- ਇਕ ਅਤੇ ਤਿੰਨ ਮਾਰਚ ਨੂੰ ਹਰੇਕ ਬਲਾਕ ਵਿੱਚ ਲਗਾਏ ਜਾਣਗੇ ਦੋ ਕੈਂਪ
- ਸਰਬੱਤ ਸਿਹਤ ਬੀਮਾ ਯੋਜਨਾ ਦੇ ਕਾਰਡ ਬਣਾਉਣ ਲਈ ਅੱਜ (28 ਫਰਵਰੀ) ਐਤਵਾਰ ਨੂੰ ਵੀ ਖੁੱਲ੍ਹੇ ਰਹਿਣਗੇ ਸੇਵਾ ਕੇਂਦਰ
ਜਲੰਧਰ, 27 ਫਰਵਰੀ 2021 - ਆਯੂਸ਼ਮਾਨ ਭਾਰਤ-ਸਰਬੱਤ ਸਿਹਤ ਬੀਮਾ ਯੋਜਨਾ ਅਧੀਨ ਸੌ ਫੀ ਸਦੀ ਯੋਗ ਲਾਭਪਾਤਰੀਆਂ ਨੂੰ ਕਵਰ ਕਰਨ ਲਈ ਵਿੱਢੀ ਗਈ ਮੁਹਿੰਮ ਤਹਿਤ ਪ੍ਰਸ਼ਾਸਨ ਵੱਲੋਂ ਹੁਣ 1 ਅਤੇ 3 ਮਾਰਚ ਨੂੰ ਜ਼ਿਲ੍ਹਾ ਜਲੰਧਰ ਦੇ ਹਰੇਕ ਬਲਾਕ ਵਿੱਚ ਦੋ ਕੈਂਪ ਲਗਾਏ ਜਾਣਗੇ ਤਾਂ ਜੋ ਇਸ ਯੋਜਨਾ ਅਧੀਨ ਸਮੁੱਚੇ ਯੋਗ ਲਾਭਪਾਤਰੀਆਂ ਨੂੰ 5 ਲੱਖ ਰੁਪਏ ਤੱਕ ਦੀ ਕੈਸ਼ਲੈੱਸ ਇਲਾਜ ਦੀ ਸਹੂਲਤ ਦਾ ਲਾਭ ਪ੍ਰਦਾਨ ਕਰਨ ਲਈ ਉਨ੍ਹਾਂ ਦੇ ਈ-ਹੈਲਥ ਕਾਰਡ ਬਣਾਏ ਜਾ ਸਕਣ ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ
ਦੱਸਿਆ ਕਿ ਪ੍ਰਤੀ ਬਲਾਕ ਦੋ ਕੈਂਪ ਲਗਾਏ ਜਾਣੇ ਹਨ, ਜੋ ਕਿ ਮਿਤੀ 1 ਅਤੇ 3 ਮਾਰਚ 2021 ਨੂੰ ਬਲਾਕ ਆਦਮਪੁਰ, ਭੋਗਪੁਰ, ਜਲੰਧਰ ਪੱਛਮੀ, ਜਲੰਧਰ ਪੂਰਬੀ, ਲੋਹੀਆਂ, ਨਕੋਦਰ, ਨੂਰਮਹਿਲ, ਮਹਿਤਪੁਰ, ਫਿਲੌਰ, ਰੁੜਕਾ ਕਲਾਂ ਅਤੇ ਸ਼ਾਹਕੋਟ ਵਿਖੇ ਲਗਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਕੈਂਪਾਂ ਵਿੱਚ ਯੋਗ ਲਾਭਪਾਤਰੀਆਂ ਦੇ ਨਾਮ ਦਰਜ ਕਰਕੇ ਮੌਕੇ 'ਤੇ ਈ-ਹੈਲਥ ਕਾਰਡ ਬਣਾਏ ਜਾਣਗੇ।
ਉਨ੍ਹਾਂ ਅੱਗੇ ਦੱਸਿਆ ਕਿ ਇਸ ਤੋਂ ਇਲਾਵਾ ਕੱਲ 28 ਫਰਵਰੀ ਦਿਨ ਐਤਵਾਰ ਨੂੰ ਜਲੰਧਰ ਵਿੱਚ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਈ-ਹੈਲਥ ਕਾਰਡ ਬਣਾਉਣ ਲਈ ਸੇਵਾ ਕੇਂਦਰ ਵੀ ਖੁੱਲ੍ਹੇ ਰਹਿਣਗੇ, ਜਿਥੇ ਸਿਰਫ਼ ਈ-ਹੈਲਥ ਕਾਰਡ ਬਣਾਉਣ ਦਾ ਕੰਮ ਹੀ ਕੀਤਾ ਜਾਵੇਗਾ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹੇ ਦੇ ਹਰੇਕ ਯੋਗ ਲਾਭਪਾਤਰੀ ਨੂੰ ਏਬੀ-ਸਰਬੱਤ ਸਿਹਤ ਬੀਮਾ ਯੋਜਨਾ ਦਾ ਲਾਭ ਪ੍ਰਦਾਨ ਕੀਤਾ ਜਾਵੇਗਾ ਅਤੇ ਕਿਸੇ ਵੀ ਯੋਗ ਲਾਭਪਾਤਰੀ ਨੂੰ ਇਸ ਯੋਜਨਾ ਤਹਿਤ ਮਿਲਣ ਵਾਲੇ ਲਾਭ ਤੋਂ ਵਾਂਝਾ ਨਹੀਂ ਰਹਿਣ ਦਿੱਤਾ ਜਾਵੇਗਾ। ਉਨ੍ਹਾਂ ਐਸ.ਡੀ.ਐਮਜ਼. ਨੂੰ ਇਨ੍ਹਾਂ ਕੈਂਪਾਂ ਸਬੰਧੀ ਲੋਕਾਂ ਵਿੱਚ ਜਾਗਰੂਕਤਾ ਪੈਦਾ ਕਰਨ ਲਈ ਵੀ ਕਿਹਾ ਤਾਂ ਜੋ ਸਰਬੱਤ ਸਿਹਤ ਬੀਮਾ ਯੋਜਨਾ ਅਧੀਨ ਲਾਭਪਾਤਰੀਆਂ ਦੀ ਰਜਿਸਟਰੇਸ਼ਨ ਦੀ ਗਤੀ ਨੂੰ ਹੋਰ ਵਧਾਇਆ ਜਾ ਸਕੇ।
ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਜਲੰਧਰ ਵਿਖੇ ਹੁਣ ਤੱਕ ਲਗਭਗ 3,68,720 ਈ-ਹੈਲਥ ਕਾਰਡ ਬਣਾਏ ਜਾ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੀਆਂ ਸਿਹਤ ਸੰਸਥਾਵਾਂ, ਕਾਮਨ ਸਰਵਿਸ ਸੈਂਟਰਾਂ (ਸੀਐਸਸੀ) ਅਤੇ ਸੇਵਾ ਕੇਂਦਰਾਂ ਵਿੱਚ ਇਸ ਯੋਜਨਾ ਅਧੀਨ ਈ-ਹੈਲਥ ਕਾਰਡ ਬਣਾਉਣ ਤੋਂ ਇਲਾਵਾ ਹੋਰ ਵੱਖ-ਵੱਖ ਥਾਵਾਂ 'ਤੇ ਰੋਜ਼ਾਨਾ 50 ਕੈਂਪ ਵਿਸ਼ੇਸ਼ ਤੌਰ 'ਤੇ ਲਗਾ ਕੇ ਔਸਤਨ 4500 ਦੇ ਕਰੀਬ ਈ-ਹੈਲਥ ਕਾਰਡ ਹਰ ਰੋਜ਼ ਬਣਾਏ ਜਾ ਰਹੇ ਹਨ।
ਉਨ੍ਹਾਂ ਕਿਹਾ ਕਿ ਯੋਜਨਾ ਅਧੀਨ ਜਲੰਧਰ ਦੀਆਂ ਸਮੁੱਚੀਆਂ 13 ਸਰਕਾਰੀ ਸਿਹਤ ਸੰਸਥਾਵਾਂ ਅਤੇ 57 ਸੂਚੀਬੱਧ ਪ੍ਰਾਈਵੇਟ ਹਸਪਤਾਲਾਂ ਵਿੱਚ 5 ਲੱਖ ਰੁਪਏ ਤੱਕ ਦੇ ਕੈਸ਼ਲੈੱਸ ਇਲਾਜ ਦੀ ਸਹੂਲਤ ਦਿੱਤੀ ਜਾਂਦੀ ਹੈ।
ਥੋਰੀ ਨੇ ਦੱਸਿਆ ਕਿ ਇਨ੍ਹਾਂ ਹਸਪਤਾਲਾਂ ਦੀ ਸੂਚੀ www.sha.punjab.gov.in 'ਤੇ ਵੇਖੀ ਜਾ ਸਕਦੀ ਹੈ। ਇਸ ਸਕੀਮ ਅਧੀਨ ਲਾਭਪਾਤਰੀਆਂ ਲਈ 1579 ਪੈਕੇਜ ਉਪਲੱਬਧ ਹਨ। ਇਨ੍ਹਾਂ ਵਿੱਚੋਂ 180 ਪੈਕੇਜ ਸਰਕਾਰੀ ਹਸਪਤਾਲਾਂ ਲਈ ਰਾਖਵੇਂ ਹਨ, ਜਿਨ੍ਹਾਂ ਵਿੱਚੋਂ 25 ਪੈਕੇਜ ਪ੍ਰਾਈਵੇਟ ਹਸਪਤਾਲਾਂ ਵਿੱਚ ਰੈਫ਼ਰਯੋਗ ਹਨ। ਉਨ੍ਹਾਂ ਦੱਸਿਆ ਕਿ ਐਨਐਫਐਸਏ ਰਾਸ਼ਨ ਕਾਰਡ ਧਾਰਕ ਲਾਭਪਾਤਰੀ, ਉਸਾਰੀ ਕਿਰਤੀ, ਐਸਈਸੀਸੀ ਲਾਭਪਾਤਰੀ, ਛੋਟੇ ਵਪਾਰੀ, ਯੈਲੋ ਜਾਂ ਐਕਰੀਡੇਸ਼ਨ ਕਾਰਡ ਧਾਰਕ ਪੱਤਰਕਾਰ ਅਤੇ ਜੇ-ਫਾਰਮ ਧਾਰਕ ਕਿਸਾਨ ਇਸ ਯੋਜਨਾ ਅਧੀਨ ਯੋਗ ਹਨ ਅਤੇ ਲਾਭਪਾਤਰੀ sha.punjab.gov.in 'ਤੇ ਆਪਣੀ ਯੋਗਤਾ ਚੈੱਕ ਕਰ ਸਕਦੇ ਹਨ।
ਉਨ੍ਹਾਂ ਸਰਬੱਤ ਸਿਹਤ ਬੀਮਾ ਯੋਜਨਾ ਅਧੀਨ ਆਉਂਦੇ ਲਾਭਪਾਤਰੀਆਂ ਨੂੰ ਇਸ ਸਕੀਮ ਅਧੀਨ ਆਪਣਾ ਨਾਮ ਦਰਜ ਕਰਵਾਉਣ ਲਈ ਸਰਕਾਰੀ ਸਿਹਤ ਸੰਸਥਾਵਾਂ, ਸੇਵਾ ਕੇਂਦਰਾਂ, ਸੀਐਸਸੀ ਅਤੇ ਪ੍ਰਸ਼ਾਸਨ ਵੱਲੋਂ ਲਗਾਏ ਜਾ ਰਹੇ ਵਿਸ਼ੇਸ਼ ਕੈਂਪਾਂ ਵਿੱਚ ਆਪਣਾ ਆਧਾਰ ਕਾਰਡ ਨਾਲ ਲੈ ਕੇ ਆਉਣ ਦੀ ਅਪੀਲ ਕੀਤੀ।