ਬਲਵਿੰਦਰ ਸਿੰਘ ਧਾਲੀਵਾਲ
ਸੁਲਤਾਨਪੁਰ ਲੋਧੀ 28 ਫਰਵਰੀ 2021 - ਮੋਦੀ ਸਰਕਾਰ ਵੱਲੋਂ ਨਿੱਤ ਦਿਨ ਪੈਟਰੋਲ, ਡੀਜ਼ਲ ਅਤੇ ਰਸੋਈ ਗੈਸ ਦੀਆਂ ਕੀਮਤਾਂ ਚ ਕੀਤੇ ਜਾ ਰਹੇ ਵਾਧੇ ਨਾਲ ਆਮ ਲੋਕਾਂ ਦਾ ਕਚੂਮਰ ਨਿਕਲ ਗਿਆ ਹੈ। ਇਹ ਸਾਰਾ ਕੁਝ ਕਾਰਪੋਰੇਟ ਘਰਾਣਿਆਂ ਦੇ ਦਬਾਅ ਹੇਠ ਕੀਤਾ ਜਾ ਰਿਹਾ। ਕਿਉਂਕਿ ਇਹ ਘਰਾਣੇ ਚੋਣਾਂ ਵੇਲੇ ਭਾਜਪਾ ਨੂੰ ਵੱਡੇ ਫੰਡ ਦਿੰਦੇ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਹਲਕਾ ਸੁਲਤਾਨਪੁਰ ਲੋਧੀ ਦੇ ਸੀਨੀਅਰ ਅਕਾਲੀ ਆਗੂਆਂ ਸਾਬਕਾ ਚੇਅਰਮੈਨ ਸੁਖਵਿੰਦਰ ਸਿੰਘ ਸੁੱਖ ਅਤੇ ਸੁਖਦੇਵ ਸਿੰਘ ਨਾਨਕਪੁਰ ਨੇ ਕਰਦਿਆਂ ਕਿਹਾ ਕਿ ਮੋਦੀ ਸਰਕਾਰ ਵੱਲੋਂ ਅੰਬਾਨੀਆਂ ਅਤੇ ਅਡਾਨੀਆਂ ਨੂੰ ਦਿੱਤੀ ਜਾ ਰਹੀ ਖੁੱਲ ਇੱਕ ਦਿਨ ਭਾਜਪਾ ਦੇ ਕਫ਼ਨ ਵਿੱਚ ਕਿੱਲ ਸਾਬਤ ਹੋਵੇਗੀ।
ਉਨ੍ਹਾਂ ਕਿਹਾ ਕਿ ਦੇਸ਼ ਦਾ ਕਿਸਾਨ ਕਾਲੇ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਦਿੱਲੀ ਦੀਆਂ ਸਰਹੱਦਾਂ ਤੇ ਸ਼ਾਂਤਮਈ ਲੜਾਈ ਲੜ ਰਿਹਾ ਹੈ ਪਰ ਮੋਦੀ ਸਰਕਾਰ ਉਨ੍ਹਾਂ ਦੀ ਗੱਲ ਸੁਣਨ ਦੀ ਬਜਾਏ ਲਗਾਤਾਰ ਪੈਟਰੋਲੀਅਮ ਪਦਾਰਥਾਂ ਵਿੱਚ ਵਾਧਾ ਕਰ ਰਹੀ ਹੈ। ਪੈਟਰੋਲੀਅਮ ਪਦਾਰਥਾਂ ਵਿੱਚ ਵਾਧਾ ਹੋਣ ਨਾਲ ਦੇਸ਼ ਅੰਦਰ ਮਹਿੰਗਾਈ ਵਿੱਚ ਬੇਤਹਾਸ਼ਾ ਮਹਿੰਗਾਈ ਵਧੇਗੀ ਅਤੇ ਆਮ ਲੋਕਾਂ ਦਾ ਜੀਣਾ ਮੁਹਾਲ ਹੋ ਜਾਵੇਗਾ।