- ਨਸ਼ਾ ਰੋਗੀਆਂ ਦਾ ਇਲਾਜ ਸੰਭਵ: ਰਵੀਇੰਦਰ ਸਿੰਘ
- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੰਗੜੋਆ ਵਿਖੇ ਜਾਗਰੂਕਤਾ ਪ੍ਰੋਗਰਾਮ ਆਯੋਜਿਤ
- ਨਸ਼ੇ ਦੇ ਕੋਹੜ ਨੂੰ ਖਤਮ ਕਰਨ ਵਿਚ ਆਮ ਲੋਕਾਂ ਨੂੰ ਅੱਗੇ ਆਉਣ ਦਾ ਸੱਦਾ
ਨਵਾਂਸ਼ਹਿਰ, 25 ਫਰਵਰੀ 2021 - ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਅਤੇ ਮਾਣਯੋਗ ਸਿਵਲ ਸਰਜਨ ਡਾ. ਗੁਰਦੀਪ ਸਿੰਘ ਕਪੂਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸੀਨੀਅਰ ਮੈਡੀਕਲ ਅਫ਼ਸਰ ਡਾ ਗੀਤਾਂਜਲੀ ਸਿੰਘ ਦੀ ਯੋਗ ਅਗਵਾਈ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੰਗੜੋਆ ਵਿਖੇ ਸਿਹਤ ਵਿਭਾਗ ਦੇ ਸਹਿਯੋਗ ਨਾਲ ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਅੱਜ ਇਕ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ।
ਇਸ ਮੌਕੇ ਓਟ ਕੌਂਸਲਰ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਨਸ਼ਾ ਪਰਿਵਾਰ ਦੇ ਭਵਿੱਖ ਨੂੰ ਬਰਬਾਦ ਕਰ ਦਿੰਦਾ ਹੈ, ਕਿਉਂਕਿ ਨਸ਼ੇ ਦਾ ਆਦੀ ਮਨੁੱਖ ਜਿੱਥੇ ਆਰਥਿਕ ਤੌਰ ਉੱਤੇ ਕਮਜ਼ੋਰ ਹੋ ਜਾਂਦਾ ਹੈ, ਉੱਥੇ ਸਮਾਜਿਕ ਤੌਰ ਉੱਤੇ ਹੀਣਭਾਵਨਾ ਦਾ ਸ਼ਿਕਾਰ ਹੋ ਕੇ ਮਾਨਸਿਕ ਪ੍ਰੇਸ਼ਾਨੀ ਵਿੱਚ ਉਲਝ ਕੇ ਰਹਿ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਨਸ਼ਿਆਂ ਕਾਰਨ ਵਿਅਕਤੀ ਦੇ ਸਰੀਰ ਉੱਤੇ ਵੀ ਮਾੜਾ ਅਸਰ ਪੈਂਦਾ ਹੈ। ਨਸ਼ਿਆਂ ਦੇ ਖਾਤਮੇ ਲਈ ਆਰੰਭੇ ਗਏ ਨਸ਼ਾ ਮੁਕਤ ਭਾਰਤ ਅਭਿਆਨ ਵਿੱਚ ਸਾਨੂੰ ਸਭ ਨੂੰ ਅੱਗੇ ਆ ਕੇ ਨਸ਼ੇ ਦੇ ਖਿਲਾਫ਼ ਲੜਾਈ ਲੜਨੀ ਚਾਹੀਦੀ ਹੈ, ਕਿਉਂਕਿ ਨਸ਼ਿਆਂ ਦੀ ਇਹ ਅੱਗ ਜੋ ਅੱਜ ਕਿਸੇ ਹੋਰ ਦੇ ਘਰ ਲੱਗੀ ਹੋਈ ਹੈ, ਕੱਲ ਨੂੰ ਸਾਡੇ ਆਪਣੇ ਘਰ ਵੀ ਪਹੁੰਚ ਸਕਦੀ ਹੈ।
ਉਨ੍ਹਾਂ ਇਹ ਵੀ ਕਿਹਾ ਕਿ ਨਸ਼ਾ ਰੋਗੀਆਂ ਨੂੰ ਨਸ਼ੇੜੀ ਕਹਿ ਕੇ ਬੁਲਾਉਣਾ ਗਲਤ ਹੈ, ਜਿਸ ਨਾਲ ਉਨ੍ਹਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਦੀ ਹੈ। ਨਸ਼ਾ ਮੁਕਤ ਭਾਰਤ ਅਭਿਆਨ ਪ੍ਰੋਗਰਾਮ ਦੇ ਸਾਰਥਿਕ ਨਤੀਜੇ ਸਾਹਮਣੇ ਆ ਰਹੇ ਹਨ। ਉਨ੍ਹਾਂ ਨੇ ਦੱਸਿਆ ਕਿ ਸਰਕਾਰ ਵੱਲੋਂ ਨਸ਼ੇ ਦੀ ਮਾੜੀ ਆਦਤ ਦਾ ਸ਼ਿਕਾਰ ਹੋ ਚੁੱਕੇ ਮਰੀਜ਼ਾਂ ਨੂੰ ਰਜਿਸਟਰਡ ਕਰਕੇ ਉਨ੍ਹਾਂ ਦਾ ਮੁਫ਼ਤ ਇਲਾਜ ਕੀਤਾ ਜਾਂਦਾ ਹੈ। ਨਸ਼ਾ ਮੁਕਤ ਭਾਰਤ ਅਭਿਆਨ ਪ੍ਰੋਗਰਾਮ ਨੂੰ ਸਫਲਤਾਪੂਰਵਕ ਲਾਗੂ ਕੀਤਾ ਜਾ ਰਿਹਾ ਹੈੈ ਅਤੇ ਅਨੇਕਾਂ ਨੌਜਵਾਨਾਂ ਦੀ ਨਸ਼ੇ ਦੀ ਮਾੜੀ ਆਦਤ ਛੁਡਵਾ ਕੇ ਉਨ੍ਹਾਂ ਨੂੰ ਜ਼ਿੰਦਗੀ ਦੀ ਮੁੱਖ ਧਾਰਾ ਵਿੱਚ ਸ਼ਾਮਲ ਕੀਤਾ ਗਿਆ ਹੈ।
ਇਸ ਮੌਕੇ ਹੈਲਥ ਇੰਸਪੈਕਟਰ ਰਵੀਇੰਦਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਰਾਜ ਵਿਚੋਂ ਨਸ਼ੇ ਨੂੰ ਜੜ੍ਹ ਤੋਂ ਖਤਮ ਕਰਨ ਲਈ ਨਸ਼ਾ ਮੁਕਤ ਭਾਰਤ ਅਭਿਆਨ ਚਲਾਇਆ ਜਾ ਰਿਹਾ ਹੈ ਅਤੇ ਇਸ ਪ੍ਰੋਗਰਾਮ ਤਹਿਤ ਆਮ ਲੋਕਾਂ ਦੇ ਸਹਿਯੋਗ ਨਾਲ ਜਨਤਾ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕੀਤਾ ਜਾ ਰਿਹਾ ਹੈ।ਨਸ਼ਾ-ਪੀੜਤਾਂ ਲਈ ਸਿਹਤ ਵਿਭਾਗ ਵੱਲੋਂ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਨਵੇਂ ਮਰੀਜ਼ਾਂ ਨੂੰ ਇਲਾਜ ਸੇਵਾਵਾਂ ਮੁਹੱਈਆ ਕਰਵਾਕੇ ਨਸ਼ਾ-ਮੁਕਤ ਕੀਤਾ ਜਾ ਸਕੇ। ਉਨ੍ਹਾਂ ਵੀ ਦੱਸਿਆ ਕਿ ਨਸ਼ਾ ਇਕ ਰੋਗ ਹੈ ਜਿਸ ਦਾ ਇਲਾਜ ਸੰਭਵ ਹੈ
ਇਸ ਮੌਕੇ ਪ੍ਰਿੰਸੀਪਲ ਅਮਰਜੀਤ ਲਾਲ ਨੇ ਸਮੂਹ ਸਟਾਫ ਦੇ ਨਾਲ-ਨਾਲ ਆਮ ਲੋਕਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਆਓ, ਸਾਰੇ ਮਿਲ ਕੇ ਇਸ ਨਸ਼ੇ ਦੇ ਕੋਹੜ ਨੂੰ ਖਤਮ ਕਰਨ ਵਿਚ ਆਪੋ-ਅਪਣਾ ਯੋਗਦਾਨ ਪਾਉਣ ਲਈ ਅੱਗੇ ਆਈਏ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਹਰਿੰਦਰ ਸਿੰਘ, ਏ ਐੱਨ ਐੱਮ ਰਾਜਵਿੰਦਰ ਕੌਰ ਸਮੇਤ ਹੋਰ ਅਧਿਆਪਕ, ਵਿਦਿਆਰਥੀ ਅਤੇ ਆਮ ਲੋਕ ਹਾਜ਼ਰ ਸਨ।