ਹਰੀਸ਼ ਕਾਲੜਾ
- ਰੂਪਨਗਰ ਦੇ 55 ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਕੁਲ 4700 ਵਿਦਿਆਰਥੀਆਂ ਨੂੰ ਸਮਾਰਟ ਫੋਨਾਂ ਦੀ ਵੰਡ ਕੀਤੀ ਗਈ
ਰੂਪਨਗਰ, 24 ਜਨਵਰੀ 2021 :ਪੂਰੇ ਦੇਸ ਵਿੱਚ 24 ਜਨਵਰੀ ਨੂੰ ਰਾਸਟਰੀ ਬਾਲੜੀ ਦਿਵਸ ਵਜੋਂ ਮਨਾਇਆ ਜਾਂਦਾ ਹੈ। ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਇਸ ਵਾਰ ਸੂਬੇ ਦੀਆਂ ਬਾਲੜੀਆਂ ਨੂੰ ਸਮਾਰਟ ਫੋਨ ਦਾ ਤੋਹਫਾ ਦਿੱਤਾ ਹੈ ਜੋ ਡਿਜੀਟਲਨ ਸਿੱਖਿਆ ਦਾ ਆਧਾਰ ਬਣ ਕੇ ਉੱਭਰ ਰਹੇ ਹਨ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਜਿਲ੍ਹਾ ਸਿੱਖਿਆ ਅਫਸਰ ਰਾਜ ਕੁਮਾਰ ਖੋਸਲਾ ਨੇ ਅੱਜ ਰਾਸ਼ਟਰੀ ਬਾਲੜੀ ਦਿਵਸ ਸਬੰਧੀ ਗੱਲਬਾਤ ਕਰਦਿਆਂ ਪ੍ਰਗਟ ਕੀਤੇ।
ਉਹਨਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਵਿੱਚ ਪੜਦੇ ਬਾਰਵੀ ਜਮਾਤ ਦੇ ਬੱਚਿਆਂ ਨੂੰ ਸਮਾਰਟ ਫੋਨ ਵੰਡਣ ਸਬੰਧੀ ਯੋਜਨਾ 'ਪੰਜਾਬ ਸਮਾਰਟ ਕੁਨੈਕਟ ਸਕੀਮ' ਸੁਰੂ ਕੀਤੀ ਹੋਈ ਹੈ। ਇਸ ਯੋਜਨਾ ਤਹਿਤ ਜ਼ਿਲਾ ਰੂਪਨਗਰ ਦੇ 55 ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ 4700 ਵਿਦਿਆਰਥੀਆਂ ਨੂੰ ਇਨਾਂ ਸਮਾਰਟ ਫੋਨਾਂ ਦੀ ਵੰਡ ਕੀਤੀ ਗਈ ਹੈ ਜਿਹਨਾਂ ਵਿੱਚ 2457 ਕੁੜੀਆਂ ਸਾਮਿਲ ਹਨ।
ਉਹਨਾਂ ਦੱਸਿਆ ਕਿ ਇਸ ਯੋਜਨਾ ਤਹਿਤ ਸੂਬੇ ਭਰ ਦੇ ਸਰਕਾਰੀ ਸਕੂਲਾਂ ਦੇ 12ਵੀਂ ਜਮਾਤ ਦੇ 1 ਲੱਖ 75 ਹਜ਼ਾਰ 443 ਵਿਦਿਆਰਥੀਆਂ (ਲੜਕੇ-ਲੜਕੀਆਂ) ਨੂੰ ਇਹ ਸਮਾਰਟ ਫੋਨ ਵੰਡੇ ਜਾ ਚੁੱਕੇ ਹਨ, ਜਿਹਨਾਂ ਵਿੱਚ ਲਗਭਗ 86915 ਕੁੜੀਆਂ ਹਨ। ਉਨਾਂ ਕਿਹਾ ਕਿ ਇਹ ਸਕੀਮ ਸਮਾਰਟ ਫੋਨ ਜਰੀਏ ਨੌਜਵਾਨਾਂ ਦਾ ਖਾਸ ਕਰਕੇ ਕੁੜੀਆਂ ਦੇ ਡਿਜ਼ੀਟਲ ਸਸ਼ਕਤੀਕਰਨ ਵੱਲ ਮੀਲ ਪੱਥਰ ਸਾਬਤ ਹੋਵੇਗੀ।
ਉਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋ ਨੌਜਵਾਨਾਂ ਨੂੰ ਸਮੇਂ ਦੇ ਹਾਣੀ ਬਣਾਉਣ ਲਈ ਸਮਾਰਟ ਫੋਨ ਦੇਣ ਦਾ ਉਪਰਾਲਾ ਕੀਤਾ ਹੈ, ਜਿਸ ਲਈ ਸਾਲ 2018-19 ਦੇ ਬਜ਼ਟ ਵਿੱਚ ਹੀ 92 ਕਰੋੜ ਰੁਪਏ ਵਿਸੇਸ਼ ਤੌਰ ਤੇ ਰੱਖੇ ਗਏ ਸਨ। ਸਮਾਰਟ ਫੋਨ ਦੇ ਨਾਲ ਬੱਚੇ ਆਧੁਨਿਕ ਸਿੱਖਿਆ, ਕਿੱਤੇ ਦੀ ਚੋਣ, ਕਿੱਤਾਮੁੱਖੀ ਸਿੱਖਿਆ, ਰੋਜ਼ਗਾਰ ਮੌਕਿਆਂ ਅਤੇ ਹੋਰ ਸਰਕਾਰੀ ਸੇਵਾਵਾਂ ਦਾ ਲਾਭ ਲੈ ਸਕਣਗੇ। ਇਹ ਸਮਾਰਟ ਫੋਨ ਪ੍ਰਸਿੱਧ ਮੋਬਾਇਲ ਨਿਰਮਾਤਾ ਕੰਪਨੀ ਲਾਵਾ ਵੱਲੋ ਤਿਆਰ ਕੀਤੇ ਗਏ ਹਨ। ਆਧੁਨਿਕ ਸਹੂਲਤਾਂ ਨਾਲ ਲੈਸ ਇਸ ਮੋਬਾਇਲ ਵਿੱਚ ਸਿੱਖਿਆ ਨਾਲ ਸਬੰਧਤ ਸਾਰੇ ਐਪ, ਐਮ-ਸੇਵਾ, ਕੈਪਟਨ ਕੁਨੈਕਟ ਅਤੇ ਹੋਰ ਫੀਚਰ ਪਹਿਲਾਂ ਹੀ ਇੰਨਸਟਾਲ ਹਨ।
ਇਸ ਮੌਕੇ ਸਮਾਰਟ ਫੋਨ ਪ੍ਰਾਪਤ ਕਰਨ ਵਾਲੀਆਂ ਸਰਕਾਰੀ ਸੀਨੀਅਰ ਸੈਕੰਡਰੀ ਲੜਕੀਆਂ ਦੀਆਂ ਵਿਦਿਆਰਥਣ ਅਰਸ਼ਦੀਪ ਕੌਰ, ਪੂਜਾ ਰਾਣੀ ,ਨੇਹਾ ,ਮਨਪ੍ਰੀਤ ਕੌਰ ਦਾ ਕਹਿਣਾ ਹੈ ਕਿ ਇਸ ਯੋਜਨਾ ਨਾਲ ਉਨਾਂ ਨੂੰ ਕੋਵਿਡ 19 ਦੌਰਾਨ ਘਰ ਬੈਠ ਕੇ ਆਪਣੀ ਪੜਾਈ ਨੂੰ ਜਾਰੀ ਰੱਖਣ ਵਿੱਚ ਬਹੁਤ ਸਹਾਰਾ ਮਿਲੇਗਾ। ਉਨਾਂ ਕਿਹਾ ਕਿ ਅੱਜ ਇਸ ਤਕਨੀਕ ਦੇ ਯੁੱਗ ਵਿੱਚ ਬਿਨਾਂ ਮੋਬਾਇਲ ਫੋਨ ਅਤੇ ਇੰਟਰਨੈਟ ਸੁਵਿਧਾ ਤੋ ਸਮੇ ਦੇ ਹਾਣੀ ਬਣਨ ਵਿੱਚ ਕਾਫੀ ਮੁਸ਼ਕਿਲਾਂ ਪੇਸ਼ ਆਉਦੀਆਂ ਹਨ.