ਡਿਪਟੀ ਕਮਿਸ਼ਨਰ ਤੇ ਜ਼ਿਲ੍ਹਾ ਪੁਲਿਸ ਮੁਖੀ ਸਮੇਤ ਵੱਖ-ਵੱਖ ਸ਼ਖ਼ਸੀਅਤਾਂ ਵੱਲੋਂ ਸ਼ਰਧਾਂਜਲੀ ਭੇਂਟ
ਅਮਲੋਹ/ਫ਼ਤਹਿਗੜ੍ਹ ਸਾਹਿਬ, 8 ਮਾਰਚ 2021-ਬੀਤੇ ਦਿਨ ਚੀਨ ਬਾਰਡਰ ’ਤੇ ਸ਼ਹੀਦ ਹੋਏ ਅਮਲੋਹ ਨੇੜਲੇ ਪਿੰਡ ਰਾਏਪੁਰ ਅਰਾਈਆਂ ਦੇ ਵਸਨੀਕ ਤੇ ਭਾਰਤੀ ਫ਼ੌਜ ਦੇ ਨਾਇਕ ਗੁਰਜੰਟ ਸਿੰਘ ਦੇ ਅੰਤਿਮ ਸਸਕਾਰ ਮੌਕੇ ਸਾਰਾ ਪਿੰਡ ਦੇਸ਼ ਭਗਤੀ ਦੇ ਰੰਗ ਵਿੱਚ ਰੰਗਿਆ ਗਿਆ। ਪਰਿਵਾਰ ਨਾਲ ਦੁੱਖ ਦੀ ਘੜੀ ’ਚ ਸ਼ਾਮਲ ਹੋਏ ਹਰ ਸ਼ਖ਼ਸ ਨੇ ਭਾਵੁਕ ਹੁੰਦਿਆਂ ਨਮ ਅੱਖਾਂ ਨਾਲ ਸ਼ਹੀਦ ਨੂੰ ਅੰਤਿਮ ਵਿਦਾਈ ਦਿੱਤੀ। ਸ਼ਹੀਦ ਦੇ ਪਿਤਾ ਸੰਤੋਖ ਸਿੰਘ, ਮਾਤਾ ਚਰਨਜੀਤ ਕੌਰ, ਕੁਲਦੀਪ ਕੌਰ, ਧੀ ਗੁਰਪਾਰਸ ਕੌਰ ਅਤੇ ਪੁੱਤਰ ਸਮਰਜੋਤ ਸਿੰਘ ਨੇ ਸ਼ਹੀਦ ਨੂੰ ਸਲਾਮੀ ਦਿੱਤੀ। ਗੁਰਜੰਟ ਸਿੰਘ ਦੀ ਮਿ੍ਰਤਕ ਦੇਹ ਨੂੰ ਸੜਕ ਰਸਤੇ ਵੱਡੇ ਕਾਫ਼ਲੇ ਨਾਲ ਪਿੰਡ ਲਿਆਂਦਾ ਗਿਆ। ਇਸ ਮਗਰੋਂ ਪੂਰੇ ਸਰਕਾਰੀ ਤੇ ਫ਼ੌਜੀ ਸਨਮਾਨਾਂ ਸਮੇਤ ਧਾਰਮਿਕ ਰਹੁ ਰੀਤਾਂ ਨਾਲ ਨਾਇਕ ਗੁਰਜੰਟ ਸਿੰਘ ਦੀ ਚਿਖਾ ਨੂੰ ਅਗਨੀ ਦਿਖਾਈ ਗਈ। ਇਸ ਮੌਕੇ ਪੰਜਾਬ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਡਿਪਟੀ ਕਮਿਸ਼ਨਰ ਅੰਮਿ੍ਰਤ ਕੌਰ ਗਿੱਲ, ਜ਼ਿਲ੍ਹਾ ਪੁਲੀਸ ਮੁਖੀ ਅਮਨੀਤ ਕੌਂਡਲ, ਐਸ.ਡੀ.ਐਮ. ਅਮਲੋਹ ਆਨੰਦ ਸਾਗਰ ਸ਼ਰਮਾ ਅਤੇ ਡੀ.ਐਸ.ਪੀ. ਅਮਲੋਹ ਸੁਖਵਿੰਦਰ ਸਿੰਘ ਨੇ ਸ਼ਹੀਦ ਦੀ ਦੇਹ ’ਤੇ ਰੀਥ ਰੱਖ ਕੇ ਸ਼ਰਧਾ ਦੇ ਫ਼ੁੱਲ ਭੇਟ ਕੀਤੇ। ਭਾਰਤੀ ਫ਼ੌਜ ਵੱਲੋਂ ਕਰਨਲ ਅਵਿਨ ਉਤੀਆ (ਸੇਨਾ ਮੈਡਲ), ਲੈਫ. ਕਰਨਲ ਵਿਜੈ ਚੌਧਰੀ, ਕੈਪਟਨ ਹਰਮਨਜੀਤ ਸਿੰਘ ਅਤੇ ਨਾਇਬ ਰਸਾਲਦਾਰ ਚੰਦਰ ਪਰਕਾਸ਼ ਨੇ ਰੀਥ ਰੱਖ ਕੇ ਸ਼ਰਧਾਂਜ਼ਲੀ ਅਰਪਿਤ ਕੀਤੀ। ਇਸੇ ਦੌਰਾਨ ਜੀ.ਓ.ਜੀਜ਼ ਦੇ ਇੰਚਾਰਜ ਅਮਰੀਕ ਸਿੰਘ, ਵਿਧਾਇਕ ਰਣਦੀਪ ਸਿੰਘ ਨਾਭਾ ਵੱਲੋਂ ਉਨ੍ਹਾਂ ਦੇ ਨਿੱਜੀ ਸਹਾਇਕ ਰਾਮ ਕਿ੍ਰਸ਼ਨ ਭੱਲਾ ਸਮੇਤ ਵੱਡੀ ਗਿਣਤੀ ਜੀ.ਓ.ਜੀਜ਼ ਨੇ ਸ਼ਹੀਦ ਨੂੰ ਸ਼ਰਧਾਂਜ਼ਲੀ ਦਿੱਤੀ। ਇਸ ਤੋਂ ਪਹਿਲਾਂ ਭਾਰਤੀ ਫ਼ੌਜ ਦੇ ਬਿਗਲਰ ਨੇ ਮਾਤਮੀ ਧੁਨ ਵਜਾਈ ਅਤੇ ਜਵਾਨਾਂ ਨੇ ਹਥਿਆਰ ਉਲਟੇ ਕਰ ਕੇ ਗਾਰਡ ਆਫ਼ ਆਨਰ ਦਿੰਦਿਆਂ ਫ਼ਾਇਰ ਕਰ ਕੇ ਸ਼ਹੀਦ ਨੂੰ ਸਲਾਮੀ ਦਿੱਤੀ। ਫੌਜ ਦੇ ਜਵਾਨਾਂ ਨੇ ਸ਼ਹੀਦ ਦੇ ਤਾਬੂਤ ’ਤੇ ਲਿਪਟਿਆ ਤਿਰੰਗਾ ਝੰਡਾ ਸ਼ਹੀਦ ਦੇ ਪਰਿਵਪਾਰ ਨੂੰ ਸੌਂਪ ਕੇ ਸਲਿਊਟ ਕੀਤਾ। ਇਸ ਮੌਕੇ ਡਿਪਟੀ ਕਮਿਸ਼ਨਰ ਅੰਮਿ੍ਰਤ ਕੌਰ ਗਿੱਲ ਨੇ ਸ਼ਹੀਦ ਦੇ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ ਅਤੇ ਕਿਹਾ ਕਿ ਇਸ ਦੁੱਖ ਦੀ ਘੜੀ ’ਚ ਉਹ ਅਤੇ ਪੰਜਾਬ ਸਰਕਾਰ ਉਹਨਾਂ ਦੇ ਨਾਲ ਖੜ੍ਹੀ ਹੈ।