਪ੍ਰਭਦਿਆਲ ਸਿੰਘ ਜੋਸਨ ਦੀ ਅਗਵਾਈ ਹੇਠ ਪਟਿਆਲਾ ਲਈ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਦੀ ਰਿਹਾਇਸ਼ ਦਾ ਘਿਰਾਓ ਕਰਨ ਲਈ ਰਵਾਨਾ ਹੋਇਆ।ਪਟਿਆਲੇ ਲਈ ਰਵਾਨਾ ਹੋਣ ਸਮੇਂ ਕਿਸਾਨਾਂ ਨੇ ਮੋਦੀ ਸਰਕਾਰ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਐਲਾਨ ਕੀਤਾ ਕਿ ਉਹ ਕਿਸੇ ਵੀ ਹਾਲਤ ਨੈਸ਼ਨਲ ਹਾਈਵੇ ਅਥਾਰਟੀ ਨੂੰ ਸੜਕ ਨਹੀਂ ਬਣਾਉਣ ਦੇਣਗੇ।
ਸੰਘਰਸ਼ ਕਮੇਟੀ ਦੇ ਆਗੂਆਂ ਤੇਜਿੰਦਰਪਾਲ ਸਿੰਘ ਮੱਟਾ, ਰਣਜੀਤ ਸਿੰਘ ਮੈਰੀਪੁਰ ਅਤੇ ਕਮਲਜੀਤ ਸਿੰਘ ਮੈਰੀਪੁਰ ਨੇ ਕਿਹਾ ਕਿ ਮੋਦੀ ਸਰਕਾਰ ਕਿਸਾਨਾਂ ਦੀਆਂ ਜ਼ਮੀਨਾਂ ਕੌਡੀਆਂ ਦੇ ਭਾਅ ਲ਼ੈ ਕੇ ਕਾਰਪੋਰੇਟ ਘਰਾਣਿਆਂ ਨੂੰ ਫਾਇਦਾ ਪਹੁੰਚਾਉਣ ਲਈ ਇਸ ਸੜਕ ਦਾ ਨਿਰਮਾਣ ਕਰ ਰਹੀ ਹੈ। ਕੇਂਦਰ ਸਰਕਾਰ ਦੀ ਇਸ ਧੱਕੇਸ਼ਾਹੀ ਨੂੰ ਹਲਕਾ ਸੁਲਤਾਨਪੁਰ ਲੋਧੀ ਦੇ ਕਿਸਾਨ ਬਰਦਾਸ਼ਤ ਨਹੀਂ ਕਰਨਗੇ। ਇਸ ਮੌਕੇ ਕਿਸਾਨਾਂ ਨੇ ਐਲਾਨ ਕੀਤਾ ਕਿ ਜਿਨ੍ਹਾਂ ਚਿਰ ਮੋਦੀ ਸਰਕਾਰ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਨਹੀਂ ਕਰਦੀ ਉਦੋਂ ਤੱਕ ਨੈਸ਼ਨਲ ਹਾਈਵੇ ਅਥਾਰਟੀ ਦੇ ਕਿਸੇ ਵੀ ਅਧਿਕਾਰੀ ਜਾਂ ਪ੍ਰਸ਼ਾਸਨ ਨੂੰ ਜ਼ਮੀਨ ਵਿੱਚ ਪੈਰ ਨਹੀਂ ਪਾਉਣ ਦਿੱਤਾ ਜਾਵੇਗਾ। ਇਸ ਮੌਕੇ ਨੰਬਰਦਾਰ ਮਲਕੀਤ ਸਿੰਘ ਮੈਰੀਪੁਰ, ਜਥੇਦਾਰ ਬਖਸ਼ੀਸ਼ ਸਿੰਘ,ਰਾਣਾ ਕਾਲਰੂ,ਅਮਰੀਕ ਸਿੰਘ,ਸੀਤਲ ਸਿੰਘ, ਪਰਮਜੀਤ ਸਿੰਘ ਆਦਿ ਹਾਜ਼ਰ ਸਨ।