ਰਾਜਵੰਤ ਸਿੰਘ
ਸ੍ਰੀ ਮੁਕਤਸਰ ਸਾਹਿਬ, 1 ਮਾਰਚ 2021-ਸਰਕਾਰੀ ਪ੍ਰਾਇਮਰੀ ਸਕੂਲਾਂ ਵਿਚ ਫਰਵਰੀ 2021 ਦੌਰਾਨ ਕੀਤੇ ਗਏ ਵਿਸ਼ਾਵਾਰ ਪ੍ਰੀ ਬੋਰਡ ਮੁਲਾਂਕਣ ਦਾ ਵਿਸ਼ਲੇਸ਼ਣ ਕਰਨ ਉਪਰੰਤ ਵਿਦਿਆਰਥੀਆਂ ਦੀ ਕਾਰਗੁਜ਼ਾਰੀ ਨੂੰ ਮਾਪਿਆਂ ਨਾਲ ਸਾਂਝਾ ਕਰਨ ਲਈ ਸਿੱਖਿਆ ਵਿਭਾਗ ਵੱਲੋਂ 2 ਮਾਰਚ ਨੂੰ ਪੰਜਾਬ ਦੇ ਸਮੂਹ ਸਕੂਲਾਂ ਵਿਚ ਮਾਪੇ-ਅਧਿਆਪਕ ਮਿਲਣੀਆਂ ਕੀਤੀ ਜਾਣਗੀਆਂ। ਜਿਸ ਸਬੰਧੀ ਜ਼ਿਲਾ ਸਿੱਖਿਆ ਅਫਸਰ (ਐਲੀ.ਸਿੱ.) ਪ੍ਰਭਜੋਤ ਕੌਰ ਨੇ ਦੱਸਿਆ ਕਿ ਸਕੱਤਰ ਸਕੂਲ ਸਿੱਖਿਆ ਕਿ੍ਰਸ਼ਨ ਕੁਮਾਰ ਦੀ ਅਗਵਾਈ ’ਚ ਮਿਸ਼ਨ ਸ਼ਤ-ਪ੍ਰਤੀਸ਼ਤ ਨੂੰ ਸਫ਼ਲ ਬਣਾਉਣ, ਵਿਦਿਆਰਥੀਆਂ ਦੀ ਪੜ੍ਹਾਈ ਨੂੰ ਹੋਰ ਬਿਹਤਰ ਢੰਗ ਨਾਲ ਕਰਵਾਉਣ, ਵਿਦਿਆਰਥੀਆਂ ਦੇ ਵੱਲੋਂ ਕੀਤੇ ਜਾਣ ਵਾਲੇ ਰੋਜ਼ਾਨਾ ਘਰ ਦੇ ਕੰਮ, ਵਿਭਾਗ ਵੱਲੋਂ ਮਿਸ਼ਨ ਸ਼ਤ-ਪ੍ਰਤੀਸ਼ਤ ਦੇ ਮੱਦੇਨਜ਼ਰ ਦੁਹਰਾਈ ਲਈ ਭੇਜੀਆਂ ਜਾ ਰਹੀਆਂ ਵਰਕਸ਼ੀਟਾਂ ਅਤੇ ਪੰਜਾਬ ਐਜੂਕੇਅਰ ਐਪ ’ਤੇ ਉਪਲੱਬਧ ਸਿੱਖਣ-ਸਹਾਇਕ ਸਮੱਗਰੀ ਬਾਰੇ ਅਧਿਆਪਕ ਮਾਪਿਆਂ ਨੂੰ ਵਿਸਥਾਰ ਨਾਲ ਜਾਣੂ ਕਰਵਾਉਣਗੇ। ਮਾਪੇ-ਅਧਿਆਪਕ ਮਿਲਣੀ ਦੌਰਾਨ 2021-22 ਸ਼ੈਸ਼ਨ ਵਿਚ ਨਵੇਂ ਵਿਦਿਆਰਥੀਆਂ ਦੇ ਦਾਖਲਿਆਂ ਸਬੰਧੀ ਵੀ ਮਾਪਿਆਂ ਨੂੰ ਪ੍ਰੇਰਿਤ ਕੀਤਾ ਜਾਵੇਗਾ। ਮੀਡੀਆ ਕੋਆਰਡੀਨੇਟਰ ਅਮਰਜੀਤ ਸਿੰਘ ਨੇ ਦੱਸਿਆ ਕਿ ਮਾਪਿਆਂ ਨਾਲ ਸਾਲ 2021 ਦੀਆਂ ਸਾਲਾਨਾ ਅਤੇ ਬੋਰਡ ਪ੍ਰੀਖਿਆਵਾਂ ਦੀ ਤਿਆਰੀ ਅਤੇ ਬੱਚਿਆਂ ਦੀ ਬਿਹਤਰ ਕਾਰਗੁਜ਼ਾਰੀ ਲਈ ਤਿਆਰੀ ਬਾਰੇ ਵੀ ਚਰਚਾ ਕੀਤੀ ਜਾਵੇਗੀ। ਇਸ ਮਾਪੇ ਅਧਿਆਪਕ ਮਿਲਣੀ ਵਿੱਚ ਕੋਵਿਡ-19 ਦੀ ਲਾਗ ਤੋਂ ਬਚਾਅ ਸਬੰਧੀ ਵਰਤੀਆਂ ਜਾਣ ਵਾਲੀਆਂ ਸਾਵਧਾਨੀਆਂ ਅਤੇ ਪੰਜਾਬ ਸਰਕਾਰ ਵੱਲੋਂ ਜਾਰੀ ਹਦਾਇਤਾਂ ਬਾਰੇ ਵੀ ਮਾਪਿਆਂ, ਪੰਚਾਇਤ ਮੈਂਬਰਾਂ, ਮਿਡ-ਡੇ-ਮੀਲ ਵਰਕਰਾਂ, ਸਕੂਲ ਮੈਨੇਜ਼ਮੈਂਟ ਕਮੇਟੀ ਮੈਂਬਰਾਂ ਅਤੇ ਹੋਰ ਪਤਵੰਤੇ ਸੱਜਣਾਂ ਨੂੰ ਜਾਗਰੂਕ ਕੀਤਾ ਜਾਵੇਗਾ। ਉੱਪ ਜ਼ਿਲਾ ਸਿੱਖਿਆ ਅਫਸਰ ਸੁਖਦਰਸ਼ਨ ਸਿੰਘ ਨੇ ਦੱਸਿਆ ਕਿ ਇਸ ਮਿਲਣੀ ਨੂੰ ਸਫ਼ਲ ਬਣਾਉਣ ਲਈ ਸਮੂਹ ਅਧਿਕਾਰੀ, ਸਕੂਲ ਮੁਖੀ, ਅਧਿਆਪਕ ਅਤੇ ਪੜ੍ਹੋ ਪੰਜਾਬ-ਪੜ੍ਹਾਓ ਪੰਜਾਬ ਟੀਮ ਦੇ ਸਮੂਹ ਮੈਂਬਰ ਰੋਜ਼ਾਨਾ ਅਨਾਉਂਸਮੈਂਟਾਂ ਕਰਵਾ ਕੇ, ਪੋਸਟਰ ਜਾਰੀ ਕਰਕੇ ਅਤੇ ਆਡੀਓ/ਵੀਡੀਓ ਸੁਨੇਹੇ ਭੇਜਕੇ ਸਰਕਾਰੀ ਪ੍ਰਾਇਮਰੀ ਸਕੂਲਾਂ ਵਿਚ ਪੜ੍ਹਦੇ ਵਿਦਿਆਰਥੀਆਂ ਦੇ ਮਾਪਿਆਂ ਅਤੇ ਹੋਰ ਕਮਿਊਨਿਟੀ ਮੈਂਬਰਾਂ ਨੂੰ ਮਾਪੇ-ਅਧਿਆਪਕ ਮਿਲਣੀ ਬਾਰੇ ਅਗਾਊਂ ਜਾਣਕਾਰੀ ਪ੍ਰਦਾਨ ਕਰ ਰਹੇ ਹਨ।