ਮਾਰਚ ਪਾਸਟ ਤੋਂ ਸਲਾਮੀ ਲੈਂਦੇ ਹੋਏ ਡਿਪਟੀ ਕਮਿਸ਼ਨਰ ਫ਼ਾਜ਼ਿਲਕਾ ਅਰਵਿੰਦਪਾਲ ਸਿੰਘ ਸੰਧੂ ,ਮੌਜੂਦ ਹਨ ਐੱਸ ਐੱਸ ਪੀ ਹਰਜੀਤ ਸਿੰਘ ਆਈ ਪੀ ਐਸ , ਕੇਸ਼ਵ ਗੋਇਲ ਐੱਸ ਡੀ ਐੱਮ
ਜਗਦੀਸ਼ ਥਿੰਦ
ਫ਼ਾਜ਼ਿਲਕਾ, 26 ਜਨਵਰੀ
ਦੇਸ਼ ਦੇ 72ਵੇਂ ਗਣਤੰਤਰ ਦਿਵਸ ਮੌਕੇ ਫ਼ਾਜ਼ਿਲਕਾ ਦੇ ਐਮ.ਆਰ. ਕਾਲਜ ਦੇ ਬਹੁਮੰਤਵੀ ਖੇਡ ਸਟੇਡੀਅਮ ਵਿਖੇ ਕਰਵਾਏ ਗਏ ਜ਼ਿਲਾ ਪੱਧਰੀ ਸਮਾਗਮ ਦੌਰਾਨ ਡਿਪਟੀ ਕਮਿਸ਼ਨਰ ਸ. ਅਰਵਿੰਦ ਪਾਲ ਸਿੰਘ ਸੰਧੂ ਨੇ ਬਤੌਰ ਮੁੱਖ ਮਹਿਮਾਨ ਪਹੰੁਚ ਕੇ ਕੌਮੀ ਝੰਡਾ ਲਹਿਰਾਇਆ। ਇਸ ਮੌਕੇ ਉਨਾਂ ਸਮੂਹ ਨਿਵਾਸੀਆਂ ਨੂੰ ਗਣਤੰਤਰ ਦਿਵਸ ਦੀ ਵਧਾਈ ਦਿੰਦਿਆਂ ਕਿਹਾ ਕਿ ਪੰਜਾਬੀਆਂ ਦੀਆਂ ਕੁਰਬਾਨੀਆਂ ਅਤੇ ਸਾਡੇ ਮਹਾਨ ਸ਼ਹੀਦਾਂ ਦੇ ਸਦਕਾ ਹੀ ਅਸੀ ਆਜ਼ਾਦ ਫਿਜ਼ਾ ਵਿਚ ਜਿੰਦਗੀ ਬਤੀਤ ਕਰ ਰਹੇ ਹਾਂ। ਇਸ ਮੌਕੇ ਵਿਧਾਇਕ ਬਲੂਆਣਾ ਸ੍ਰੀ ਨਥੂ ਰਾਮ ਅਤੇ ਸ. ਗੁਰਲਾਲ ਸਿੰਘ ਸੰਧੂ ਵੱਲੋਂ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ ਗਈ।
ਡਿਪਟੀ ਕਮਿਸ਼ਨਰ ਸ. ਸੰਧੂ ਨੇ ਇਹ ਦਿਹਾੜੇ ਮੌਕੇ ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾ. ਭੀਮ ਰਾਓ ਅੰਬੇਦਕਰ ਨੂੰ ਸਿਜਦਾ ਕੀਤਾ। ਉਨਾਂ ਕਿਹਾ ਕਿ ਭਾਰਤੀ ਸੰਵਿਧਾਨ ਦੀ ਖਾਸੀਅਤ ਕਰਕੇ ਹੀ ਸਾਡਾ ਦੇਸ਼ ਅੱਜ ਵਿਸ਼ਵ ਦੇ ਸਭ ਤੋਂ ਵੱਡੇ ਲੋਕਤਾਂਤਰਿਕ ਦੇਸ਼ ਵਜੋਂ ਉਭਰ ਕੇ ਸਾਹਮਣੇ ਆਇਆ ਹੈ। ਉਨਾਂ ਕਿਹਾ ਕਿ 26 ਜਨਵਰੀ 1950 ਨੂੰ ਭਾਰਤੀ ਸੰਵਿਧਾਨ ਲਾਗੂ ਹੋਣ ਨਾਲ ਗਣਰਾਜ ਦੀ ਸਥਾਪਨਾ ਹੋਈ ਅਤੇ ਸਾਨੂੰ ਦੁਨੀਆਂ ਵਿਚ ਸਭ ਤੋਂ ਵੱਡੀ ਜਮਹੂਰੀਅਤ ਹੋਣ ਦਾ ਮਾਣ ਹਾਸਲ ਹੋਇਆ।
ਇਸ ਤੋਂ ਇਲਾਵਾ ਉਨਾਂ ਦੱਸਿਆ ਕਿ ਪਿੰਡਾਂ ਦੀ ਦਿਖ ਬਦਲਣ ਵਿਚ ਵਿਕਾਸ ਕਰਨ ਨੂੰ ਵਿਸ਼ੇਸ਼ ਤਰਜੀਹ ਦਿੱਤੀ ਜਾ ਰਹੀ ਹੈ। ਇਸ ਤਹਿਤ ਪਿੰਡ ਟਾਹਲੀ ਵਾਲਾ ਜੱਟਾਂ ਵਿਖੇ 96 ਲੱਖ ਰੁਪਏ ਦੀ ਲਾਗਤ ਨਾਲ ਅਤੇ ਪਿੰਡ ਦੋਨਾ ਸਿੰਕੰਦਰੀ ਵਿਖੇ 39 ਲੱਖ ਦੀ ਲਾਗਤ ਨਾਲ ਵਾਟਰ ਵਰਕਸ ਦਾ ਕੰਮ ਕੀਤਾ ਜਾ ਰਿਹਾ ਹੈ ਜਿਸ ਨਾਲ ਪੀਣ ਵਾਲੇ ਪਾਣੀ ਦੀ ਸਪਲਾਈ ਹੋਰ ਬਿਹਤਰ ਹੋ ਸਕੇਗੀ। ਪਿੰਡ ਹਲੀਮ ਵਾਲਾ ਤੇ ਹੋਜ਼ ਖਾਸ ਵਿਖੇ 40-40 ਲੱਖ ਦੀ ਲਾਗਤ ਨਾਲ ਛੱਪੜਾ ਦੀ ਮੁਰੰਮਤ ਦਾ ਕੰਮ ਮੁਕੰਮਲ ਕੀਤਾ ਗਿਆ ਹੈ। ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਲਈ ਸਕੂਲਾਂ ਨੂੰ ਸਮਾਰਟ ਸਕੂਲਾਂ ਵਿਚ ਤਬਦੀਲ ਕੀਤਾ ਗਿਆ ਹੈ।
ਇਸ ਤੋਂ ਪਹਿਲਾਂ ਡਿਪਟੀ ਕਮਿਸ਼ਨਰ ਸ. ਸੰਧੂ ਨੇ ਆਸਫ ਵਾਲਾ ਸ਼ਹੀਦੀ ਸਮਾਰਕ ’ਤੇ ਸ਼ਹੀਦਾਂ ਨੂੰ ਸਰਧਾਂਜਲੀਆਂ ਭੇਂਟ ਕੀਤੀਆਂ। ਇਸ ਉਪਰੰਤ ਉਨਾਂ ਵੱਲੋਂ ਐਮ.ਆਰ. ਕਾਲਜ ਦੇ ਸਟੇਡੀਅਮ ਵਿਖੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ ਅਤੇ ਪਰੇਡ ਟੁਕੜੀਆਂ ਦਾ ਨਿਰੀਖਣ ਕੀਤਾ ਗਿਆ ਅਤੇ ਮਾਰਚ ਪਾਸਟ ਤੋਂ ਸਲਾਮੀ ਲਈ ਗਈ। ਇਸ ਮੌਕੇ ਜ਼ਿਲਾ ਪੁਲਿਸ ਮੁੱਖੀ ਸ. ਹਰਜੀਤ ਸਿੰਘ ਅਤੇ ਪਰੇਡ ਕਮਾਂਡਰ ਸ੍ਰੀ ਸ਼ੁਭਮ ਅਗਰਵਾਲ ਵੀ ਉਨਾਂ ਦੇ ਨਾਲ ਸਨ। ਇਸ ਉਪਰੰਤ ਝਾਕੀਆਂ ਦੀ ਪੇਸ਼ਕਾਰੀ ਹੋਈ, ਜਿਸ ਵਿੱਚ ਨਸ਼ਾ ਵਿਰੁੱਧ, ਕਰੋਨਾ ਟੀਕਾਕਰਨ ਵਿਸ਼ੇ ’ਤੇ, ਘਰ-ਘਰ ਹਰਿਆਲੀ, ਮਾਰਕਫੈਡ ਅਤੇ ਮਗਨਰੇਗਾ ਦੀਆਂ ਝਾਕੀਆਂ ਸ਼ਾਮਿਲ ਸਨ। ਸਮਾਰੋਹ ਦੇ ਅੰਤ ਵਿੱਚ ਸਕੂਲਾਂ ਦੇ ਅਧਿਆਪਕਾਂ ਵੱਲੋਂ ਰਾਸ਼ਟਰੀ ਗਾਣ ਪੇਸ਼ ਕੀਤਾ ਗਿਆ। ਇਸ ਮੌਕੇ ਸਟੇਜ ਸੰਚਾਲਨ ਦੀ ਭੂਮਿਕਾ ਮੈਡਮ ਸਤਿੰਦਰਜੀਤ ਕੌਰ ਵੱਲੋਂ ਨਿਭਾਈ ਗਈ।
ਇਸ ਮੌਕੇ ਜ਼ਿਲਾ ਤੇ ਸੈਸ਼ਨ ਜੱਜ ਤਰਸੇਮ ਮੰਗਲਾ, ਵਧੀਕ ਡਿਪਟੀ ਕਮਿਸ਼ਨਰ (ਵਿ) ਨਵਲ ਰਾਮ, ਐਸ.ਡੀ.ਐਮ. ਫ਼ਾਜ਼ਿਲਕਾ ਸ੍ਰੀ ਕੇਸ਼ਵ ਗੋਇਲ, ਸਹਾਇਕ ਕਮਿਸ਼ਨਰ ਸ੍ਰੀ ਕੰਵਰਜੀਤ ਸਿੰਘ, ਸ੍ਰੀ ਅਮਰੀਕ ਸਿੰਘ, ਜ਼ਿਲਾ ਸਿਖਿਆ ਅਧਿਕਾਰੀ ਡਾ. ਸੁਖਬੀਰ ਸਿੰਘ ਬੱਲ, ਸਿਵਲ ਸਰਜਨ ਡਾ. ਕੁੰਦਨ ਕੇ ਪਾਲ, ਚੇਅਰਮੈਨ ਹਾਉਸਫੈਡ ਸ. ਸੁਖਵੰਤ ਸਿੰਘ ਬਰਾੜ, ਚੇਅਰਪਰਸਨ ਜ਼ਿਲਾ ਪ੍ਰੀਸ਼ਦ ਮਮਤਾ ਕੰਬੋਜ਼, ਪ੍ਰਧਾਨ ਜ਼ਿਲਾ ਬਾਰ ਐਸੋਸੀਏਸ਼ਨ ਸ੍ਰੀ ਗੁਲਸ਼ਨ ਮਹਿਰੋਕ, ਸੀਨੀਅਰ ਕਾਂਗਰਸੀ ਆਗੂ ਬੀ.ਡੀ. ਕਾਲੜਾ, ਬੀਬਾ ਰਾਜਦੀਪ ਕੌਰ ਸਮੇਤ ਵੱਡੀ ਗਿਣਤੀ ’ਚ ਹੋਰ ਅਧਿਕਾਰੀ, ਆਗੂ, ਸ੍ਰੀ ਗੁਰਸ਼ਿੰਦਰ ਪਾਲ ਸਿੰਘ, ਸ੍ਰੀ ਵਿਜੈ ਪਾਲ ਨੋਡਲ ਅਫਸਰ, ਸ੍ਰੀ ਰਾਮ ਸਰੂਪ, ਸ੍ਰੀ ਸ਼ਮਸ਼ੇਰ ਸਿੰਘ ਆਦਿ ਹਾਜ਼ਰ ਸਨ।