ਨਵਾਂਸ਼ਹਿਰ, 28 ਜਨਵਰੀ 2021 - ਔਰਤਾਂ ਨੂੰ ਸਮਰੱਥ ਬਣਾਉਣ ਲਈ ਕੀਤੇ ਗਏ ਵਿਲੱਖਣ ਕਾਰਜਾਂ ਨੂੰ ਮਾਨਤਾ ਦੇਣ ਲਈ ਉਲੀਕੇ ਗਏ ‘ਰਾਸ਼ਟਰੀ ਨਾਰੀ ਸ਼ਕਤੀ ਪੁਰਸਕਾਰ-2020’ ਲਈ 31 ਜਨਵਰੀ 2021 ਤੱਕ ਅਰਜ਼ੀਆਂ ਦਿੱਤੀਆਂ ਜਾ ਸਕਦੀਆਂ ਹਨ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਦੱਸਿਆ ਕਿ ਔਰਤਾਂ ਅਤੇ ਬਾਲ ਵਿਕਾਸ ਮੰਤਰਾਲੇ ਨੇ ਭਾਰਤ ਵਿਚ ਔਰਤਾਂ ਲਈ ਇਸ ਸਰਬੋਤਮ ਨਾਗਰਿਕ ਸਨਮਾਨ ਲਈ ਨਾਮਜ਼ਦਗੀਆਂ ਦੀ ਮੰਗ ਕੀਤੀ ਗਈ ਹੈ।
ਉਨਾਂ ਦੱਸਿਆ ਕਿ ਇਹ ਪੁਰਸਕਾਰ ਉਨਾਂ ਵਿਅਕਤੀਆਂ ਨੂੰ ਦਿੱਤਾ ਜਾਂਦਾ ਹੈ, ਜੋ ਔਰਤਾਂ ਨੂੰ ਸਮਰੱਥ ਬਣਾਉਣ ਦੀ ਦਿਸ਼ਾ ਵਿਚ ਨਿਰੰਤਰ ਕੰਮ ਕਰ ਰਹੇ ਹਨ ਅਤੇ ਸਮਾਜ ਵਿਚ ਔਰਤਾਂ ਦੀ ਉੱਨਤੀ ਅਤ ਵਿਕਾਸ ਲਈ ਵਿਸ਼ੇਸ਼ ਯੋਗਦਾਨ ਪਾ ਰਹੇ ਹਨ। ਉਨਾਂ ਦੱਸਿਆ ਕਿ 8 ਮਾਰਚ 2021 ਨੂੰ ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ਕਰੀਬ 15 ਸ਼ਖਸੀਅਤਾਂ ਨੂੰ ਇਸ ਪੁਰਸਕਾਰ ਨਾਲ ਸਨਮਾਨਿਤ ਕੀਤਾ ਜਾਵੇਗਾ।
ਇਸ ਪੁਰਸਕਾਰ ਲਈ ਯੋਗਤਾ ਮਾਪਦੰਡਾਂ ਦਾ ਵੇਰਵਾ ਦਿੰਦਿਆਂ ਡਾ. ਸ਼ੇਨਾ ਅਗਰਵਾਲ ਨੇ ਦੱਸਿਆ ਕਿ ਔਰਤਾਂ ਦੇ ਸਸ਼ਕਤੀਕਰਨ ਵੱਲ ਵਧੀਆ ਕੰਮ ਕਰਨ ਵਾਲੇ ਵਿਅਕਤੀ ਵਿਸ਼ੇਸ਼, ਸਮੂਹ ਅਤੇ ਸੰਸਥਾਵਾਂ ਇਸ ਪੁਰਸਕਾਰ ਲਈ ਅਪਲਾਈ ਕਰ ਸਕਦੀਆਂ ਹਨ। ਉਨਾਂ ਦੱਸਿਆ ਕਿ ਵਿਅਕਤੀਗਤ ਵਰਗ ਲਈ ਬਿਨੈਕਾਰ ਦੀ ਉਮਰ ਘੱਟੋ-ਘੱਟ 25 ਸਾਲ ਹੋਣੀ ਚਾਹੀਦੀ ਹੈ। ਸੰਸਥਾਵਾਂ ਨੂੰ ਘੱਟੋ-ਘੱਟ ਪੰਜ ਸਾਲ ਦਾ ਤਜਰਬਾ ਹੋਣਾ ਲਾਜ਼ਮੀ ਹੈ। ਉਨਾਂ ਕਿਹਾ ਕਿ ਲੋੜੀਂਦੇ ਦਸਤਾਵੇਜ਼ਾਂ ਸਮੇਤ ਨਾਮਜ਼ਦਗੀਆਂ ਕੇਵਲ www.narishaktipuruskar.wcd.gov.in ਉੱਤੇ 31 ਜਨਵਰੀ 2021 ਤੱਕ ਹੀ ਦਿੱਤੀਆਂ ਜਾ ਸਕਦੀਆਂ ਹਨ ਅਤੇ ਕਿਸੇ ਹੋਰ ਤਰੀਕੇ ਨਾਲ ਭੇਜੀ ਅਰਜ਼ੀੇ/ਨਾਮਜ਼ਦਗੀ ’ਤੇ ਵਿਚਾਰ ਨਹੀਂ ਕੀਤਾ ਜਾਵੇਗਾ। ਉਨਾਂ ਦੱਸਿਆ ਕਿ ਪੁਰਸਕਾਰ ਸਬੰਧੀ ਦਿਸ਼ਾ-ਨਿਰਦੇਸ਼ ਅਤੇ ਬਿਨੈ ਪੱਤਰ ਮਹਿਲਾ ਤੇ ਬਾਲ ਵਿਕਾਸ ਮੰਤਰਾਲੇ ਦੀ ਵੈੱਬਸਾਈਟ ਤੋਂ ਡਾਊਨਲੋਡ ਕੀਤੇ ਜਾ ਸਕਦੇ ਹਨ।