ਜੀ ਐਸ ਪੰਨੂ
ਪਟਿਆਲਾ, 19 ਜਨਵਰੀ 2021 - ਦੇਸ਼ ਦੇ 72ਵੇਂ ਗਣਤੰਤਰ ਦਿਵਸ ਮੌਕੇ ਪਟਿਆਲਾ ਦੇ ਰਾਜਾ ਭਲਿੰਦਰ ਸਿੰਘ ਖੇਡ ਕੰਪਲੈਕਸ ਪੋਲੋ ਗਰਾਊਂਡ ਵਿਖੇ ਕਰਵਾਏ ਜਾਣ ਵਾਲੇ ਸਮਾਗਮ 'ਚ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇਸ਼ ਦਾ ਕੌਮੀ ਝੰਡਾ ਤਿਰੰਗਾ ਲਹਿਰਾਉਣ ਦੀ ਰਸਮ ਅਦਾ ਕਰਨਗੇ ਅਤੇ ਉਨ੍ਹਾਂ ਵੱਲੋਂ ਜ਼ਿਲ੍ਹਾ ਨਿਵਾਸੀਆਂ ਦੇ ਨਾਮ ਸੰਦੇਸ਼ ਵੀ ਦਿੱਤਾ ਜਾਵੇਗਾ।
ਪਟਿਆਲਾ ਦੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀਮਤੀ ਪੂਜਾ ਸਿਆਲ ਗਰੇਵਾਲ ਨੇ ਪੋਲੋ ਗਰਾਊਂਡ ਵਿਖੇ 26 ਜਨਵਰੀ ਨੂੰ ਦੇਸ਼ ਦੇ 72ਵੇਂ ਗਣਤੰਤਰ ਦਿਵਸ ਮੌਕੇ ਕਰਵਾਏ ਜਾਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਡਾ. ਪ੍ਰੀਤੀ ਯਾਦਵ ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ।
ਵਧੀਕ ਡਿਪਟੀ ਕਮਿਸ਼ਨਰ ਨੇ ਮੀਟਿੰਗ ਦੌਰਾਨ ਵੱਖ-ਵੱਖ ਕਾਰਜਾਂ ਲਈ ਗਠਿਤ ਕਮੇਟੀਆਂ ਵੱਲੋਂ ਕੀਤੇ ਜਾ ਰਹੇ ਕਾਰਜਾਂ ਦਾ ਜਾਇਜ਼ਾ ਲਿਆ ਅਤੇ ਆਦੇਸ਼ ਦਿੱਤੇ ਕਿ ਕੌਮੀ ਮਹੱਤਤਾ ਵਾਲੇ ਇਸ ਸਮਾਗਮ ਦੀਆਂ ਤਿਆਰੀਆਂ ਨੂੰ ਸਮਾਂ ਰਹਿੰਦੇ ਨੇਪਰੇ ਚੜ੍ਹਾਇਆ ਜਾਵੇ ਅਤੇ ਕੋਈ ਅਣਗਹਿਲੀ ਨਾ ਵਰਤੀ ਜਾਵੇ। ਉਨ੍ਹਾਂ ਕਿਹਾ ਕਿ ਸਮਾਗਮ ਦੌਰਾਨ ਕੋਵਿਡ ਪ੍ਰੋਟੋਕਾਲ ਦੀ ਸਖਤੀ ਨਾਲ ਪਾਲਣਾ ਕੀਤੀ ਜਾਵੇ ਅਤੇ ਐਟਰੀ ਗੇਟਾਂ 'ਤੇ ਥਰਮਲ ਸਕੈਨਰ ਲਗਾਏ ਜਾਣ ਅਤੇ ਸਭ ਦੇ ਮਾਸਕ ਪਹਿਨਣੇ ਯਕੀਨੀ ਬਣਾਏ ਜਾਣ। ਉਨ੍ਹਾਂ ਦੱਸਿਆ ਕਿ ਇਸ ਜ਼ਿਲ੍ਹਾ ਪੱਧਰੀ ਸਮਾਗਮ ਵਿੱਚ ਪੰਜਾਬ ਸਰਕਾਰ ਵੱਲੋਂ ਕੋਵਿਡ-19 ਨੂੰ ਫੈਲਣ ਤੋਂ ਰੋਕਣ ਲਈ ਜਾਰੀ ਕੀਤੀਆਂ ਹਦਾਇਤਾਂ ਦੀ ਇੰਨ ਬਿੰਨ ਪਾਲਣਾ ਕੀਤੀ ਜਾਵੇਗੀ।
ਉਨ੍ਹਾਂ ਦੱਸਿਆ ਕਿ ਕੋਵਿਡ ਕਰਕੇ ਇਸ ਵਾਰ ਸਭਿਆਚਾਰਕ ਪ੍ਰੋਗਰਾਮ ਨਹੀਂ ਹੋਵੇਗਾ ਪਰੰਤੂ ਵੱਖ-ਵੱਖ ਵਿਭਾਗਾਂ ਵੱਲੋਂ ਵਿਕਾਸ ਕਾਰਜਾਂ ਨੂੰ ਦਰਸਾਉਂਦੀਆਂ ਝਾਕੀਆਂ, ਜਿਨ੍ਹਾਂ 'ਚ ਤੰਦਰੁਸਤ ਪੰਜਾਬ, ਕੋਵਿਡ ਸਬੰਧੀਂ ਪੰਜਾਬ ਦੀਆਂ ਪ੍ਰਾਪਤੀਆਂ, ਨਸ਼ਾ ਮੁਕਤੀ ਪ੍ਰੋਗਰਾਮ ਤਹਿਤ ਬੱਡੀਜ ਤੇ ਡੈਪੋ ਪ੍ਰੋਗਰਾਮ, ਘਰ-ਘਰ ਹਰਿਆਲੀ, ਸੇਵਾ ਦਾ ਅਧਿਕਾਰ ਸਮੇਤ ਘਰ-ਘਰ ਰੋਜ਼ਗਾਰ ਤੇ ਕਾਰੋਬਾਰ ਬਾਰੇ ਝਾਕੀਆਂ ਕੱਢੀਆਂ ਜਾਣਗੀਆਂ।
ਸ੍ਰੀਮਤੀ ਪੂਜਾ ਸਿਆਲ ਗਰੇਵਾਲ ਨੇ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਸਮਾਗਮ ਵਾਲੇ ਦਿਨ ਪੋਲੋ ਗਰਾਊਂਡ ਵਿਖੇ ਹਾਜ਼ਰ ਹੋਣ ਦੇ ਨਿਰਦੇਸ਼ ਦਿੱਤੇ।
ਮੀਟਿੰਗ ਦੌਰਾਨ ਐਸ.ਡੀ.ਐਮ. ਚਰਨਜੀਤ ਸਿੰਘ, ਸਹਾਇਕ ਕਮਿਸ਼ਨਰ (ਜ) ਡਾ. ਇਸਮਤ ਵਿਜੇ ਸਿੰਘ, ਐਸ.ਪੀ. ਸਿਟੀ ਵਰੁਣ ਸ਼ਰਮਾ, ਐਸ.ਪੀ. ਟ੍ਰੈਫਿਕ ਤੇ ਸੁਰੱਖਿਆ ਪਲਵਿੰਦਰ ਸਿੰਘ ਚੀਮਾ ਸਮੇਤ ਲੋਕ ਨਿਰਮਾਣ, ਨਗਰ ਨਿਗਮ ਅਤੇ ਹੋਰ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਹਾਜ਼ਰ ਸਨ।