ਰਾਜਵੰਤ ਸਿੰਘ
ਸ੍ਰੀ ਮੁਕਤਸਰ ਸਾਹਿਬ, 25 ਜਨਵਰੀ 2021: ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਵੱਲੋਂ ਜ਼ਿਲ੍ਹਾ ਪ੍ਰਧਾਨ ਡਾ. ਦੀਦਾਰ ਸਿੰਘ ਦੀ ਅਗਵਾਈ ਵਿੱਚ ਕਿਸਾਨਾਂ ਦੀ ਹਮਾਇਤ ਵਿੱਚ ਰੋਸ ਮਾਰਚ ਕੀਤਾ ਗਿਆ ਅਤੇ ਕੇਂਦਰ ਸਰਕਾਰ ਦੀ ਅਰਥੀ ਫੂਕੀ ਗਈ। ਰੋਸ ਮਾਰਚ ਵਿੱਚ ਬਲਾਕ ਸ੍ਰੀ ਮੁਕਤਸਰ ਸਾਹਿਬ, ਬਲਾਕ ਲੱਖੇਵਾਲੀ, ਬਲਾਕ ਦੋਦਾ, ਬਲਾਕ ਮਲੋਟ, ਬਰੀਵਾਲਾ ਤੋਂ ਇਲਾਵਾ ਕਿਸਾਨ ਜਥੇਬੰਦੀਆਂ ਤੇ ਭਰਾਤਰੀ ਜਥੇਬੰਦੀਆਂ ਨੇ ਹਿੱਸਾ ਲਿਆ। ਇਹ ਰੋਸ ਮਾਰਚ ‘ਮੁਕਤੇ ਮੀਨਾਰ ਪਾਰਕ’ ਤੋਂ ਸ਼ੁਰੂ ਹੋਇਆ ਹੋ ਕੇ ਸ੍ਰੀ ਮੁਕਤਸਰ ਸਾਹਿਬ ਦੀਆਂ ਵੱਖ-ਵੱਖ ਥਾਂਵਾਂ ’ਤੇ ਗਿਆ। ਇਸ ਦੌਰਾਨ ਕੇਂਦਰ ਸਰਕਾਰ ਵਿਰੁੱਧ ਜੋਰਦਾਰ ਨਾਅਰੇਬਾਜ਼ੀ ਕੀਤੀ ਗਈ। ਜ਼ਿਲ੍ਹਾ ਪ੍ਰਧਾਨ ਡਾ. ਦੀਦਾਰ ਸਿੰਘ ਨੇ ਕਿਹਾ ਕਿ ਜੋ ਕੇਂਦਰ ਸਰਕਾਰ ਕਿਸਾਨਾਂ ਲਈ ਕਾਲੇ ਕਾਨੂੰਨ ਲੈ ਕੇ ਆਈ ਇਹ ਸਿਰਫ ਕਿਸਾਨਾਂ ਲਈ ਹੀ ਨਹੀਂ ਮਜ਼ਦੂਰਾਂ ਲਈ ਅਤੇ ਆਮ ਵਰਗ ਲਈ ਵੀ ਬੇਹੱਦ ਘਾਤਕ ਹਨ ਜੋ ਕਿ ਤੁਰੰਤ ਵਾਪਿਸ ਹੋਣੇ ਚਾਹੀਦੇ ਹਨ। ਕੇਂਦਰ ਸਰਕਾਰ ਆਮ ਲੋਕਾਂ ਨੂੰ ਛੱਡ ਕੇ ਕਾਰਪੋਰੇਟ ਘਰਾਣਿਆਂ ਦਾ ਪੱਖ ਪੂਰ ਰਹੀ ਹੈ। ਰੈਲੀ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਚੇਅਰਮੈਨ ਡਾ. ਜਗਸੀਰ ਸਿੰਘ, ਬਲਾਕ ਦੋਦਾ ਦੇ ਪ੍ਰਧਾਨ ਗੁਰਮੀਤ ਸਿੰਘ, ਬਲਾਕ ਸ੍ਰੀ ਮੁਕਤਸਰ ਸਾਹਿਬ ਦੇ ਪ੍ਰਧਾਨ ਬਲਵਿੰਦਰ ਸਿੰਘ ਮਦਰੱਸਾ, ਮਲੋਟ ਦੇ ਡਾ. ਬਲਵੀਰ ਸਿੰਘ ਸੱਚਦੇਵਾ, ਸੂਬਾ ਮੀਤ ਪ੍ਰਧਾਨ ਡਾ. ਜਗਵੀਰ ਸਿੰਘ, ਬਲਾਕ ਪ੍ਰਧਾਨ ਡਾ. ਰਿਸੀਕੇਸ ਭੋਲੀ, ਗੋਬਿੰਦ ਸਿੰਘ ਬਲਾਕ ਪ੍ਰਧਾਨ ਕਿਸਾਨ ਯੂਨੀਅਨ ਰਾਜੇਵਾਲ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਕਾਰਪੋਰੇਟ ਘਰਾਣਿਆਂ ਹੱਥੋਂ ਆਮ ਲੋਕਾਂ ਦੀ ਲੁੱਟ ਕਰਵਾਉਣ ਤੇ ਤੁਲੀ ਹੋਈ ਹੈ, ਜਿਸ ਕਾਰਨ ਲੋਕਾਂ ’ਚ ਭਾਰੀ ਰੋਹ ਪਾਇਆ ਜਾ ਰਿਹਾ ਹੈ। ਸਮੂਹ ਬੁਲਾਰਿਆਂ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਸਰਕਾਰੀ ਵਿਭਾਗਾਂ ਦਾ ਨਿੱਜੀਕਰਨ ਨਾ ਕੀਤਾ ਜਾਵੇ, ਤਿੰਨੋਂ ਖੇਤੀ ਕਾਨੂੰਨ ਵਾਪਸ ਲਏ ਜਾਣ ਤੇ ਕਿਸਾਨਾਂ ਦੀਆਂ ਸਾਰੀਆਂ ਮੰਗਾਂ ਪ੍ਰਵਾਨ ਕੀਤੀਆਂ ਜਾਣ। ਉਪਰੰਤ ਕੇਂਦਰ ਸਰਕਾਰ ਦੇ ਨਾਮ ’ਤੇ ਇਕ ਮੰਗ ਪੱਤਰ ਡਿਪਟੀ ਕਮਿਸ਼ਨਰ ਨੂੰ ਸੌਂਪਿਆ ਗਿਆ। ਇਸ ਮੌਕੇ ਡਾ. ਹਰਦਿਆਲ ਸਿੰਘ, ਡਾ. ਿਸ਼ਨ ਚੰਦ, ਡਾ. ਬਲਵਿੰਦਰ ਸਿੰਘ, ਡਾ. ਰਣਜੀਤ ਸਿੰਘ, ਡਾ. ਬੇਅੰਤ ਸਿੰਘ, ਡਾ. ਹਰਫੂਲ ਸਿੰਘ, ਡਾ. ਜਗਜੀਤ ਸਿੰਘ, ਡਾ. ਗੁਲਸ਼ਨ ਸਿੰਘ ਆਦਿ ਹਾਜ਼ਰ ਸਨ।