ਜੀ ਐਸ ਪੰਨੂ
ਨਾਭਾ/ਪਟਿਆਲਾ, 23 ਜਨਵਰੀ 2021 - ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ -ਕਮ- ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਟਿਆਲਾ ਰਾਜਿੰਦਰ ਅਗਰਵਾਲ ਵੱਲੋਂ ਮੈਕਸੀਮਮ ਸਕਿਉਰਿਟੀ ਜੇਲ੍ਹ ਨਾਭਾ ਅਤੇ ਨਵੀਂ ਜ਼ਿਲ੍ਹਾ ਜੇਲ੍ਹ ਨਾਭਾ ਦਾ ਅਚਾਨਕ ਨਿਰੀਖਣ ਕੀਤਾ ਗਿਆ। ਇਸ ਮੌਕੇ ਸੀ.ਜੇ.ਐਮ. ਮੈਡਮ ਦੀਪਤੀ ਗੁਪਤਾ ਅਤੇ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੈਡਮ ਪਰਮਿੰਦਰ ਕੌਰ ਵੀ ਹਾਜ਼ਰ ਸਨ।
ਅਗਰਵਾਲ ਨੇ ਜੇਲ੍ਹ 'ਚ ਰਹਿ ਰਹੇ ਕੈਦੀਆਂ ਤੋਂ ਉਨ੍ਹਾਂ ਦੀਆਂ ਮੁਸ਼ਕਲਾਂ ਅਤੇ ਕਿਸੇ ਤਰ੍ਹਾਂ ਦੀ ਸ਼ਿਕਾਇਤ ਹੋਣ ਸਬੰਧੀ ਗੱਲਬਾਤ ਕੀਤੀ। ਉਨ੍ਹਾਂ ਜੇਲ੍ਹ ਸੁਪਰਡੈਂਟ ਅਤੇ ਹੋਰ ਅਧਿਕਾਰੀਆਂ ਨੂੰ ਕੈਦੀਆਂ ਦੀ ਸਿਹਤ ਅਤੇ ਮੈਡੀਕਲ ਸਹੂਲਤਾਂ ਵੱਲ ਵਿਸ਼ੇਸ਼ ਧਿਆਨ ਰੱਖਣ ਦੀ ਹਦਾਇਤ ਕੀਤੀ।
ਰਜਿੰਦਰ ਅਗਰਵਾਲ ਨੇ ਦੱਸਿਆ ਕਿ ਸਮੇਂ-ਸਮੇਂ ਤੇ ਜ਼ਿਲ੍ਹਾ ਪਟਿਆਲਾ ਦੀਆਂ ਜੇਲ੍ਹਾਂ ਦਾ ਨਿਰੀਖਣ ਕੀਤਾ ਜਾਂਦਾ ਹੈ ਤਾਂ ਜੋ ਕੈਦੀਆਂ ਨੂੰ ਉਨ੍ਹਾਂ ਦੇ ਕਾਨੂੰਨੀ ਅਧਿਕਾਰਾਂ ਬਾਰੇ ਜਾਣੂ ਕਰਵਾਇਆ ਜਾ ਸਕੇ ਅਤੇ ਉਨ੍ਹਾਂ ਨੂੰ ਕਾਨੂੰਨੀ ਸਹਾਇਤਾ ਮੁਹੱਈਆਂ ਕਰਵਾਈ ਜਾ ਸਕੇ। ਉਨ੍ਹਾਂ ਦੱਸਿਆ ਕਿ ਕਾਨੂੰਨੀ ਸਹਾਇਤਾ ਲਈ ਟੋਲ ਫ੍ਰੀ ਨੰਬਰ 1968 'ਤੇ ਸੰਪਰਕ ਕੀਤਾ ਜਾ ਸਕਦਾ ਹੈ।