ਰਾਜਵੰਤ ਸਿੰਘ
ਸ੍ਰੀ ਮੁਕਤਸਰ ਸਾਹਿਬ/ਗਿੱਦੜਬਾਹਾ/ਲੰਬੀ/ਮਲੋਟ, 8 ਮਾਰਚ 2021-ਕੈਪਟਨ ਸਰਕਾਰ ਦੀਆਂ ਨੀਤੀਆਂ ਖ਼ਿਲਾਫ਼ ਅੱਜ ਸ਼ੋ੍ਰਮਣੀ ਅਕਾਲੀ ਦਲ ਵੱਲੋਂ ਸਥਾਨਕ ਡੀਸੀ ਦਫ਼ਤਰ ਅੱਗੇ ਰੋਸ ਧਰਨਾ ਦਿੱਤਾ ਗਿਆ, ਜਿਸ ਵਿਚ ਪਾਰਟੀ ਦੇ ਸੀਨੀਅਰ ਆਗੂਆਂ ਤੋਂ ਇਲਾਵਾ ਵਰਕਰਾਂ ਨੇ ਹਿੱਸਾ ਲਿਆ। ਧਰਨੇ ਦੌਰਾਨ ਸੰਬੋਧਨ ਕਰਦਿਆਂ ਬੁਲਾਰਿਆਂ ਨੇ ਕਿਹਾ ਕਿ ਜਦੋਂ ਤੋਂ ਕਾਂਗਰਸ ਸਰਕਾਰ ਸੱਤਾ ’ਚ ਆਈ ਹੈ, ਲੋਕਾਂ ਨਾਲ ਕੀਤੇ ਗਏ ਵਾਅਦੇ ਵਫ਼ਾ ਨਹੀਂ ਕੀਤੇ ਜਾ ਰਹੇ। ਬੁਲਾਰਿਆਂ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਸੱਤਾ ’ਚ ਆਉਣ ਤੋਂ ਪਹਿਲਾਂ ਲੋਕਾਂ ਨਾਲ ਕਈ ਤਰ੍ਹਾਂ ਦੇ ਵਾਅਦੇ ਕੀਤੇ ਸਨ, ਜਿੰਨ੍ਹਾਂ ਨੂੰ ਹੁਣ ਪੂਰਾ ਤਾਂ ਕੀ ਕਰਨਾ ਹੈ, ਸਗੋਂ ਲੋਕਾਂ ਨੂੰ ਦਿੱਤੀਆਂ ਗਈਆਂ ਸਹੂਲਤਾਂ ਤੋਂ ਵੀ ਵਾਂਝੇ ਕੀਤਾ ਜਾ ਰਿਹਾ ਹੈ।
ਬੁਲਾਰਿਆਂ ਨੇ ਕਿਹਾ ਕਿ ਕਾਂਗਰਸ ਸਰਕਾਰ ਨੇ ਲੋਕਤੰਤਰ ਦਾ ਵੀ ਘਾਣ ਕੀਤਾ ਹੈ ਤੇ ਨਗਰ ਕੌਂਸਲ ਚੋਣਾਂ ਦੌਰਾਨ ਧੱਕੇਸ਼ਾਹੀ ਨਾਲ ਅਕਾਲੀ ਵਰਕਰਾਂ ’ਤੇ ਝੂਠੇ ਕੇਸ ਦਰਜ ਕੀਤੇ ਗਏ ਹਨ, ਜਿਸਦਾ ਖਾਮਿਆਜ਼ਾ ਸਰਕਾਰ ਨੂੰ ਅਗਲੀਆਂ ਵਿਧਾਨ ਸਭਾ ਚੋਣਾਂ ਵਿਚ ਭੁਗਤਣਾ ਪਵੇਗਾ। ਇਸ ਮੌਕੇ ਡਿਪਟੀ ਕਮਿਸ਼ਨਰ ਦਫ਼ਤਰ ਸਾਹਮਣੇ ਅਕਾਲੀ ਆਗੂਆਂ ਤੇ ਵਰਕਰਾਂ ਦਾ ਹੜ੍ਹ ਜਮ੍ਹਾ ਸੀ ਤੇ ਰੱਜ ਕੇ ਸੂਬਾ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਉਪਰੰਤ ਅਕਾਲੀ ਆਗੂਆਂ ਵੱਲੋਂ ਡਿਪਟੀ ਕਮਿਸ਼ਨਰ ਅਰਵਿੰਦਪਾਲ ਸਿੰਘ ਸੰਧੂ ਦੇ ਜ਼ਰੀਏ ਪੰਜਾਬ ਸਰਕਾਰ ਦੇ ਨਾਂਅ ਇੱਕ ਮੰਗ ਪੱਤਰ ਵੀ ਭੇਜਿਆ ਗਿਆ। ਆਗੂਆਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਜਲਦੀ ਹੀ ਸਰਕਾਰ ਨੇ ਲੋਕਾਂ ਨਾਲ ਕੀਤੇ ਵਾਅਦੇ ਵਫ਼ਾ ਨਾ ਕੀਤੇ ਤੇ ਅਕਾਲੀ ਵਰਕਰਾਂ ’ਤੇ ਝੂਠੇ ਕੇਸ ਰੱਦ ਨਾ ਕੀਤੇ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਇਸ ਮੌਕੇ ਸਾਬਕਾ ਵਿਧਾਇਕ ਰਿਪਜੀਤ ਸਿੰਘ ਬਰਾੜ, ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਮਿੱਤ ਸਿੰਘ ਬਰਾੜ, ਹਰਪਾਲ ਸਿੰਘ ਬੇਦੀ, ਸਾਬਕਾ ਚੇਅਰਮੈਨ ਮਨਜਿੰਦਰ ਸਿੰਘ, ਜਗਤਾਰ ਸਿੰਘ ਪੱਪੀ, ਜਗਵੰਤ ਸਿੰਘ ਲੰਬੀ, ਸਿਆਸੀ ਸਕੱਤਰ ਬਿੰਦਰ ਗੋਨਿਆਣਾ ਤੋਂ ਇਲਾਵਾ ਭਾਰੀ ਗਿਣਤੀ ’ਚ ਵਰਕਰ ਹਾਜ਼ਰ ਸਨ।
ਇਸੇ ਤਰ੍ਹਾਂ ਗਿੱਦੜਬਾਹਾ ਵਿਖੇ ਸ਼੍ਰੋਮਣੀ ਅਕਾਲੀ ਦਲ ਵਲੋਂ ਹਲਕੇ ਦੇ ਮੁੱਖ ਸੇਵਾਦਾਰ ਹਰਦੀਪ ਸਿੰਘ (ਡਿੰਪੀ) ਢਿਲੋਂ ਦੀ ਅਗਵਾਈ ਹੇਠ ਐਸ.ਡੀ.ਐਮ. ਦਫਤਰ ਦੇ ਬਾਹਰ ( ਮੰਗਦਾ ਹੈ ਪੰਜਾਬ, ਕੈਪਟਨ ਤੋਂ ਹਿਸਾਬ) ਦੇ ਬੈਨਰ ਹੇਠ ਧਰਨਾ ਦਿਤਾ ਗਿਆ ਅਤੇ ਪੰਜਾਬ ਸਰਕਾਰ ਅਤੇ ਵਿਧਾਇਕ ਰਾਜਾ ਵੜਿੰਗ ਦੇ ਵਿਰੁੱਧ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਧਰਨੇ ਨੂੰ ਸੰਬੌਧਨ ਕਰਦੇ ਹੋਏ ਡਿੰਪੀ ਢਿਲੋਂ ਨੇ ਕਿਹਾ ਕਿ ਕੈਪਟਨ ਸਾਹਿਬ ਨੇ ਚੋਣਾਂ ਦੌਰਾਨ ਜਨਤਾ ਨਾਲ ਜੋ ਵਾਅਦੇ ਕੀਤੇ ਸੀ ,ਉਨਾਂ੍ਹ ਵਿੱਚੋਂ ਇੱਕ ਵੀ ਵਾਅਦਾ ਪੂਰਾ ਨਹੀਂ ਹੋਇਆ, ਸਗੋਂ ਕਾਂਗਰਸੀ ਵਿਧਾਇਕਾਂ ਦੀ ਸੈਅ ’ਤੇ ਧੱਕਾ ਕੀਤਾ ਜਾ ਰਿਹਾ ਹੈ। ਡਿੰਪੀ ਢਿੱਲੋਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਪੰਜਾਬ ਵਿੱਚ ਰਾਮ ਰਾਜ ਲਿਆਉਣ ਅਤੇ ਵਿਕਾਸ ਦੇ ਲਈ ਪੰਜਾਬ ਦੇ ਵਿੱਚ ਅਕਾਲੀ ਸਰਕਾਰ ਬਣਾਈ ਜਾਵੇ ਤਾਂ ਕਿ ਪੰਜਾਬ ਤਰੱਕੀ ਦੀਆਂ ਬੁਲੰਦੀਆਂ ਨੂੰ ਛੂਹ ਸਕੇ।
ਇਸ ਤੋਂ ਇਲਾਵਾ ਮਲੋਟ ’ਚ ਸਾਬਕਾ ਵਿਧਾਇਕ ਹਰਪ੍ਰੀਤ ਸਿੰਘ ਕੋਟਭਾਈ ਦੀ ਅਗਵਾਈ ਹੇਠ ਸ੍ਰੀ ਗੁਰੂ ਨਾਨਕ ਦੇਵ ਜੀ ਚੌਂਕ ਵਿਖੇ ਧਰਨਾ ਲਗਾਇਆ ਗਿਆ ਤੇ ਕਾਂਗਰਸ ਸਰਕਾਰ ਖਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ। ਇਸੇ ਤਰ੍ਹਾਂ ਲੰਬੀ ਹਲਕੇ ’ਚ ਸ਼ੋ੍ਰਮਣੀ ਅਕਾਲੀ ਦਲ ਵੱਲੋਂ ਦਿੱਤੇ ਧਰਨੇ ਦੌਰਾਨ ਦਲ ਦੇ ਕੌਮੀ ਮੀਤ ਪ੍ਰਧਾਨ ਤੇਜਿੰਦਰ ਸਿੰਘ ਮਿੱਡੂਖੇੜਾ ਨੇ ਕੈਪਟਨ ਸਰਕਾਰ ਦੀਆਂ ਨੀਤੀਆਂ ਦੀ ਨਿੰਦਾ ਕੀਤੀ ਤੇ ਪ੍ਰਸ਼ਾਸ਼ਨ ਦੇ ਜ਼ਰੀਏ ਪੰਜਾਬ ਸਰਕਾਰ ਲਈ ਮੰਗ ਪੱਤਰ ਵੀ ਭੇਜਿਆ।