ਬਲਵਿੰਦਰ ਸਿੰਘ ਧਾਲੀਵਾਲ
- ਵਿਧਾਇਕ ਚੀਮਾ ਤੇ ਸਾਬਕਾ ਮੰਤਰੀ ਡਾ ਉਪਿੰਦਰਜੀਤ ਕੌਰ ਨੇ ਭਰੀ ਹਾਜ਼ਿਰੀ
ਸੁਲਤਾਨਪੁਰ ਲੋਧੀ 20 ਜਨਵਰੀ 2021 ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਧਰਤੀ ਸੁਲਤਾਨਪੁਰ ਲੋਧੀ ਦੇ ਗੁਰਦੁਆਰਾ ਸਿੰਘ ਸਭਾ ਮੁਹੱਲਾ ਸਿੱਖਾਂ ਵੱਲੋਂ ਸ਼ਹਿਰ ਅਤੇ ਇਲਾਕੇ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਪੰਜ ਪਿਆਰਿਆਂ ਦੀ ਅਗਵਾਈ ’ਚ ਸਜਾਇਆ ਇਹ ਨਗਰ ਕੀਰਤਨ ਗੁਰਦੁਵਾਰਾ ਸਿੰਘ ਸਭਾ ਤੋਂ ਆਰੰਭ ਹੋਇਆ। ਇਸ ਮੌਕੇ ਵੱਡੀ ਗਿਣਤੀ ’ਚ ਸੰਗਤਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅੱਗੇ ਨਤਮਸਤਕ ਹੋਈਆਂ।
ਇਸ ਮੌਕੇ ਕਵੀਸਰ, ਰਾਗੀ ਤੇ ਢਾਡੀ ਜੱਥਿਆਂ ਨੇ ਗੁਰੂ ਜੀ ਦੀਆਂ ਕੁਰਬਾਨੀਆਂ ਅਤੇ ਸਿੱਖ ਇਤਿਹਾਸ ਬਾਰੇ ਵਾਰਾਂ ਪੇਸ਼ ਕੀਤੀਆਂ ਅਤੇ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਅਨੰਦ ਮਾਣਿਆ। ਸੰਗਤਾਂ ਵੱਲੋ ਵੱਖ-ਵੱਖ ਥਾਵਾਂ ’ਤੇ ਲੰਗਰ ਲਗਾਏ ਗਏ ਅਤੇ ਪੰਜ ਪਿਆਰਿਆ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਨਗਰ ਕੀਰਤਨ ਦੇ ਪਿੱਛੇ ਪਿੱਛੇ ਵੱਡੀ ਗਿਣਤੀ ’ਚ ਸੰਗਤਾਂ ਸੇਵਾ ਤੇ ਸ਼ਬਦ ਗਾਇਨ ਕਰਦੀਆਂ ਨਗਰ ਕੀਰਤਨ ਵਿੱਚ ਸ਼ਾਮਲ ਸਨ।
ਇਸ ਦੌਰਾਨ ਗਤਕਾ ਪਾਰਟੀ ਵੱਲੋਂ ਗਤਕੇ ਦੇ ਜੌਹਰ ਦਿਖਾਏ ਗਏ। ਇਸ ਮੌਕੇ ਬੈਂਡ ਪਾਰਟੀ ਨੇ ਸੰਗੀਤਕ ਧੁੰਨਾਂ ਨਾਲ ਸੰਗਤਾਂ ’ਚ ਰੰਗ ਬਖ਼ੇਰੇ।
ਇਸ ਮੌਕੇ ਤੇ ਹਲਕਾ ਸੁਲਤਾਨਪੁਰ ਲੋਧੀ ਤੋਂ ਵਿਧਾਇਕ ਨਵਤੇਜ ਸਿੰਘ ਚੀਮਾ ਨੇ ਆਪਣੇ ਸਾਥੀਆਂ ਸਮੇਤ ਨਗਰ ਕੀਰਤਨ ਵਿੱਚ ਹਾਜਰੀ ਭਰੀ ਅਤੇ ਸਮੂਹ ਸੰਗਤਾਂ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ ਪ੍ਰਕਾਸ਼ ਦਿਹਾੜੇ ਦੀ ਵਧਾਈਆਂ ਦਿੱਤੀਆਂ ਕੀਤੀ। ਉਨ੍ਹਾਂ ਕਿਹਾ ਕਿ ਸਾਨੂੰ ਗੁਰੂ ਸਾਹਿਬ ਵੱਲੋਂ ਦਰਸਾਏ ਮਾਰਗ ਤੇ ਚੱਲਣ ਦੀ ਜ਼ਰੂਰਤ ਹੈ।
ਉਥੇ ਹੀ ਸਾਬਕਾ ਖਜ਼ਾਨਾ ਮੰਤਰੀ ਡਾਕਟਰ ਉਪਿੰਦਰਜੀਤ ਕੌਰ ਨੇ ਵੀ ਗੁਰਦੁਆਰਾ ਸਿੰਘ ਸਭਾ ਪਹੁੰਚ ਕੇ ਨਗਰ ਕੀਰਤਨ ਦੀ ਸ਼ੁਰੂਆਤ ਮੌਕੇ ਆਪਣੀ ਹਾਜ਼ਰੀ ਲਵਾਈ ਇਸ ਮੌਕੇ ਤੇ ਉਨ੍ਹਾਂ ਦੇ ਨਾਲ ਵੱਡੀ ਗਿਣਤੀ ਵਿਚ ਅਕਾਲੀ ਆਗੂ ਅਤੇ ਵਰਕਰ ਮੌਜੂਦ ਸਨ। ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਵੱਲੋਂ ਵਿਧਾਇਕ ਨਵਤੇਜ ਸਿੰਘ ਚੀਮਾ ਅਤੇ ਸਾਬਕਾ ਖਜ਼ਾਨਾ ਮੰਤਰੀ ਡਾਕਟਰ ਉਪਿੰਦਰਜੀਤ ਕੌਰ ਦਾ ਸਿਰੋਪਾਓ ਭੇਂਟ ਕਰਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਬੀਬੀ ਗੁਰਪ੍ਰੀਤ ਕੌਰ ਰੂਹੀ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸਾਬਕਾ ਚੇਅਰਮੈਨ ਸੁਖਵਿੰਦਰ ਸਿੰਘ ਸੁੱਖ, ਜੱਥੇਦਾਰ ਗੁਰਦਿਆਲ ਸਿੰਘ ਖਾਲਸਾ, ਸੁਰਜੀਤ ਸਿੰਘ ਢਿੱਲੋਂ ਸਾਬਕਾ ਚੇਅਰਮੈਨ, ਕੁਲਦੀਪ ਸਿੰਘ ਬੂਲੇ, ਸੰਤਪ੍ਰੀਤ ਸਿੰਘ, ਸ਼ਰਨਜੀਤ ਸਿੰਘ ਤੱਖਤਰ, ਜੋਗਾ ਸਿੰਘ, ਗੁਰਦੀਪ ਸਿੰਘ ਖੁਰਾਣਾ, ਇੰਜ ਸਵਰਨ ਸਿੰਘ, ਬਲਦੇਵ ਸਿੰਘ ਪਰਮਜੀਤਪੁਰ, ਗੁਰਜੰਟ ਸਿੰਘ ਸੰਧੂ, ਅਵਤਾਰ ਸਿੰਘ, ਦਿਨੇਸ਼ ਧੀਰ, ਆਦਿ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।