ਰਾਜਵੰਤ ਸਿੰਘ
ਸ੍ਰੀ ਮੁਕਤਸਰ ਸਾਹਿਬ, 5 ਮਾਰਚ 2021-ਡੈਮੋਕ੍ਰੇਟਿਕ ਮੁਲਾਜ਼ਮ ਫੈਡਰੇਸ਼ਨ ਦੇ ਜ਼ਿਲ੍ਹਾ ਪ੍ਰਧਾਨ ਪਵਨ ਕੁਮਾਰ ਨੇ ਕਿਹਾ ਪੰਜਾਬ ਅਤੇ ਯੂਟੀ ਮੁਲਾਜ਼ਮ ਸੰਘਰਸ਼ ਮੋਰਚੇ ਦੀ 7 ਮਾਰਚ ਨੂੰ ਪਟਿਆਲਾ ਵਿਖੇ ਕੀਤੀ ਜਾ ਰਹੀ ਰੈਲੀ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ ਅਤੇ ਜ਼ਿਲ੍ਹੇ ਭਰ ਵਿੱਚੋਂ ਮੁਲਾਜ਼ਮਾਂ ਨੂੰ ਵੱਡੇ ਪੱਧਰ ’ਤੇ ਸ਼ਾਮਲ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਕਰੋਨਾ ਦੇ ਨਾਮ ਹੇਠ ਸਰਕਾਰਾਂ ਵੱਲੋਂ ਜਿੱਥੇ ਲੋਕਾਂ ਦੀਆਂ ਹੱਕੀ ਮੰਗਾਂ ਨੂੰ ਦਬਾਇਆ ਜਾ ਰਿਹਾ ਹੈ, ਉੱਥੇ ਹੀ ਮੁਲਾਜ਼ਮਾਂ ’ਤੇ ਕਈ ਤਰ੍ਹਾਂ ਦੇ ਕੱਟ ਲਾਏ ਜਾ ਰਹੇ ਹਨ। ਮਾਣਭੱਤੇ ਵਾਲੇ ਮੁਲਾਜ਼ਮ ਜਿਵੇਂ ਮਿੱਡ ਡੇ ਮੀਲ ਵਰਕਰ, ਆਸ਼ਾ ਵਰਕਰ, ਕੱਚੇ ਮੁਲਾਜ਼ਮ ਜਿਵੇਂ ਜੰਗਲਾਤ ਵਰਕਰਾਂ, ਦਰਜਾ ਚਾਰ ਕਾਮਿਆਂ ਦਾ ਲੰਬੇ ਸਮੇਂ ਤੋਂ ਆਰਥਿਕ ਸ਼ੋਸ਼ਣ ਕੀਤਾ ਜਾ ਰਿਹਾ ਹੈ, 2004 ਤੋਂ ਬਾਅਦ ਭਰਤੀ ਹੋਣ ਵਾਲੇ ਰੈਗੂਲਰ ਮੁਲਾਜ਼ਮਾਂ ’ਤੇ ਨਵੀਂ ਪੈਨਸਨ ਸਕੀਮ ਲਾਗੂ ਕਰਕੇ ਪੰਜਾਬ ਭਰ ਦੇ ਮੁਲਾਜ਼ਮਾਂ ਦੇ ਮਹਿੰਗਾਈ ਭੱਤੇ ਦੱਬ ਕੇ ਅਤੇ ਤਨਖਾਹ ਕਮਿਸ਼ਨ ਨੂੰ 31 ਮਾਰਚ ਤੱਕ ਹੋਰ ਅੱਗੇ ਪਾ ਕੇ ਮੁਲਾਜ਼ਮਾਂ ਨੂੰ ਮਿਲਣ ਵਾਲੇ ਲਾਭਾਂ ਤੋਂ ਜਾਣਬੁੱਝ ਕੇ ਦੂਰ ਰੱਖਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਜੰਗਲਾਤ ਕਾਮੇ ਆਪਣੀਆਂ ਹੱਕੀ ਮੰਗਾਂ ਲਈ ਪਟਿਆਲਾ ਰੈਲੀ ਵਿਚ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਕੇ ਕੁੰਭਕਰਨੀ ਨੀਂਦ ਸੁੱਤੀ ਸਰਕਾਰ ਨੂੰ ਨੀਂਦ ਤੋਂ ਜਗਾਉਣਗੇ।