ਰਾਜਵੰਤ ਸਿੰਘ
ਸ੍ਰੀ ਮੁਕਤਸਰ ਸਾਹਿਬ, 3 ਮਾਰਚ 2021-ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਨੇ 4 ਮਾਰਚ ਨੂੰ ਚੰਡੀਗੜ੍ਹ ਵਿਖੇ ਕੀਤੇ ਜਾਣ ਵਾਲਾ ਸੂਬਾ ਪੱਧਰੀ ਰੋਸ ਪ੍ਰਦਰਸ਼ਨ ਇੱਕ ਵਾਰ ਮੁਲਤਵੀ ਕਰ ਦਿੱਤਾ ਹੈ, ਪਰ ਨਾਲ ਹੀ ਜਥੇਬੰਦੀ ਨੇ ਇਹ ਵੀ ਕਿਹਾ ਹੈ ਕਿ ਜੇਕਰ ਬਜ਼ਟ ਸ਼ੈਸ਼ਨ ਦੌਰਾਨ ਉਨ੍ਹਾਂ ਦੀਆਂ ਮੰਗਾਂ ਨੂੰ ਨਾ ਮੰਨਿਆ ਗਿਆ ਤਾਂ ਫਿਰ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ ਤੇ ਧਰਨਾ ਲਗਾਇਆ ਜਾਵੇਗਾ। ਉਕਤ ਜਾਣਕਾਰੀ ਯੂਨੀਅਨ ਦੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਤੇ ਸੂਬਾ ਦਫਤਰ ਸਕੱਤਰ ਛਿੰਦਰਪਾਲ ਕੌਰ ਥਾਂਦੇਵਾਲਾ ਨੇ ਦਿੰਦਿਆਂ ਦੱਸਿਆ ਕਿ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਦੀ ਕੈਬਨਿਟ ਮੰਤਰੀ ਅਰੁਨਾ ਚੌਧਰੀ ਵੱਲੋਂ ਕੱਲ੍ਹ ਯੂਨੀਅਨ ਦੇ ਵਫਦ ਨਾਲ ਇੱਕ ਮੀਟਿੰਗ ਕੀਤੀ ਗਈ ਸੀ, ਜਿਸ ਦੌਰਾਨ ਮੰਤਰੀ ਨੇ ਕਿਹਾ ਕਿ ਯੂਨੀਅਨ ਦੀਆਂ ਜਾਇਜ਼ ਮੰਗਾਂ ਦਾ ਨਿਪਟਾਰਾ ਜਲਦੀ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਜਥੇਬੰਦੀ ਦੀਆਂ ਮੁੱਖ ਮੰਗਾਂ ਸਨ ਕਿ ਵਰਕਰਾਂ ਤੇ ਹੈਲਪਰਾਂ ਦੇ ਕੱਟੇ ਹੋਏ ਪੈਸੇ ਤੁਰੰਤ ਰਿਲੀਜ ਕੀਤੇ ਜਾਣ, ਮਾਣਭੱਤੇ ਵਿੱਚ ਵਾਧਾ ਕੀਤਾ ਜਾਵੇ, ਐਨਜੀਓ ਅਧੀਨ ਚੱਲ ਰਹੇ ਬਲਾਕਾਂ ਦੀਆਂ ਵਰਕਰਾਂ ਤੇ ਹੈਲਪਰਾਂ ਨੂੰ ਵਰਦੀਆਂ ਦੇ ਪੈਸੇ ਦਿੱਤੇ ਜਾਣ, ਆਂਗਣਵਾੜੀ ਸੈਂਟਰਾਂ ਦਾ ਕਿਰਾਇਆ ਦਿੱਤਾ ਜਾਵੇ, ਇੰਨ੍ਹਾਂ ਨੂੰ ਵਾਪਸ ਵਿਭਾਗ ਅਧੀਨ ਲਿਆਂਦਾ ਜਾਵੇ, ਪ੍ਰੀ ਨਰਸਰੀ ਦੇ ਬੱਚਿਆਂ ਨੂੰ ਵਾਪਸ ਸੈਂਟਰਾਂ ਵਿੱਚ ਭੇਜਿਆ ਜਾਵੇ, ਕਰੈੱਚ ਵਰਕਰਾਂ ਦੀਆਂ ਰੁਕੀਆਂ ਪਈਆਂ ਤਨਖਾਹਾਂ ਦਿੱਤੀਆਂ ਜਾਣ ਤੇ ਉਨ੍ਹਾਂ ਨੂੰ ਵੀ ਵਿਭਾਗ ਅਧੀਨ ਲਿਆਂਦਾ ਜਾਵੇ, ਖਾਲੀ ਪਈਆਂ ਅਸਾਮੀਆਂ ਤੇ ਵਰਕਰਾਂ ਤੇ ਹੈਲਪਰਾਂ ਦੀ ਭਰਤੀ ਕੀਤੀ ਜਾਵੇ। ਉਨ੍ਹਾਂ ਦੱਸਿਆ ਕਿ ਕੈਬਨਿਟ ਮੰਤਰੀ ਨੇ ਕਿਹਾ ਕਿ ਬਜ਼ਟ ਸ਼ੈਸ਼ਨ ਦੌਰਾਨ ਮਾਣਭੱਤੇ ਵਿੱਚ ਵਾਧਾ ਕਰ ਦਿੱਤਾ ਜਾਵੇਗਾ ਤੇ ਪ੍ਰੀ ਨਰਸਰੀ ਦੇ ਬੱਚੇ ਵਾਪਸ ਲੈਣ ਤੇ ਐਨਜੀਓ ਅਧੀਨ ਚੱਲ ਰਹੇ ਬਲਾਕਾਂ ਨੂੰ ਵਾਪਸ ਵਿਭਾਗ ਵਿੱਚ ਲਿਆਉਣ ਲਈ ਪ੍ਰਕਿਰਿਆ ਚੱਲ ਰਹੀ ਹੈ, ਜਦੋਂਕਿ ਕਰੈੱਚ ਵਰਕਰਾਂ ਦੀਆਂ ਤਨਖਾਹਾਂ ਜਲਦੀ ਦੇਣ ਬਾਰੇ ਉਪਰਾਲਾ ਕੀਤਾ ਜਾ ਰਿਹਾ ਹੈ ਤੇ ਵਰਕਰਾਂ ਤੇ ਹੈਲਪਰਾਂ ਦੀ ਭਰਤੀ ਦਾ ਕੰਮ ਜਲਦੀ ਸ਼ੁਰੂ ਕੀਤਾ ਜਾਵੇਗਾ, ਜਿਸ ਕਰਕੇ ਇੱਕ ਵਾਰ ਧਰਨੇ ਨੂੰ ਮੁਲਤਵੀ ਕਰ ਦਿੱਤਾ ਗਿਆ ਹੈ। ਸੂਬਾ ਪ੍ਰਧਾਨ ਹਰਗੋਬਿੰਦ ਕੌਰ ਇਸ ਮੌਕੇ ਕਿਹਾ ਕਿ ਯੂਨੀਅਨ ਵੱਲੋਂ 4 ਮਾਰਚ ਨੂੰ ਚੰਡੀਗੜ੍ਹ ਵਿਖੇ ਜੋ ਸੂਬਾ ਪੱਧਰੀ ਰੋਸ ਪ੍ਰਦਰਸ਼ਨ ਕੀਤਾ ਜਾਣਾ ਸੀ , ਉਸ ਨੂੰ ਇੱਕ ਵਾਰ ਬਜਟ ਸ਼ੈਸ਼ਨ ਤੱਕ ਮੁਲਤਵੀ ਕਰ ਦਿੱਤਾ ਗਿਆ ਹੈ।